ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸੰਬੰਧੀ ਪਹੁੰਚੀ ਪ੍ਰਸ਼ਾਸਨਿਕ ਟੀਮ ਦਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਘਿਰਾਓ
ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਣ ਅਤੇ ਕਾਰਵਾਈ ਕਰਨ ਲਈ ਪਹੁੰਚੀ ਪ੍ਰਸ਼ਾਸਨਿਕ ਟੀਮ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪਿੰਡ ਵਾਸੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਗ਼ੁੱਸੇ ਵਿਚ ਆਏ ਕਿਸਾਨਾਂ ਨੇ ਟੀਮ ਦਾ ਘਿਰਾਓ ਕਰ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਣ ਅਤੇ ਕਾਰਵਾਈ ਕਰਨ ਲਈ ਪਹੁੰਚੀ ਪ੍ਰਸ਼ਾਸਨਿਕ ਟੀਮ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪਿੰਡ ਵਾਸੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਗ਼ੁੱਸੇ ਵਿਚ ਆਏ ਕਿਸਾਨਾਂ ਨੇ ਟੀਮ ਦਾ ਘਿਰਾਓ ਕਰ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਚੀਮਾ ਜ਼ਿਲ੍ਹਾ ਆਗੂ ਡਕੌਂਦਾ, ਦਰਸ਼ਨ ਸਿੰਘ ਚੀਮਾ ਬਲਾਕ ਪ੍ਰਧਾਨ ਉਗਰਾਹਾਂ, ਜਗਦੇਵ ਸਿੰਘ ਚੀਮਾ ਆਗੂ ਡਕੌਂਦਾ ਧਨੇਰ, ਗੋਗੀ ਚੀਮਾ ਇਕਾਈ ਪ੍ਰਧਾਨ ਅਤੇ ਹਰਬੰਸ ਸਿੰਘ ਹਰੀ ਬਲਾਕ ਆਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਜਿੱਥੇ ਕਿਸਾਨ ਜਥੇਬੰਦੀਆਂ ਨੇ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਚਾਰ ਵਜੇ ਤੋਂ ਬਾਅਦ ਦਾ ਸਮਾ ਮਿਥਿਆ ਸੀ, ਉੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਗੱਲ ਹੋਈ ਸੀ ਕਿ ਕਿਸੇ ਵੀ ਕਿਸਾਨ ’ਤੇ ਪਰਾਲੀ ਮਾਮਲੇ ਨੂੰ ਲੈ ਕੇ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾਵੇਗੀ, ਪਰ ਪ੍ਰਸ਼ਾਸਨ ਵਲੋਂ ਜਿੱਥੇ ਪਿੰਡ ਦੇ ਕੁੱਝ ਕਿਸਾਨਾਂ ’ਤੇ ਪਰਚੇ ਦਰਜ ਕਰ ਦਿੱਤੇ ਗਏ ਹਨ, ਉੱਥੇ ਲਗਾਤਾਰ ਕਿਸਾਨਾਂ ਨੂੰ ਖੇਤਾਂ ਵਿਚ ਪਹੁੰਚ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਅੱਜ ਵੀ ਟੀਮ ਵਲੋਂ ਖੇਤੀਬਾੜੀ ਵਿਭਾਗ ਅਤੇ ਹੋਰ ਵਿਭਾਗ ਦੇ ਅਧਿਕਾਰੀਆਂ ਦੀ ਇਕ ਸਾਂਝੀ ਟੀਮ ਪਿੰਡ ਚੀਮਾ ਦੇ ਬਖਤਗੜ੍ਹ ਰੋਡ ਦੇ ਖੇਤਾਂ ਵਿਚ ਨਿਰੀਖਣ ਕਰਨ ਲਈ ਪਹੁੰਚੀ ਸੀ। ਜਿਵੇਂ ਹੀ ਇਸ ਦੀ ਭਿਣਕ ਪਿੰਡ ਦੇ ਕਿਸਾਨਾਂ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਲੱਗੀ, ਤਾਂ ਵੱਡੀ ਗਿਣਤੀ ਵਿਚ ਕਿਸਾਨ ਮੌਕੇ ’ਤੇ ਇਕੱਠੇ ਹੋ ਗਏ ਅਤੇ ਅਧਿਕਾਰੀਆਂ ਨੂੰ ਘੇਰ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ ਲੋੜੀਂਦੀ ਮਸ਼ੀਨਰੀ ਅਤੇ ਢੁਕਵਾਂ ਮੁਆਵਜ਼ਾ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਸਰਕਾਰ ਹੁਣ ਅਧਿਕਾਰੀਆਂ ਨੂੰ ਭੇਜ ਕੇ ਕਿਸਾਨਾਂ ’ਤੇ ਪਰਚੇ ਦਰਜ ਕਰਨ, ਜੁਰਮਾਨੇ ਲਗਾਉਣ ਅਤੇ ਜ਼ਮੀਨਾਂ ਦੀਆਂ ਫ਼ਰਦਾਂ ਵਿਚ ਲਾਲ ਐਂਟਰੀਆਂ ਪਾਉਣ ਵਰਗੇ ਹੱਥਕੰਡੇ ਵਰਤ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕਿਸਾਨ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਜਾਂ ਜੁਰਮਾਨਾ ਕੀਤਾ ਗਿਆ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਦੇਵ ਸਿੰਘ ਨੰਬਰਦਾਰ, ਮੇਜਰ ਸਿੰਘ ਭੰਗੂ, ਨਛੱਤਰ ਸਿੰਘ, ਭੋਲਾ ਸਿੰਘ, ਕਾਲਾ ਸਿੰਘ ਜਾਗਲ, ਪਾਲ ਸਿੰਘ, ਨਵੀ ਸਿੰਘ, ਗੁਰਪ੍ਰੀਤ ਸਿੰਘ, ਦੀਪ ਸਿੰਘ, ਗੋਗਾ ਸਿੰਘ ਥਿੰਦ, ਪਾਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਮਾਹੌਲ ਨੂੰ ਤਣਾਅਪੂਰਨ ਹੁੰਦਾ ਦੇਖ ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਕਰਮਜੀਤ ਸਿੰਘ ਅਗਵਾਈ ਵਿਚ ਟੀਮ ਵੀ ਪਹੁੰਚ ਗਈ ਸੀ ਅਤੇ ਖ਼ਬਰ ਲਿਖੇ ਜਾਣ ਤੱਕ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਵਲੋਂ ਟੀਮ ਦਾ ਘਿਰਾਓ ਜਾਰੀ ਸੀ।