ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ ਪੱਧਰੀ ਮੁਕਾਬਲੇ ਸ਼ੁਰੂ
ਬਰਨਾਲਾ, 9 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4’ ਕਰਵਾਈਆਂ ਜਾ ਰਹੀਆਂ ਹਨ । ਜਿਨ੍ਹਾਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਗਏ ਹਨ।
ਬਰਨਾਲਾ, 9 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4’ ਕਰਵਾਈਆਂ ਜਾ ਰਹੀਆਂ ਹਨ । ਜਿਨ੍ਹਾਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ ਸਮਾਪਤ ਹੋ ਗਏ ਹਨ ਅਤੇ ਬਲਾਕ ਸ਼ਹਿਣਾ ਦੇ ਮੁਕਾਬਲੇ 10 ਤੇ 11 ਸਤੰਬਰ ਅਤੇ ਬਲਾਕ ਬਰਨਾਲਾ ਦੇ ਮੁਕਾਬਲੇ 14 ਅਤੇ 15 ਸਤੰਬਰ ਨੂੰ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਵਿਚ 9 ਉਮਰ ਵਰਗ ਵਿਚ 38 ਖੇਡਾਂ ਤੇ 1 ਪ੍ਰਦਰਸ਼ਨੀ ਖੇਡ (ਟੈਨਿਸ ਬਾਲ ਕ੍ਰਿਕਟ) ਅਤੇ 4 ਪੈਰਾ ਸਪੋਰਟਸ ਖੇਡਾਂ ਦੇ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਉੱਤੇ ਕਰਵਾਏ ਜਾ ਰਹੇ ਹਨ। ਮੁੰਡਿਆਂ ਤੇ ਕੁੜੀਆਂ ਦੇ ਮੁਕਾਬਲੇ ਹੋਣਗੇ। ਜੇਤੂਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਅਤੇ ਗ੍ਰਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ। 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ। ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਲਾਕ ਪੱਧਰ ਦੀਆ 7 ਖੇਡਾਂ ਦੇ ਜੇਤੂਆਂ ਤੋਂ ਇਲਾਵਾ 21 ਹੋਰ ਖੇਡਾਂ ਸਿੱਧੀਆਂ ਜ਼ਿਲ੍ਹਾ ਪੱਧਰ ਉੱਤੇ ਨਵੀਆਂ ਸ਼ਾਮਿਲ ਹੋਣਗੀਆਂ। ਜ਼ਿਲ੍ਹਾ ਪੱਧਰ ਉੱਤੇ ਕੁੱਲ 28 ਖੇਡਾਂ ਦੇ ਮੁਕਾਬਲੇ ਹੋਣਗੇ। ਨਵੀਆਂ 21 ਖੇਡਾਂ ਵਿਚ ਹੈਡਬਾਲ, ਸਾਫਟਬਾਲ, ਜੂਡੋ, ਗਤੱਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ ਉੱਤੇ ਜ਼ਿਲ੍ਹਾ ਪੱਧਰ ਦੀਆ 28 ਖੇਡਾਂ ਦੇ ਜੇਤੂਆਂ ਤੋਂ ਇਲਾਵਾ 10 ਹੋਰ ਖੇਡਾਂ ਸਿੱਧੀਆਂ ਸੂਬਾ ਪੱਧਰ ਉੱਤੇ ਨਵੀਆਂ ਸ਼ਾਮਿਲ ਹੋਣਗੀਆਂ। ਸੂਬਾ ਪੱਧਰ ਉੱਤੇ ਕੁੱਲ 38 ਖੇਡਾਂ ਦੇ ਮੁਕਾਬਲੇ ਹੋਣਗੇ। ਨਵੀਆਂ 10 ਖੇਡਾਂ ਵਿਚ ਜਿਮਨਾਸਟਿਕ, ਰੋਇੰਗ, ਕੈਕਿੰਗ ਕੈਨੋਵਿੰਗ, ਵੁਸ਼ੂ, ਰਗਬੀ, ਸਾਈਕਲਿੰਗ, ਘੁੜਸਵਾਰੀ, ਤਾਇਕਵਾਡੋ, ਬੇਸਬਾਲ ਅਤੇ ਕਰਾਟੇ ਸ਼ਾਮਿਲ ਹਨ। ਪੈਰਾ ਖੇਡਾਂ ਦੇ ਮੁਕਾਬਲੇ 25 ਤੋਂ 28 ਨਵੰਬਰ ਤੱਕ ਹੋਣਗੇ। ਪੈਰਾ ਖੇਡਾਂ ਵਿਚ ਪੈਰਾ ਪਾਵਰ ਲਿਫ਼ਟਿੰਗ, ਪੈਰਾ ਬੈਡਮਿੰਟਨ ਅਤੇ ਵੀਲ੍ਹਚੇਅਰ ਬਾਸਕਟਬਾਲ, ਪੈਰਾ ਅਥਲੈਟਿਕਸ ਸ਼ਾਮਿਲ ਹਨ।