ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ...
ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਮਿਲਿਆ ਭਰਵਾਂ ਹੁੰਗਾਰਾ
ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਤਿੰਨੋਂ ਪ੍ਰਮੁੱਖ ਬਾਜ਼ਾਰਾਂ ਸਮੇਤ ਕੱਚਾ ਕਾਲਜ ਰੋਡ, ਪੱਕਾ ਕਾਲਜ ਰੋਡ, ਅਨਾਜ ਮੰਡੀ ਰੋਡ, ਬੱਸ ਸਟੈਂਡ ਰੋਡ ਅਤੇ ਹੋਰਨਾਂ ਮੁੱਖ ਸੜਕਾਂ ’ਤੇ ਜ਼ਿਆਦਾਤਰ ਵਪਾਰਕ ਅਦਾਰੇ ਬੰਦ ਰਹੇ।
ਬ
ਬੰਦ ਪਿਆ ਧਨੌਲਾ ਮੰਡੀ ਦਾ ਬਾਜ਼ਾਰ।
22-08-2026
ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਤਿੰਨੋਂ ਪ੍ਰਮੁੱਖ ਬਾਜ਼ਾਰਾਂ ਸਮੇਤ ਕੱਚਾ ਕਾਲਜ ਰੋਡ, ਪੱਕਾ ਕਾਲਜ ਰੋਡ, ਅਨਾਜ ਮੰਡੀ ਰੋਡ, ਬੱਸ ਸਟੈਂਡ ਰੋਡ ਅਤੇ ਹੋਰਨਾਂ ਮੁੱਖ ਸੜਕਾਂ ’ਤੇ ਜ਼ਿਆਦਾਤਰ ਵਪਾਰਕ ਅਦਾਰੇ ਬੰਦ ਰਹੇ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਪ੍ਰਾਈਵੇਟ ਸਕੂਲ ਵੀ ਬੰਦ ਰਹੇ, ਜਦਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਬੰਦ ਰਹਿਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਜੋੜੇ ਪੰਪਾਂ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸਦਰ ਬਾਜ਼ਾਰ ਸਥਿਤ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਪਹੁੰਚਿਆ। ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਸਰਕਾਰਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਰੋਸ ਮਾਰਚ ਦੌਰਾਨ ਸੰਬੋਧਨ ਕਰਦਿਆਂ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਜਨਰਲ ਸਕੱਤਰ ਗੁਰਜੰਟ ਸਿੰਘ ਕੱਟੂ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਗੁਰਤੇਜ ਸਿੰਘ ਦਾਨਗੜ੍ਹ, ਕ੍ਰਾਂਤੀਕਾਰ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਪਵਿੱਤਰ ਸਿੰਘ ਲਾਲੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਜਥੇਦਾਰ ਜਰਨੈਲ ਸਿੰਘ ਭੋਤਨਾ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਈ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘਾਂ ਨੂੰ 30-30 ਸਾਲ ਬੀਤ ਜਾਣ ਦੇ ਬਾਵਜੂਦ ਜੇਲ੍ਹਾਂ ਵਿਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਲੰਬਾ ਸਮਾਂ ਜੇਲ੍ਹਾਂ ਵਿਚ ਗੁਜ਼ਾਰਨ ਵਾਲੇ ਇਨ੍ਹਾਂ ਬੰਦੀਆਂ ਨੂੰ ਪੈਰੋਲ ਵਰਗੀਆਂ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਸਬੰਧੀ ਸਰਕਾਰਾਂ ਨੂੰ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਮਨੁੱਖੀ ਅਧਿਕਾਰਾਂ ਅਤੇ ਕਾਨੂੰਨੀ ਪੱਖ ਤੋਂ ਵਿਚਾਰਦਿਆਂ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਜੇਕਰ ਸਰਕਾਰਾਂ ਨੇ ਸਾਡੀ ਮੰਗ ਨਾ ਮੰਨੀ ਅਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਹੋਰ ਵੀ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਆਗੂਆਂ ਨੇ ਸ਼ਹਿਰ ਬਰਨਾਲਾ ਵਾਸੀਆਂ ਅਤੇ ਦੁਕਾਨਦਾਰਾਂ ਦਾ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰ: ਬਲਦੇਵ ਸਿੰਘ, ਉੱਤਮ ਬਾਂਸਲ, ਪਿਆਰਾ ਲਾਲ, ਦੀਪਕ ਸਿੰਗਲਾ, ਬੀਬੀ ਭੁਪਿੰਦਰਜੀਤ ਕੌਰ, ਮਨਜੀਤ ਸਿੰਘ ਸੰਘੇੜਾ , ਨਛੱਤਰ ਸਿੰਘ ਨੰਬਰਦਾਰ, ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ। ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਨੂੰ ਮਹਿਲ ਕਲਾਂ ’ਚ ਮਿਲਿਆ ਭਰਵਾਂ ਹੁੰਗਾਰਾ, ਧਰਨਾ ਦੇ ਕੇ ਕੀਤਾ ਚੱਕਾ ਜਾਮ ਮਹਿਲ ਕਲਾਂ, (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਮਹਿਲ ਕਲਾਂ ਵਿਚ ਭਰਵਾਂ ਹੁੰਗਾਰਾ ਮਿਲਿਆ। ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਮੁੱਖ ਮਾਰਗ ’ਤੇ ਧਰਨਾ ਲਾ ਕੇ ਚੱਕਾ ਜਾਮ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਅਵਤਾਰ ਸਿੰਘ ਰਾਏਸਰ, ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਡੱਕ ਕੇ ਰੱਖਣਾ ਸ਼ਰ੍ਹੇਆਮ ਮਨੁੱਖੀ ਅਧਿਕਾਰਾਂ ਦਾ ਘਾਣ ਅਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਾਨੂੰਨ ਅਨੁਸਾਰ ਤੈਅ ਮਿਆਦ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟਣ ਦੇ ਬਾਵਜੂਦ ਸਿੱਖ ਕੈਦੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਲਾਕ ਪ੍ਰਧਾਨ ਸਤਨਾਮ ਸਿੰਘ ਖ਼ਾਲਸਾ ਅਤੇ ਹੋਰ ਬੁਲਾਰਿਆਂ ਨੇ ਕੌਮੀ ਇਨਸਾਫ਼ ਮੋਰਚੇ ਦੀਆਂ ਪ੍ਰਮੁੱਖ ਮੰਗਾਂ ਨੂੰ ਉਭਾਰਦਿਆਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਬੰਦੀ ਸਿੰਘਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਹੱਕੀ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ, ਪ੍ਰਧਾਨ ਗਗਨਦੀਪ ਸਿੰਘ ਸਰਾਂ, ਜਗਵਿੰਦਰ ਸਿੰਘ ਸਹੌਰ, ਗਿਆਨ ਸਿੰਘ ਛਾਪਾ, ਜਗਸੀਰ ਸਿੰਘ ਛੀਨੀਵਾਲ, ਜਗਸੀਰ ਸਿੰਘ ਸੰਧੂ ਅਤੇ ਗੁਰਮੀਤ ਸਿੰਘ ਮਾਹਮਦਪੁਰ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸਵੇਰੇ 8 ਵਜੇ ਬਲਾਕ ਪ੍ਰਧਾਨ ਸਤਨਾਮ ਸਿੰਘ ਖ਼ਾਲਸਾ, ਵਰਿੰਦਰ ਸਿੰਘ ਟਿਵਾਣਾ ਨੇ ਸਾਥੀਆਂ ਸਮੇਤ ਮੁੱਖ ਸੜਕ ’ਤੇ ਬੈਰੀਕੇਡਿੰਗ ਕਰ ਕੇ ਆਵਾਜਾਈ ਠੱਪ ਕਰ ਦਿੱਤੀ। ਇਸ ਦੌਰਾਨ ਮੌਕੇ ’ਤੇ ਮੌਜੂਦ ਪੁਲਿਸ ਕਰਮੀਆਂ ਨਾਲ ਤਿੱਖੀ ਬਹਿਸ ਹੋਈ, ਜਿਸ ਮਗਰੋਂ ਕੁੱਝ ਸਮੇਂ ਲਈ ਟਰੈਫ਼ਿਕ ਬਹਾਲ ਕਰਵਾਈ ਗਈ। ਹਾਲਾਂਕਿ ਵੱਖ-ਵੱਖ ਪਿੰਡਾਂ ਤੋਂ ਜਥੇਬੰਦਕ ਆਗੂਆਂ ਦੇ ਪਹੁੰਚਣ ਮਗਰੋਂ ਮੁੜ ਚੱਕਾ ਜਾਮ ਕਰ ਦਿੱਤਾ ਗਿਆ, ਜੋ ਦੁਪਹਿਰ 2 ਵਜੇ ਤੱਕ ਲਗਾਤਾਰ ਜਾਰੀ ਰਿਹਾ। ਇਸ ਮੌਕੇ ਨਾਨਕ ਸਿੰਘ, ਰਣਜੀਤ ਸਿੰਘ ਚੰਨਣਵਾਲ, ਮੇਜਰ ਸਿੰਘ ਮਹਿਲ ਖ਼ੁਰਦ, ਸਤਪਾਲ ਜੇਠੀ ਰਾਏਸਰ, ਕੁਲਦੀਪ ਸਿੰਘ ਕਾਲੀ, ਬਿੰਦਰ ਸਿੰਘ ਚੰਨਣਵਾਲ, ਰੇਸ਼ਮ ਸਿੰਘ ਚੰਨਣਵਾਲ, ਜਸਵੀਰ ਸਿੰਘ ਟਿੱਬਾ, ਬਰਜਿੰਦਰ ਸਿੰਘ ਕੁਤਬਾ, ਬੱਗਾ ਸਿੰਘ ਰਾਏਸਰ, ਹਰਨੇਕ ਸਿੰਘ ਕੁਤਬਾ, ਜਗਸੀਰ ਸਿੰਘ ਖ਼ਿਆਲੀ, ਬੇਅੰਤ ਸਿੰਘ ਗਾਗੇਵਾਲ, ਸਤਪਾਲ ਸਿੰਘ ਸੋਹੀ, ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਆਗੂ ਮੁਕੰਦ ਸਿੰਘ ਜਗਦੇ, ਬੁੱਧ ਸਿੰਘ ਕਲਸੀ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਬੰਦ ਦੌਰਾਨ ਸਥਾਨਕ ਦੁਕਾਨਦਾਰਾਂ ਤੇ ਵਪਾਰੀਆਂ ਵਲੋਂ ਮਿਲੇ ਪੂਰਨ ਸਹਿਯੋਗ ਸਦਕਾ ਮਹਿਲ ਕਲਾਂ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ ਰਹੇ। ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ ’ਤੇ ਸ਼ਹਿਣਾ ਰਿਹਾ ਮੁਕੰਮਲ ਬੰਦ ਸ਼ਹਿਣਾ, (ਸੁਰੇਸ਼ ਗੋਗੀ)-ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ’ਤੇ ਅੱਜ ਇਸ ਨੂੰ ਸਫਲ ਬਣਾਉਣ ਲਈ ਮੇਨ ਬਾਜ਼ਾਰ ਸ਼ਹਿਣਾ ਵਿਖੇ ਭਾਰਤੀਆਂ ਜਥੇਬੰਦੀਆਂ ਵਲੋਂ ਇਕੱਠ ਕਰ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਬੱਬੂ ਪੰਧੇਰ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਚੜੂਨੀ, ਲਖਵੀਰ ਸਿੰਘ ਮਠਾੜੂ ਬਲਾਕ ਪ੍ਰਧਾਨ ਵਾਰਿਸ ਪੰਜਾਬ, ਗੁਰਪ੍ਰੀਤ ਸਿੰਘ ਗਿੱਲ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਬੇਅੰਤ ਸਿੰਘ ਸਰਾਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਦਵਿੰਦਰ ਕੌਰ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਹੁਣ ਤੱਕ ਰਿਹਾਅ ਨਹੀਂ ਕੀਤਾ ਗਿਆ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਕੌਮ ਨਾਲ ਵੱਡਾ ਧੋਖਾ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸਮੱਗਲਰ ਅਤੇ ਕਤਲ ਸ਼ਰੇਆਮ ਪੰਜਾਬ ਦੀਆਂ ਸੜਕਾਂ ’ਤੇ ਘੁੰਮ ਰਹੇ ਹਨ ਪ੍ਰੰਤੂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਜੇਲ੍ਹਾਂ ਵਿਚ ਨਜਾਇਜ਼ ਤੌਰ ’ਤੇ ਰੱਖਿਆ ਹੋਇਆ ਹੈ ਜਿਸ ਦੀ ਅਸੀਂ ਨਿੰਦਾ ਕਰਦੇ ਹਾਂ, ਆਗੂਆਂ ਨੇ ਕਿਹਾ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਮਾਤਾ ਆਖ਼ਰੀ ਸਾਹਾਂ ’ਤੇ ਹੈ ਉਸ ਨੂੰ ਵੀ ਪੈਰੋਲ ਦੇਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਲੱਗੀ ਹੋਈ ਹੈ, ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਸਿੱਖ ਜਥੇਬੰਦੀਆਂ ਤੇ ਕੀਤੇ ਗਏ ਤਸ਼ੱਦਦ ’ਤੇ ਪੰਜਾਬ ਸਰਕਾਰ ਦੀ ਚੁੱਪ ਤੋਂ ਸਪਸ਼ਟ ਹੁੰਦਾ ਹੈ ਕਿ ਇਹ ਇਹ ਸਰਕਾਰ ਪੰਜਾਬ ਦੇ ਸਿੱਖਾਂ ਦੀ ਦੁਸ਼ਮਣ ਸਰਕਾਰ ਹੈ। ਇਸ ਮੌਕੇ ਬਲਜੀਤ ਸਿੰਘ ਆਜ਼ਾਦ, ਰੌਸ਼ਨ ਲਾਲ ਸ਼ਰਮਾ, ਸਾਹਿਬਦੀਨ, ਮਿੱਟੂ ਜੱਸਲ, ਸੀਰਾ ਖੱਟੜਾ, ਲਖਵੀਰ ਸਿੰਘ ਖਾਲਸਾ, ਮੱਘਰ ਸਿੰਘ ਖਾਲਸਾ , ਸੇਵਕ ਸਿੰਘ, ਭਲਵਾਨ ਸਿੰਘ, ਰੂਪ ਸਿੰਘ ਢਿੱਲੋਂ ਪੰਚਾਇਤ ਮੈਂਬਰ, ਸੁਸ਼ੀਲ ਕੁਮਾਰ ਭੋਲਾ, ਸੁਰਜੀਤ ਸਿੰਘ ਕਾਕਾ, ਭੋਲਾ ਸਿੰਘ, ਕਰਨੈਲ ਸਿੰਘ, ਬੀਰਾ ਹਲਵਾਈ, ਸਰਬਜੀਤ ਸਿੰਘ ਸਰਬਾ, ਲਵਲੀ, ਜਸਵੀਰ ਸਿੰਘ, ਜੱਸੀ ਗਿੱਲ ਕੋਠੇ, ਚੈਰੀ ਗੋਸਲ ਪੰਚਾਇਤ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। (ਬਾਕੀ ਸਫ਼ਾ 8 ’ ਤੇ ) ਤਪਾ ’ਚ ਪੰਜਾਬ ਬੰਦ ਨੂੰ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ ਤਪਾ ਮੰਡੀ, (ਪ੍ਰਵੀਨ ਗਰਗ)-ਤਪਾ ਵਿਖੇ ਕੌਮੀ ਇਨਸਾਫ਼ ਮੋਰਚਾ ਦੀ ਮੰਗ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦੇ ਚੱਲਦਿਆਂ ਤਪਾ ਵਿਖੇ ਪੰਜਾਬ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਤਪਾ ਦਾ ਅੰਦਰਲੇ ਬੱਸ ਸਟੈਂਡ ਤੋਂ ਲੈ ਕੇ ਬਾਹਰਲੇ ਬੱਸ ਸਟੈਂਡ ਤੱਕ ਦੁਕਾਨਾਂ ਪੂਰਨ ਤੌਰ ’ਤੇ ਬੰਦ ਰਹੀਆਂ, ਜਦਕਿ ਦੂਜੇ ਪਾਸੇ ਸਦਰ ਬਾਜ਼ਾਰ, ਅੰਦਰਲੀ ਅਨਾਜ ਮੰਡੀ ਵਿਚ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਰਹੀਆਂ। ਮਿੰਨੀ ਬੱਸਾਂ ਦੇ ਨਾਲ ਹੋਰ ਆਵਾਜਾਈ ਪੂਰਨ ਤੌਰ ’ਤੇ ਬੰਦ ਦਿਖਾਈ ਦਿੱਤੀ, ਜਦਕਿ ਆਮ ਸ਼ਹਿਰੀ ਬਾਜ਼ਾਰਾਂ ’ਚ ਟਹਿਲਦੇ ਹੋਏ ਨਜ਼ਰ ਆਏ। ਇਸ ਸਬੰਧੀ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ ਨੇ ਕਿਹਾ ਕਿ ਇਲਾਕੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੁਲਿਸ ਵਲੋਂ ਸ਼ਹਿਰ ਸ਼ਹਿਰ ਅੰਦਰ ਪੂਰੀ ਤਰ੍ਹਾਂ ਗਸ਼ਤ ਜਾਰੀ ਹੈ। ਉਨ੍ਹਾਂ ਆਖਿਆ ਕਿ ਕਿਸੇ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਜਾਂ ਜਨਤਕ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਲੋਕਾਂ, ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਪ੍ਰਬੰਧਕਾਂ ਨੂੰ ਸ਼ਾਂਤੀ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਸਮਰਥਨ ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਕਸਬਾ ਰੂੜੇਕੇ ਕਲਾਂ ਤੇ ਆਸ ਪਾਸ ਦੇ ਪਿੰਡਾਂ ’ਚ ਭਰਵਾ ਸਮਰਥਨ ਮਿਲਿਆ। ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਰੂੜੇਕੇ ਕਲਾਂ, ਧੌਲਾ, ਪੱਖੋ ਕਲਾਂ ਦੇ ਦੁਕਾਨਦਾਰਾਂ ਵਲੋਂ ਸਮੂਹ ਦੁਕਾਨਾਂ ਤੇ ਬਾਜ਼ਾਰ ਬੰਦ ਕਰ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਬੰਦ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਕਸਬਾ ਭਦੌੜ ’ਚ ਬੰਦ ਨੂੰ ਭਰਵਾਂ ਹੁੰਗਾਰਾ ਭਦੌੜ, (ਵਿਨੋਦ ਕਲਸੀ, ਰਜਿੰਦਰ ਬੱਤਾ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਇਲਾਕੇ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਉਕਾਂਰ ਸਿੰਘ ਬਰਾੜ ਦੀ ਅਗਵਾਈ ਹੇਠ ਬਾਜ਼ਾਰਾਂ ਵਿਚ ਦੁਕਾਨਦਾਰਾਂ ਨੂੰ ਬੰਦ ਵਿਚ ਸਹਿਯੋ ਗ ਦੇਣ ਦੀ ਅਪੀਲ ਕੀਤੀ ਗਈ। ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਬੰਦ ਨੂੰ ਸਮਰਥਨ ਦਿੰਦਿਆਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ। ਉਕਾਂਰ ਸਿੰਘ ਬਰਾੜ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਲੰਮੇ ਸਮੇਂ ਤੋਂ ਲਟਕ ਰਿਹਾ ਹੈ ਅਤੇ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੋਕਾਂ ਤੱਕ ਪਹੁੰਚਾਉਣਾ ਜ਼ਰੂਰੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੋਕਾਂ ਵਿਚ ਲੰਮੇ ਸਮੇਂ ਤੋਂ ਰੋਸ ਹੈ ਅਤੇ ਸਰਕਾਰ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਇਸ ਮੌਕੇ ਤਰਸੇਮ ਸਿੰਘ ਜੈਦ, ਪਰਵਿੰਦਰ ਸਿੰਘ ਬੱਬੂ, ਅਰਸ਼ਦੀਪ ਸਿੰਘ, ਹਰਦੇਵ ਸਿੰਘ, ਰਣਜੀਤ ਸਿੰਘ, ਅਮਨਦੀਪ ਸਿੰਘ ਵਿਧਾਤੇ ਆਦਿ ਹਾਜ਼ਰ ਸਨ। ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਧਨੌਲਾ ਵਿਖੇ ਬੰਦ ਨੂੰ ਰਲਵਾਂ ਮਿਲਵਾ ਹੁੰਗਾਰਾ ਧਨੌਲਾ, (ਜਤਿੰਦਰ ਸਿੰਘ ਧਨੌਲਾ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। ਮੰਡੀ ਦੇ ਬਾਜ਼ਾਰ ਦੀਆਂ ਦੁਕਾਨਾਂ ਤਕਰੀਬਨ ਬੰਦ ਰਹੀਆਂ। ਸਿੱਖ ਜਥੇਬੰਦੀਆਂ ਨੇ ਕੁੱਝ ਖੁੱਲ੍ਹੀਆਂ ਦੁਕਾਨਾਂ ਵਾਲਿਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਕੇ ਵੀ ਦੁਕਾਨਾਂ ਬੰਦ ਕਰਵਾਈਆਂ। ਸੀਨੀਅਰ ਆਗੂ ਗੁਰਜੰਟ ਸਿੰਘ ਭਾਊ ਅਤੇ ਮਹਿੰਦਰਪਾਲ ਸਿੰਘ ਦਾਨਗੜ੍ਹ ਦੀ ਯੋਗ ਰਹਿਨੁਮਾਈ ਹੇਠ ਬਡਬਰ ਟੋਲ ਪਲਾਜ਼ਾ ਵੀ ਕੁੱਝ ਸਮੇਂ ਲਈ ਬੰਦ ਕੀਤਾ ਗਿਆ। ਬੰਦ ਦਾ ਸੱਦਾ ਪਹਿਲਾਂ ਤੋਂ ਹੀ ਦਿੱਤਾ ਹੋਣ ਕਰ ਕੇ ਟੋਲ ਪਲਾਜ਼ਾ ’ਤੇ ਬਹੁਤਾ ਭੀੜ ਭੜੱਕਾ ਨਹੀਂ ਰਿਹਾ ਤੇ ਨਾ ਹੀ ਕੋਈ ਅਣਸੁਖਾਵੀਂ ਘਟਨਾ ਵਾਪਰੀ। ਗੱਲਬਾਤ ਕਰਦਿਆਂ ਮਹਿੰਦਰਪਾਲ ਸਿੰਘ ਦਾਨਗੜ੍ਹ ਨੇ ਆਖਿਆ ਕਿ 2027 ਵਿਚ ਸਿੱਖ ਜਥੇਬੰਦੀਆਂ ਦਾ ਫ਼ਰਜ਼ ਬਣਦਾ ਕਿ ਉਹ ਮਿਲ ਬੈਠ ਕੇ ਆਪਣੀ ਸਰਕਾਰ ਬਣਾਉਣ ਅਤੇ 31-31 ਸਾਲ ਦੀਆਂ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ੁਦ ਫ਼ੈਸਲੇ ਲੈਣ ਦੇ ਸਮਰੱਥ ਬਣਨ। ਗਿਲਾ ਪ੍ਰਗਟ ਕਰਦਿਆਂ ਉਨ੍ਹਾਂ ਆਖਿਆ ਕਿ ਸਿੱਖ ਜਥੇਬੰਦੀਆਂ ਦਾ ਆਪਸ ਵਿਚ ਮਜ਼ਬੂਤ ਤਾਲਮੇਲ ਨਾ ਹੋਣ ਕਰ ਕੇ ਅਜਿਹੇ ਵਰਤਾਰੇ ਸਹਿਣੇ ਪੈ ਰਹੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਖੁੱਡੀ, ਦਰਸ਼ਨ ਸਿੰਘ ਮੰਡੇਰ, ਕੋਮਲ ਢਿੱਲੋਂ, ਗੁਰਮੁਖ ਸਿੰਘ ਤੋਂ ਇਲਾਵਾ ਹੋਰ ਵੀ ਨੌਜਵਾਨ ਆਗੂ ਸ਼ਾਮਿਲ ਸਨ।