ਵਿੱਤ ਮੰਤਰੀ ਦੇ ‘ਐਂਟੀ ਸਟੇਟ’ ਬਿਆਨ ਵਿਰੁੱਧ ਮਹਿਲ ਕਲਾਂ ਦੇ ਮੁਲਾਜ਼ਮਾਂ ਨੇ ਰਾਸ਼ਟਰੀ ਝੰਡੇ ਫੜ ਕੇ ਕੀਤਾ ਰੋਸ ਪ੍ਰਗਟ
17 ਅਤੇ 18 ਨੂੰ ਕਲਮਛੋੜ ਹੜਤਾਲ ਦਾ ਐਲਾਨ
ਮਹਿਲ ਕਲਾਂ,11 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪੱਧਰੀ ਸੱਦੇ ’ਤੇ ਐਸ. ਡੀ.
ਮਹਿਲ ਕਲਾਂ,11 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪੱਧਰੀ ਸੱਦੇ ’ਤੇ ਐਸ.ਡੀ.ਐਮ. ਅਤੇ ਤਹਿਸੀਲ ਦਫ਼ਤਰ ਮਹਿਲ ਕਲਾਂ ਦੇ ਮੁਲਾਜ਼ਮਾਂ ਵਲੋਂ ਜਥੇਬੰਦੀ ਦੇ ਜਰਨਲ ਸਕੱਤਰ ਤੇ ਸੁਪਰਡੈਂਟ ਵਿੱਕੀ ਡਾਬਲਾ ਦੀ ਅਗਵਾਈ ਹੇਠ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਹਾਂ ਰੈਲੀ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਨੂੰ ਕਥਿਤ ਤੌਰ ’ਤੇ ‘ਐਂਟੀ ਸਟੇਟ’ ਕਹਿਣ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਹੱਥਾਂ ਵਿਚ ਰਾਸ਼ਟਰੀ ਝੰਡੇ ਫੜ ਕੇ ਨਾਅਰੇਬਾਜ਼ੀ ਕਰਦਿਆਂ ਵਿੱਤ ਮੰਤਰੀ ਤੋਂ ਆਪਣੇ ਬਿਆਨ ਬਦਲੇ ਮੁਆਫ਼ੀ ਮੰਗਣ ਦੀ ਮੰਗ ਕੀਤੀ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਵਿਧਾਨਕ ਅਤੇ ਲੋਕਤੰਤਰਿਕ ਢੰਗ ਨਾਲ ਆਵਾਜ਼ ਉਠਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ‘ਐਂਟੀ ਸਟੇਟ’ ਕਹਿਣਾ ਨਾ ਸਿਰਫ਼ ਮੁਲਾਜ਼ਮ ਵਰਗ ਦਾ ਅਪਮਾਨ ਹੈ, ਸਗੋਂ ਇਸ ਨਾਲ ਉਨ੍ਹਾਂ ਦੇ ਦੇਸ਼ ਪ੍ਰਤੀ ਫ਼ਰਜ਼ ਅਤੇ ਰਾਸ਼ਟਰੀ ਭਾਵਨਾ ’ਤੇ ਵੀ ਸਵਾਲ ਖੜ੍ਹੇ ਹੁੰਦੇ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਾਜ਼ਮਾਂ ਵਲੋਂ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ ਅਤੇ ਸਰਵ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਹੁਣ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਆਪਣੀ ਰਾਸ਼ਟਰੀਅਤਾ ਵੀ ਸਾਬਤ ਕਰਨੀ ਪੈ ਰਹੀ ਹੈ। ਇਸੇ ਤਹਿਤ ਮੁਲਾਜ਼ਮਾਂ ਨੇ ਰਾਸ਼ਟਰੀ ਝੰਡੇ ਆਪਣੇ ਦਫ਼ਤਰੀ ਟੇਬਲਾਂ ਅਤੇ ਸੀਟਾਂ ’ਤੇ ਵੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਮੁਲਾਜ਼ਮ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿੱਤ ਮੰਤਰੀ ਵਲੋਂ ਦਿੱਤਾ ਗਿਆ ਕਥਿਤ ਬਿਆਨ ਵਾਪਸ ਲਿਆ ਜਾਵੇ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਵਲੋਂ 12 ਅਗਸਤ ਤੱਕ ਇਸ ਮਾਮਲੇ ਵਿਚ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ 13 ਅਗਸਤ ਨੂੰ ਸਮੁੱਚੇ ਪੰਜਾਬ ਵਿਚ ਜ਼ਿਲ੍ਹਾ ਪੱਧਰ ’ਤੇ ਰੈਲੀਆ ਂ ਕਰ ਕੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਦੇ ਨਾਲ ਹੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਨੂੰ 15 ਅਗਸਤ ਤੱਕ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਦਿਆਂ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰਨ ਦਾ ਨੋਟਿਸ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਂਝੀ ਤਾਲਮੇਲ ਕਮੇਟੀ, ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਨਾਲ 27 ਅਗਸਤ ਦੀ ਮੀਟਿੰਗ ਤੈਅ ਕਰਨਾ ਮੁਲਾਜ਼ਮ ਮੰਗਾਂ ਨੂੰ ਹੋਰ ਲਟਕਾਉਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨਾਲ ਮੁੱਖ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਪੱਧਰ ’ਤੇ ਹੋਈਆਂ ਕਈ ਮੀਟਿੰਗਾਂ ਜਾਂ ਤਾਂ ਬੇਸਿੱਟਾ ਰਹੀਆਂ ਜਾਂ ਆਖ਼ਰੀ ਮੌਕੇ ’ਤੇ ਰੱਦ ਹੋਈਆਂ, ਜਿਸ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਬੇਭਰੋਸਗੀ ਪੈਦਾ ਹੋਈ ਹੈ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੁੰਦੀ ਤਾਂ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਦੌਰਾਨ ਮੁਲਾਜ਼ਮਾਂ ਦੇ ਵੱਡੇ ਇਕੱਠ ਅਤੇ ਰੋਸ ਨੂੰ ਦੇਖਦਿਆਂ ਤੁਰੰਤ ਮੰਗਾਂ ਮੰਨਣ ਅਤੇ ਮਹਿੰਗਾਈ ਭੱਤਾ ਜਾਰੀ ਕਰਨ ਦਾ ਐਲਾਨ ਕੀਤਾ ਜਾਂਦਾ, ਨਾ ਕਿ 20 ਦਿਨ ਬਾਅਦ ਮੀਟਿੰਗ ਦਾ ਸਮਾਂ ਦਿੱਤਾ ਜਾਂਦਾ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਦਫ਼ਤਰੀ ਕਾਮਿਆਂ ਵਲੋਂ 17 ਅਤੇ 18 ਅਗਸਤ ਨੂੰ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ, ਜਿਸ ਕਾਰਨ ਦਫ਼ਤਰੀ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਜਨਰਲ ਸਕੱਤਰ ਸ੍ਰੀ ਵਿੱਕੀ ਡਾਬਲਾ ਸਮੇਤ ਐਸ.ਡੀ.ਐਮ. ਦਫ਼ਤਰ ਮਹਿਲ ਕਲਾਂ ਅਤੇ ਤਹਿਸੀਲ ਦਫ਼ਤਰ ਦੇ ਮੁਲਾਜ਼ਮ ਹਾਜ਼ਰ ਸਨ। ਇਸ ਮੌਕੇ ਮੈਡਮ ਗੁਰਮੀਤ ਕੌਰ ਸੀਨੀਅਰ ਸਹਾਇਕ, ਸਰਬਜੀਤ ਕੌਰ ਜੂਨੀਅਰ ਸਹਾਇਕ, ਮਨਪ੍ਰੀਤ ਕੌਰ, ਸੰਦੀਪ ਕੌਰ ਕਲਰਕ, ਕਰਨਅਵਤਾਰ ਸਿੰਘ ਪੰਧੇਰ, ਮਨਜੀਤ ਸਿੰਘ, ਜਗਦੇਵ ਸਿੰਘ, ਕਰਨਵੀਰ ਸਿੰਘ, ਮਨਦੀਪ ਸਿੰਘ ਕਲਰਕ ਆਦਿ ਹਾਜ਼ਰ ਸਨ।