ਸੂਬਾ ਸਰਕਾਰ ਨੇ ਡਰੱਗ ਮਾਫ਼ੀਆ ਅੱਗੇ ਕੀਤਾ ਆਤਮ-ਸਮਰਪਣ-ਜਥੇਦਾਰ ਗੜਗੱਜ
ਮਹਿਲ ਕਲਾਂ, 25 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੂਹ ਸੰਗਤ ਵਲੋਂ ਪਿੰਡ-ਪਿੰਡ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਦਾ ਹੋਕਾ ਦਿੱਤਾ ਜਾ ਰਿਹਾ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਅੱਜ ਵੀ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਮਹਿਲ ਕਲਾਂ, 25 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੂਹ ਸੰਗਤ ਵਲੋਂ ਪਿੰਡ-ਪਿੰਡ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਦਾ ਹੋਕਾ ਦਿੱਤਾ ਜਾ ਰਿਹਾ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਅੱਜ ਵੀ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਨਸ਼ਾ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ ਤਾਂ ਆਖ਼ਰ ਇਹ ਖੁੱਲ੍ਹੇਆਮ ਵਿਕ ਕਿਵੇਂ ਰਿਹਾ ਹੈ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਨਾ ਕਿਸੇ ਪੱਧਰ ’ਤੇ ਵੱਡੀ ਸਿਆਸੀ ਅਤੇ ਪ੍ਰਸ਼ਾਸਨਿਕ ਸ਼ਹਿ ਹਾਸਲ ਹੈ। ਉਨ੍ਹਾਂ ਕਿਹਾ ਕਿ 24 ਘੰਟਿਆਂ ਵਿਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਸਪਲਾਈ ਚੇਨ ਤੋੜਨ ਦੇ ਦਾਅਵੇ ਜ਼ਮੀਨ ’ਤੇ ਕਿਤੇ ਨਜ਼ਰ ਨਹੀਂ ਆਉਂਦੇ, ਸਗੋਂ ਸੂਬਾ ਸਰਕਾਰ ਨੇ ਨਸ਼ਾ ਮਾਫ਼ੀਆ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ, ਜਿਸ ਕਾਰਨ ਨਸ਼ੇ ਦੀ ਹੋਮ ਡਲਿਵਰੀ ਤੱਕ ਬੇਰੋਕ-ਟੋਕ ਜਾਰੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਨਾ ਸਿਰਫ਼ ਪੁੱਤ ਸਗੋਂ ਧੀਆਂ ਵੀ ਇਸ ਭਿਆਨਕ ਲਾਹਨਤ ਦਾ ਸ਼ਿਕਾਰ ਹੋ ਰਹੀਆਂ ਹਨ, ਇਸ ਲਈ ਸਮਾਜ ਨੂੰ ਨਸ਼ਾ ਵੇਚਣ ਵਾਲਿਆਂ ਦਾ ਪੂਰਨ ਸਮਾਜਿਕ ਬਾਈਕਾਟ ਕਰਨਾ ਪਵੇਗਾ, ਕਿਉਂਕਿ ਉਹ ਸਮੁੱਚੀ ਕੌਮ ਤੇ ਪੰਜਾਬੀਅਤ ਦੇ ਦੁਸ਼ਮਣ ਹਨ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਬਾਹਰਲੇ ਮੁਲਕਾਂ ਵਿਚ 40-40 ਲੱਖ ਰੁਪਏ ਲਾ ਕੇ ਏਜੰਟਾਂ ਹੱਥੋਂ ਠੱਗੇ ਜਾਣ ਅਤੇ ਤਣਾਅ ਵਿਚ ਜਿਊਣ ਦੀ ਬਜਾਏ ਪੰਜਾਬ ਦੀ ਧਰਤੀ ’ਤੇ ਹੀ ਕਿਰਤ ਕਰਨ, ਬੱਚਿਆਂ ਨੂੰ ਉੱਚ ਵਿੱਦਿਆ ਦਿਵਾਉਣ ਅਤੇ ਗੁਰਬਾਣੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਪੰਜਾਬੀਆਂ ਅਤੇ ਖ਼ਾਸਕਰ ਸਿੱਖ ਕੌਮ ਦੀ ਘੱਟ ਰਹੀ ਆਬਾਦੀ ਉੱਤੇ ਚਿੰਤਾ ਜ਼ਾਹਿਰ ਕਰਦਿਆਂ ਧੀਆਂ-ਪੁੱਤਾਂ ਦੇ ਬਰਾਬਰ ਸਤਿਕਾਰ ਅਤੇ ਪਰਿਵਾਰਕ ਤੇ ਸਮਾਜਿਕ ਰਿਸ਼ਤਿਆਂ ਦੀ ਮਿਠਾਸ ਨੂੰ ਬਚਾਉਣ ਦਾ ਸੱਦਾ ਦਿੱਤਾ। ਅੰਤ ਵਿਚ ਉਨ੍ਹਾਂ ਸਮੂਹ ਪੰਥਕ ਧਿਰਾਂ ਨੂੰ ਜਾਤ-ਪਾਤ ਦੇ ਭੇਦਭਾਵ ਮਿਟਾ ਕੇ ਇੱਕ ਝੰਡੇ ਥੱਲੇ ਇਕੱਠੇ ਹੋਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਪ੍ਰਧਾਨ ਸ਼ੇਰ ਸਿੰਘ ਖ਼ਾਲਸਾ , ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।