ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ
ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਵਿਸ਼ੇਸ਼ ਚੈਕਿੰਗ ਟੀਮ ਵਲੋਂ ਜ਼ਿਲ੍ਹੇ ਵਿਚ ‘ਸੇਫ਼ ਸਕੂਲ ਵਾਹਨ ਪਾਲਿਸੀ’ ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ 13 ਸਕੂਲੀ ਬੱਸਾਂ ਅਜਿਹੀਆਂ ਪਾਈਆਂ ਗਈਆਂ ਜੋ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਜਿਸ ਕਾਰਨ ਮੌਕੇ ’ਤੇ ਹੀ ਉਨ੍ਹਾਂ ਦੇ ਚਲਾਨ ਕੱਟੇ ਗਏ।
ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਵਿਸ਼ੇਸ਼ ਚੈਕਿੰਗ ਟੀਮ ਵਲੋਂ ਜ਼ਿਲ੍ਹੇ ਵਿਚ ‘ਸੇਫ਼ ਸਕੂਲ ਵਾਹਨ ਪਾਲਿਸੀ’ ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ 13 ਸਕੂਲੀ ਬੱਸਾਂ ਅਜਿਹੀਆਂ ਪਾਈਆਂ ਗਈਆਂ ਜੋ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਜਿਸ ਕਾਰਨ ਮੌਕੇ ’ਤੇ ਹੀ ਉਨ੍ਹਾਂ ਦੇ ਚਲਾਨ ਕੱਟੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵਲੋਂ ਸਮੇਂ-ਸਮੇਂ ’ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਡਰਾਈਵਰਾਂ ਨੂੰ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਵਾਹਨਾਂ ਵਿਚ ਸੀ.ਸੀ.ਟੀ.ਵੀ. ਕੈਮਰੇ, ਖਿੜਕੀਆਂ ’ਤੇ ਲੋਹੇ ਦੀਆਂ ਗਰਿੱਲਾਂ, ਫ਼ਸਟ ਏਡ ਬਾਕਸ, ਲੇਡੀ ਕੰਡਕਟਰ ਦੀ ਮੌਜੂਦਗੀ, ਅੱਗ ਬੁਝਾਊ ਯੰਤਰ, ਡਰਾਈਵਰ ਦਾ ਵੈਧ ਲਾਇਸੈਂਸ ਆਦਿ ਪ੍ਰਬੰਧ ਹੋਣੇ ਲਾਜ਼ਮੀ ਹਨ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਕਈ ਵਾਰ ਸਕੂਲ ਪ੍ਰਿੰਸੀਪਲਾਂ ਵਲੋਂ ਇਹ ਕਹਿ ਕੇ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਸਕੂਲ ਦੀ ਆਪਣੀ ਕੋਈ ਵੈਨ ਨਹੀਂ ਹੈ ਅਤੇ ਸਾਰੀਆਂ ਵੈਨਾਂ ਪ੍ਰਾਈਵੇਟ ਕੰਟਰੈੱਕਟਰਾਂ ਵਲੋਂ ਚਲਾਈਆਂ ਜਾ ਰਹੀਆਂ ਹਨ। ਪ੍ਰਸ਼ਾਸਨ ਵਲੋਂ ਸਖ਼ਤ ਤਾੜਨਾ ਕੀਤੀ ਗਈ ਹੈ ਕਿ ਸੇਫ਼ ਸਕੂਲ ਵਾਹਨ ਪਾਲਿਸੀ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਮੁੱਖ ਜ਼ਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੀ ਹੈ। ਇਸ ਲਈ ਇਹ ਮੈਨੇਜਮੈਂਟ ਦੀ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਠੇਕੇ ’ਤੇ ਚੱਲਣ ਵਾਲੀਆਂ ਵੈਨਾਂ ਨੂੰ ਵੀ ਪਾਲਿਸੀ ਤਹਿਤ ਢੁਕਵਾਂ ਬਣਾਉਣ। ਟੀਮ ਵਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਥਰੀ-ਵਹੀਲਰ ਜਾਂ ਆਟੋ ਰਿਕਸ਼ਾ ਵਿਚ ਬੱਚਿਆਂ ਨੂੰ ਸਕੂਲ ਲਿਆਉਣ ਅਤੇ ਛੱਡਣ ’ਤੇ ਵੀ ਮੁਕੰਮਲ ਪਾਬੰਦੀ ਹੈ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਵਾਰ-ਵਾਰ ਜਾਗਰੂਕ ਕਰਨ ਦੇ ਬਾਵਜੂਦ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਹੁਣ ਸਖ਼ਤੀ ਵਰਤੀ ਜਾਵੇਗੀ ਅਤੇ ਇਹ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹੇਗਾ। ਚੈਕਿੰਗ ਟੀਮ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬਾਲ ਸੁਰੱਖਿਆ ਅਫ਼ਸਰ ਰੁਪਿੰਦਰ ਸਿੰਘ ਰੰਧਾਵਾ, ਟਰਾਂਸਪੋਰਟ ਵਿਭਾਗ ਵਲੋਂ ਏ.ਐਸ.ਆਈ. ਗੁਰਚਰਨ ਸਿੰਘ (ਟਰੈਫ਼ਿਕ ਐਜੂਕੇਸ਼ਨ ਸੈੱਲ ਬਰਨਾਲਾ) ਅਤੇ ਸਿੱਖਿਆ ਵਿਭਾਗ ਵਲੋਂ ਰਮਨਦੀਪ ਸਿੰਘ ਤੇ ਗੁਰਦੀਪ ਸਿੰਘ ਰਾਏਸਰ ਸ਼ਾਮਿਲ ਸਨ।