ਮਹਿੰਗਾਈ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਜ਼ਿੰਮੇਵਾਰ - ਐਡਵੋਕੇਟ ਗੁਰਮੁੱਖ ਸਿੰਘ
ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ)-ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਗੁਰਮੁਖ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਮੌਜੂਦਾ ਸਮੇਂ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਅਸਮਾਨ ਨੂੰ ਛੂਹ ਰਹੀਆਂ ਹਨ। ਮਹਿੰਗਾਈ ਨੇ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਵਿਗਾੜ ਦਿੱਤਾ ਹੈ ਅਤੇ ਲੋਕਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਦਿਨੋਂ-ਦਿਨ ਮੁਸ਼ਕਲ ਹੁੰਦਾ ਜਾ ਰਿਹਾ ਹੈ।
ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ)-ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਗੁਰਮੁਖ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਮੌਜੂਦਾ ਸਮੇਂ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਅਸਮਾਨ ਨੂੰ ਛੂਹ ਰਹੀਆਂ ਹਨ। ਮਹਿੰਗਾਈ ਨੇ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਵਿਗਾੜ ਦਿੱਤਾ ਹੈ ਅਤੇ ਲੋਕਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਦਿਨੋਂ-ਦਿਨ ਮੁਸ਼ਕਲ ਹੁੰਦਾ ਜਾ ਰਿਹਾ ਹੈ। ਐਡਵੋਕੇਟ ਗੁਰਮੁਖ ਸਿੰਘ ਨੇ ਕਿਹਾ ਕਿ ਚੀਨੀ, ਗੁੜ, ਸ਼ੱਕਰ, ਖਾਣ-ਪੀਣ ਦੀਆਂ ਹੋਰ ਵਸਤਾਂ ਤੋਂ ਲੈ ਕੇ ਰੋਜ਼ਾਨਾ ਲੋੜ ਦੀਆਂ ਚੀਜ਼ਾਂ ਤੱਕ ਦੇ ਭਾਅ ਵਧਣ ਕਾਰਨ ਆਮ ਲੋਕਾਂ ਵਿਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਸਿਰ ’ਤੇ ਹੈ, ਪਰ ਮਹਿੰਗਾਈ ਨੇ ਲੋਕਾਂ ਦੀਆਂ ਖ਼ੁਸ਼ੀਆਂ ’ਤੇ ਵੀ ਅਸਰ ਪਾਉਣਾ ਸ਼ੁਰੂ ਕਰ ਦਿੱਤਾ ਹੈ। ਜੇਕਰ ਸਰਕਾਰਾਂ ਨੇ ਕੀਮਤਾਂ ’ਤੇ ਕਾਬੂ ਪਾਉਣ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਤਾਂ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੀ ਰੌਣਕ ਵੀ ਮਹਿੰਗਾਈ ਦੀ ਮਾਰ ਹੇਠ ਫਿੱਕੀ ਪੈ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਆਰਥਿਕ ਨੀਤੀਆਂ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਸਰਕਾਰਾਂ ਵਲੋਂ ਮੁਫ਼ਤ ਸਹੂਲਤਾਂ ਅਤੇ ਸਬਸਿਡੀਆਂ ਦੇ ਨਾਂਅ ’ਤੇ ਆਪਣੀ ਪਿੱਠ ਥਾਪੜੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਆਮ ਲੋਕਾਂ ਦੀ ਜੇਬ ’ਤੇ ਵਧਦੇ ਟੈਕਸਾਂ ਅਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਸਰਕਾਰਾਂ ਨੂੰ ਸਿਰਫ਼ ਐਲਾਨਾਂ ਅਤੇ ਸਿਆਸੀ ਪ੍ਰਚਾਰ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ , ਬੇਰੁਜ਼ਗਾਰੀ ਅਤੇ ਆਮ ਲੋਕਾਂ ਦੀ ਆਰਥਿਕ ਤੰਗੀ ਅੱਜ ਵੱਡੇ ਮੁੱਦੇ ਬਣ ਚੁੱਕੇ ਹਨ। ਘਰ ਦੀ ਰਸੋਈ ਦਾ ਬਜਟ ਬਣਾਉਣ ਵਾਲੇ ਪਰਿਵਾਰਾਂ ਨੂੰ ਹਰ ਮਹੀਨੇ ਵਧਦੇ ਖ਼ਰਚਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਤੇ ਤੁਰੰਤ ਕਾਬੂ ਪਾਇਆ ਜਾਵੇ, ਜਮਾਂ ਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਪਹਿਲੀ ਜ਼ਿੰਮੇਵਾਰੀ ਲੋਕਾਂ ਨੂੰ ਰਾਹਤ ਦੇਣਾ ਹੈ, ਨਾ ਕਿ ਸਿਰਫ਼ ਸਿ ਆਸੀ ਦਾਅਵੇ ਕਰਨਾ।