ਨਗਰ ਨਿਗਮ ਮੇਅਰ ਵਲੋਂ ਕਮਿਸ਼ਨਰ ਨੂੰ ਪੱਤਰ ਲਿਖੇ ਜਾਣ ਦੇ ਡੇਢ ਮਹੀਨੇ ਬਾਅਦ ਵੀ ਸੜਕ ਦੀ ਨਹੀਂ ਹੋਈ ਮੁਰੰਮਤ
ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਸ਼ਹਿਰ ਦੇ ਕੱਚਾ ਕਾਲਜ ਰੋਡ ’ਤੇ ਪ੍ਰੀਮਿਕਸ ਪਾਏ ਜਾਣ ਦੇ ਮਹਿਜ਼ 15 ਦਿਨਾਂ ਬਾਅਦ ਹੀ ਸੜਕ ਨੂੰ ਜੇ. ਸੀ.
ਕ
ਕੱਚਾ ਕਾਲਜ ਰੋਡ ਉਪਰ ਸੜਕ ਪੁੱਟੇ ਜਾਣ ਤੋਂ ਬਾਅਦ ਪਏ ਵੱਡੇ ਟੋਏ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਸ਼ਹਿਰ ਵਾਸੀ। ਤਸਵੀਰ : ਰਿੰਪੀ ਸਟੂਡੀਓ
12-10-2026
ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਸ਼ਹਿਰ ਦੇ ਕੱਚਾ ਕਾਲਜ ਰੋਡ ’ਤੇ ਪ੍ਰੀਮਿਕਸ ਪਾਏ ਜਾਣ ਦੇ ਮਹਿਜ਼ 15 ਦਿਨਾਂ ਬਾਅਦ ਹੀ ਸੜਕ ਨੂੰ ਜੇ.ਸੀ.ਬੀ. ਮਸ਼ੀਨ ਨਾਲ ਪੁੱਟ ਦਿੱਤੇ ਜਾਣ ਦੇ ਮਾਮਲੇ ਵਿਚ ਭਾਵੇਂਕਿ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ ਕਮਿਸ਼ਨਰ ਨੂੰ ਸਬੰਧਤ ਵਿਅਕਤੀਆਂ, ਠੇਕੇਦਾਰਾਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਸੜਕ ਨੂੰ ਤੁਰੰਤ ਪਹਿਲਾਂ ਵਾਲੀ ਹਾਲਤ ਵਿਚ ਬਹਾਲ ਕਰਨ ਲਈ ਪੱਤਰ ਲਿਖਿਆ ਗਿਆ ਸੀ, ਪਰ ਪੱਤਰ ਲਿਖੇ ਜਾਣ ਦੇ ਡੇਢ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਸੜਕ ਦੀ ਮੁਰੰਮਤ ਕਰਵਾਈ ਗਈ ਹੈ ਅਤੇ ਨਾ ਹੀ ਇਸ ਮਾਮਲੇ ਵਿਚ ਕਿਸੇ ਜ਼ਿੰਮੇਵਾਰ ਵਿਅਕਤੀ ਜਾਂ ਅਧਿਕਾਰੀ ਖ਼ਿਲਾਫ਼ ਕਾਰਵਾਈ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 23 ਅਗਸਤ ਨੂੰ ਕੱਚਾ ਕਾਲਜ ਰੋਡ ’ਤੇ ਸਰਕਾਰੀ ਹਾਈ ਸਕੂਲ ਵੱਲ ਮੁੜਦੀ ਸੜਕ ਨੂੰ ਜੇ.ਸੀ.ਬੀ. ਮਸ਼ੀਨ ਨਾਲ ਪੁੱਟ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ 24 ਅਗਸਤ ਨੂੰ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੜਕ ਪੁੱਟੇ ਜਾਣ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਸੜਕ ਪੁੱਟਣ ਲਈ ਜ਼ਿੰਮੇਵਾਰ ਵਿਅਕਤੀਆਂ, ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਸਰਕਾਰੀ ਖ਼ਜ਼ਾਨੇ ਨੂੰ ਹੋਏ ਨੁਕਸਾਨ ਦੀ ਭਰਪਾਈ ਵੀ ਜ਼ਿੰਮੇਵਾਰ ਵਿਅਕਤੀਆਂ ਤੋਂ ਨਿਯਮਾਂ ਅਨੁਸਾਰ ਕਰਵਾਉਣ ਅਤੇ ਸੜਕ ਨੂੰ ਬਿਨਾਂ ਕਿਸੇ ਦੇਰੀ ਦੇ ਪਹਿਲਾਂ ਵਾਲੀ ਹਾਲਤ ਵਿਚ ਬਹਾਲ ਕਰਨ ਕਿਹਾ ਗਿਆ ਸੀ। ਪਰ ਪੱਤਰ ਲਿਖੇ ਜਾਣ ਤੋਂ ਬਾਅਦ ਕੀ ਕਾਰਵਾਈ ਕੀਤੀ ਗਈ, ਇਸ ਬਾਰੇ ਅਜੇ ਤੱਕ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ। ਜਦੋਂ ਇਸ ਮਾਮਲੇ ਸਬੰਧੀ ਮੇਅਰ ਹਸਨਪ੍ਰੀਤ ਭਾਰਦਵਾਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਕਮਿਸ਼ਨਰ ਤੋਂ ਪਤਾ ਕਰਨਗੇ ਕਿ ਇਸ ਮਾਮਲੇ ਵਿਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਟੋਇਆ ਵੱਡਾ ਹੋਣ ਕਾਰਨ ਰਾਹਗੀਰਾਂ ਲਈ ਵਧਿਆ ਖ਼ਤਰਾ-ਕੈਪਟਨ ਸਿੱਧੂ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਇਸ ਮਾਮਲੇ ਨੂੰ ਲੈ ਕੇ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਦਾ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹੁੰਦੇ ਤਾਂ ਮੇਅਰ ਵਲੋਂ ਸੜਕ ਪੁੱਟੇ ਜਾਣ ਸਬੰਧੀ ਲਿਖੇ ਪੱਤਰ ’ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਅਤੇ ਟੁੱਟੀ ਹੋਈ ਸੜਕ ਦੀ ਮੁਰੰਮਤ ਕਰਵਾਉਣ ਵਿਚ ਦੇਰੀ ਨਾ ਕੀਤੀ ਜਾਂਦੀ। ਕੈਪਟਨ ਸਿੱਧੂ ਨੇ ਕਿਹਾ ਕਿ ਸੜਕ ਪੁੱਟੇ ਜਾਣ ਕਾਰਨ ਟੋਇਆ ਵੱਡਾ ਹੋ ਗਿਆ, ਜੋ ਰਾਹਗੀਰਾਂ ਲਈ ਖਤਰਾ ਬਣ ਗਿਆ ਹੈ। ਸ਼ਹਿਰ ਵਾਸੀ ਹਿਮਾਂਸ਼ੂ ਬਾਂਸਲ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਅਤੇ ਹਰਦੀਪ ਆਦਿ ਨੇ ਕਿਹਾ ਕਿ ਸੜਕ ਪੁੱਟ ਜਾਣ ਤੋਂ ਬਾਅਦ ਇਸ ਦੀ ਮੁੜ ਮੁਰੰਮਤ ਨਾ ਹੋਣ ਕਾਰਨ ਰੋਜ਼ਾਨਾ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ। ਬੀਤੇ ਦਿਨ ਇਸ ਟੋਏ ਕਾਰਨ ਸਵਾਰੀਆਂ ਨਾਲ ਭਰਿਆ ਆਟੋ ਵੀ ਪਲਟ ਗਿਆ ਸੀ ਪਰ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਦੀ ਤੁਰੰਤ ਮੁਰਮੰਤ ਕਰਵਾਈ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੱਡੇ ਹਾਦਸੇ ਤੋਂ ਬਚਾਅ ਰਹਿ ਸਕੇ।