‘ ਮਿਸ਼ਨ ਕਲੀਨ ਪੰਜਾਬ’ ਲੋਕ ਭਾਗੀਦਾਰੀ ਨਾਲ ਸਾਫ਼ ਤੇ ਸਿਹਤਮੰਦ ਪੰਜਾਬ ਬਣਾਉਣ ਵੱਲ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਹੈ - ਵਿਧਾਇਕ ਉੱਗੋਕੇ
ਤਪਾ ਮੰਡੀ, 31 ਅਗਸਤ (ਪ੍ਰਵੀਨ ਗਰਗ)-ਮਿਸ਼ਨ ਕਲੀਨ ਪੰਜਾਬ ਸਿਰਫ਼ ਸਫ਼ਾਈ ਮੁਹਿੰਮ ਨਹੀਂ, ਬਲਕਿ ਲੋਕ ਭਾਗੀਦਾਰੀ ਨਾਲ ਸਾਫ਼ ਤੇ ਸਿਹਤਮੰਦ ਪੰਜਾਬ ਬਣਾਉਣ ਵੱਲ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਦੇ ਬਾਹਰਲੇ ਬੱਸ ਸਟੈਂਡ ਨਜ਼ਦੀਕ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਗੱਲਬਾਤ ਦੌਰਾਨ ਕੀਤਾ।
ਤਪਾ ਮੰਡੀ, 31 ਅਗਸਤ (ਪ੍ਰਵੀਨ ਗਰਗ)-ਮਿਸ਼ਨ ਕਲੀਨ ਪੰਜਾਬ ਸਿਰਫ਼ ਸਫ਼ਾਈ ਮੁਹਿੰਮ ਨਹੀਂ, ਬਲਕਿ ਲੋਕ ਭਾਗੀਦਾਰੀ ਨਾਲ ਸਾਫ਼ ਤੇ ਸਿਹਤਮੰਦ ਪੰਜਾਬ ਬਣਾਉਣ ਵੱਲ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਦੇ ਬਾਹਰਲੇ ਬੱਸ ਸਟੈਂਡ ਨਜ਼ਦੀਕ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਇਲਾਕੇ ਨੂੰ ਹੋਰ ਸਾਫ਼ ਸੁਥਰਾ ਤੇ ਸੁੰਦਰ ਬਣਾਉਣ ’ਚ ਪ੍ਰਭਾਵਸ਼ਾਲੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਤਪਾ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਨਗਰ ਕੌਂਸਲਾਂ ਜਾਂ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੇ ਕਾਰੋਬਾਰੀ ਅਦਾਰਿਆਂ ਦੇ ਨਾਲ-ਨਾਲ ਜਨਤਕ ਸਥਾਨਾਂ ਦੀ ਸਫ਼ਾਈ ਪ੍ਰਤੀ ਵੀ ਜ਼ਿੰਮੇਵਾਰੀ ਨਿਭਾਉਣ ਅਤੇ ਗਿੱਲਾ ਤੇ ਸੁੱਕਾ ਕੂੜਾ ਨਿਰਧਾਰਿਤ ਥਾਵਾਂ ’ਤੇ ਹੀ ਦੇਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ ਅਤੇ ਸਮੁੱਚੇ ਕੌਂਸਲਰਾਂ ਸਮੇਤ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਸ਼ਹਿਰ ’ਚ ਮੌਜੂਦ ਮੇਨ ਪੁਆਇੰਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਪੋਰਟਲ ਰਾਹੀਂ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਦੌਰਾਨ ਹਲਕਾ ਵਿਧਾਇਕ ਨੇ ਸਫ਼ਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਧਰਮਪਾਲ ਸ਼ਰਮਾ, ਕੌਂਸਲਰ ਹੈਪੀ ਸਿੰਘ, ਰਵੀ ਮੌੜ, ਰਾਜ ਮਾਰਕੰਡਾ, ਸਰਪੰਚ ਹਰਚਰਨ ਸਿੰਘ ਜੰਡਸਰ, ਮੇਲਾ ਕਾਲੀਆ, ਜੀਨੂੰ, ਲਵਦੀਪ ਸਿੰਘ ਆਦਿ ਨਗਰ ਕੌਂਸਲ ਦੇ ਸਮੂਹ ਮੁਲਾਜ਼ਮ ਅਤੇ ਸਫ਼ਾਈ ਕਰਮਚਾਰੀ ਹਾਜ਼ਰ ਸਨ।