ਯੂਨੀਵਰਸਿਟੀ ਕਾਲਜ ਵਿਖੇ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਯੂ. ਜੀ.
ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਯੂ.ਜੀ.ਸੀ. ਸਕੇਲ ਅਤੇ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਬਣਦੀ ਤਨਖ਼ਾਹ ਲਾਗੂ ਕਰਵਾਉਣ ਸਮੇਤ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਇਸ ਵਾਰੇ ਸੰਜੀਦਗੀ ਨਹੀਂ ਦਿਖਾਈ ਜਾ ਰਹੀ। ਜਿਸ ਦੇ ਪੰਜਾਬੀ ਯੂਨੀਵਰਸਿਟੀ ਦੇ 13 ਕਾਂਸੀਚੂਐਂਟ ਕਾਲਜਾਂ ਸਮੇਤ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾ: ਸੁਖਰਾਜ ਸਿੰਘ, ਡਾ: ਹਰਪ੍ਰੀਤ ਕੌਰ, ਲਵਪ੍ਰੀਤ ਸਿੰਘ, ਡਾ: ਗਗਨਦੀਪ ਕੌਰ, ਡਾ: ਜਸਵਿੰਦਰ ਕੌਰ, ਡਾ: ਪੂਸ਼ਾ ਗਰਗ ਵਲੋਂ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕਾਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਯੂ.ਜੀ.ਸੀ. ਨਿਯਮਾਂ ਅਤੇ ਅਦਾਲਤ ਦੇ ਆਦੇਸ਼ਾਂ ਅਨੁਸਾਰ ਬਣਦੇ ਤਨਖ਼ਾਹ ਹੱਕ ਨਹੀਂ ਦਿੱਤੇ ਜਾ ਰਹੇ। ਕਾਲਜ ਅਧਿਆਪਕਾਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਕਾਂਸੀਚੂਐਂਟ ਕਾਲਜ ਪੰਜਾਬ ਦੇ ਪੇਂਡੂ ਅਤੇ ਮਾਲਵਾ ਖੇਤਰਾਂ ਵਿਚ ਵਿਦਿਆਰਥੀਆਂ ਨੂੰ ਮਿਆਰੀ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਬਾਵਜੂਦ ਲੰਮੇ ਸਮੇਂ ਤੋਂ ਕੰਟਰੈਕਟ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾਉਣਾ ਅਤੇ ਉਨ੍ਹਾਂ ਨੂੰ ਘੱਟ ਤਨਖ਼ਾਹਾਂ ’ਤੇ ਕੰਮ ਕਰਨ ਲਈ ਮਜਬੂਰ ਕਰਨਾ ਅਧਿਆਪਕ ਵਰਗ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਯੂਨੀਵਰਸਿਟੀ ਵਲੋਂ ਹਾਈਕੋਰਟ ਦੇ ਆਦੇਸ਼ਾਂ ਨੂੰ ਵੀ ਲਾਗੂ ਨਹੀਂ ਕੀਤਾ ਜਾਂਦਾ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅਧਿਆਪਕਾਂ ਨੇ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਹੋਰ ਲਟਕਾਉਣ ਦੀ ਬਜਾਏ ਤੁਰੰਤ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ ਅਤੇ ਯੂ.ਜੀ.ਸੀ. ਸਕੇਲ ਅਤੇ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਬਣਦੀ ਤਨਖ਼ਾਹ ਲਾਗੂ ਕੀਤੀ ਜਾਵੇ।