29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੋਇਆਬੀਨ ਦੀ ਫ਼ਸਲ ਨੂੰ ਕੀੜੇ-ਮਕੌੜਿਆਂ ਤੋਂ ਕਿਵੇਂ ਬਚਾਈਏ?

Ad Position 21
No active advertisement
ਅਜੀਤ ਡੈਸਕ 02-06-2026

ਸੋਇਆਬੀਨ 'ਗੋਲਡਨ ਬੀਨ' ਦੇ ਨਾਂਅ ਨਾਲ ਜਾਣੀ ਜਾਣ ਵਾਲੀ ਇਕ ਅਹਿਮ ਫਲੀਦਾਰ ਫ਼ਸਲ ਹੈ, ਜਿਸ ਨੂੰ ਫ਼ਸਲੀ ਵਿਭਿੰਨਤਾ ਲਈ ਚੰਗੇ ਰੂਪ 'ਚ ਵਰਤਿਆ ਜਾ ਸਕਦਾ ਹੈ। ਇਸ ਫ਼ਸਲ ਵਿਚ ਤਕਰੀਬਨ 40% ਪ੍ਰੋਟੀਨ ਤੇ 20% ਤੇਲ ਦੀ ਮਾਤਰਾ ਪਾਈ ਜਾਂਦੀ ਹੈ। ਇਸ ਫ਼ਸਲ ਦੀਆਂ ਜੜ੍ਹਾਂ ਹਵਾ 'ਚੋਂ ਨਾਈਟ੍ਰੋਜਨ ਜ਼ਮੀਨ ਵਿਚ ਜਮ੍ਹਾਂ ਕਰਦੀਆਂ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਪੰਜਾਬ ਵਿਚ ਝੋਨਾ-ਕਣਕ ਫ਼ਸਲੀ ਚੱਕਰ ਕਈ ਦਹਾਕਿਆਂ ਤੋਂ ਚਲਦਾ ਆ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ। ਸੋਇਆਬੀਨ ਫਸਲੀ ਵਿਭਿੰਨਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀ ਹੈ। ਸੋਇਆਬੀਨ ਦੀ ਫ਼ਸਲ ਨੂੰ ਕੀੜੇ-ਮਕੌੜਿਆਂ ਤੋਂ ਬਚਾਉਣ ਲਈ ਹੇਠ ਲਿਖੀਆਂ ਖੇਤੀ ਵਿਗਿਆਨਕ ਵਿਧੀਆਂ ਅਪਣਾਉਣੀਆਂ ਚਾਹੀਦੀਆਂ ਹਨ।
ਕੀੜੇ-ਮਕੌੜਿਆਂ ਦੀ ਰੋਕਥਾਮ
ਸੋਇਆਬੀਨ 'ਤੇ ਥਰਿੱਪ ਦਾ ਹਮਲਾ ਬੜਾ ਗੰਭੀਰ ਹੁੰਦਾ ਹੈ। ਇਹ ਕੀੜਾ ਬਹੁਤ ਛੋਟਾ, ਗੂੜ੍ਹੇ ਭੂਰੇ ਰੰਗ ਦਾ ਹੁੰਦਾ ਹੈ ਜੋ ਕਿ ਫੁੱਲਾਂ ਦਾ ਰਸ ਚੂਸਦਾ ਹੈ। ਇਸ ਦੇ ਹਮਲੇ ਨਾਲ ਫੁੱਲ ਖੁੱਲ੍ਹਣ ਤੋਂ ਪਹਿਲਾਂ ਹੀ ਝੜ ਜਾਂਦੇ ਹਨ। ਫਲੀਆਂ ਘੱਟ ਪੈਂਦੀਆਂ ਹਨ ਅਤੇ ਦਾਣਿਆਂ 'ਤੇ ਮਾੜਾ ਅਸਰ ਪੈਂਦਾ ਹੈ। ਇਸ ਦੇ ਹਮਲੇ ਕਾਰਨ ਝਾੜ ਬਹੁਤ ਘਟ ਜਾਂਦਾ ਹੈ ਅਤੇ ਕਈ ਵਾਰ ਸਾਰੀ ਦੀ ਸਾਰੀ ਫ਼ਸਲ ਵੀ ਤਬਾਹ ਹੋ ਜਾਂਦੀ ਹੈ। ਇਸ ਦੀ ਰੋਕਥਾਮ ਲਈ ਫ਼ਸਲ ਵਿਚ ਫੁੱਲ ਪੈਣ ਵੇਲੇ 30 ਨੀਲੇ ਟਰੈਪ ਪ੍ਰਤੀ ਏਕੜ ਦੇ ਹਿਸਾਬ ਨਾਲ ਲਗਾਓ। ਜੇਕਰ ਜ਼ਰੂਰਤ ਪਵੇ ਤਾਂ ਟਰੈਪ ਨੂੰ 10 ਦਿਨਾਂ ਬਾਅਦ ਬਦਲੋ ਜਾਂ ਫਸਲ ਵਿਚ ਫੁੱਲ ਪੈਣ ਵੇਲੇ 1750 ਮਿਲੀਲਿਟਰ ਘਰ ਵਿਚ ਬਣਾਏ ਹੋਏ ਨਿੰਮ ਦੇ ਘੋਲ ਨੂੰ 80-100 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਨਿੰਮ ਦੇ ਘੋਲ ਨੂੰ ਤਿਆਰ ਕਰਨ ਲਈ 5.0 ਕਿਲੋ ਨਿੰਮ ਦੇ ਪੱਤੇ ਅਤੇ ਨਿਮੋਲੀਆਂ ਦੇ ਮਿਸ਼ਰਣ ਨੂੰ 10 ਲਿਟਰ ਪਾਣੀ ਵਿਚ 30 ਮਿੰਟ ਲਈ ਉਬਾਲੋ। ਇਸ ਘੋਲ ਨੂੰ ਕੱਪੜ-ਛਾਣ ਕਰ ਲਓ ਅਤੇ ਤਰਲ ਨੂੰ ਸਿਫ਼ਾਰਸ਼ ਕੀਤੀ ਮਾਤਰਾ ਮੁਤਾਬਿਕ ਛਿੜਕਾਅ ਕਰੋ। ਫ਼ਲੀ ਛੇਦਕ ਸੁੰਡੀ ਫ਼ਸਲ ਦੇ ਪੱਤੇ, ਡੋਡੀਆਂ ਅਤੇ ਫੁੱਲਾਂ ਨੂੰ ਖਾਂਦੀ ਹੈ ਅਤੇ ਫ਼ਸਲ ਦਾ ਭਾਰੀ ਨੁਕਸਾਨ ਕਰਦੀ ਹੈ। ਪੂਰੀ ਪਲੀ ਸੁੰਡੀ 3-5 ਸੈਂਟੀਮੀਟਰ ਲੰਮੀ ਹੁੰਦੀ ਹੈ। ਇਸ ਦਾ ਰੰਗ ਹਰਾ, ਪੀਲਾ, ਭੂਰਾ ਜਾਂ ਕਾਲਾ ਵੀ ਹੋ ਸਕਦਾ ਹੈ ਅਤੇ ਇਸ ਦੇ ਸਰੀਰ ਦੇ ਦੋਹਾਂ ਵੱਖੀਆਂ ਵੱਲ ਲੰਮੀਆਂ ਧਾਰੀਆਂ ਹੁੰਦੀਆਂ ਹਨ। ਇਸ ਦੇ ਹਮਲੇ ਦਾ ਪਤਾ ਨੁਕਸਾਨ ਵਾਲੇ ਪੱਤੇ, ਫ਼ਲੀਆਂ ਵਿਚ ਮੋਰੀਆਂ, ਬੂਟਿਆਂ ਹੇਠਾਂ ਜ਼ਮੀਨ ਉੱਤੇ ਗੂੜ੍ਹੇ ਹਰੇ ਰੰਗ ਦੀਆਂ ਬਿੱਠਾਂ ਤੋਂ ਲੱਗਦਾ ਹੈ। ਜੇਕਰ ਹਮਲੇ ਵਾਲੇ ਬੂਟੇ ਨੂੰ ਜ਼ੋਰ ਨਾਲ ਹਿਲਾਇਆ ਜਾਵੇ ਤਾਂ ਇਹ ਸੁੰਡੀਆਂ ਬੂਟੇ ਤੋਂ ਹੇਠਾਂ ਜ਼ਮੀਨ 'ਤੇ ਡਿੱਗ ਪੈਂਦੀਆਂ ਹਨ। ਤੰਬਾਕੂ ਸੁੰਡੀ ਇਕ ਬਹੁ-ਫ਼ਸਲੀ ਕੀੜਾ ਹੈ। ਛੋਟੀਆਂ ਸੁੰਡੀਆਂ ਕਾਲੇ ਰੰਗ ਦੀਆਂ ਹੁੰਦੀਆਂ ਹਨ ਅਤੇ ਵੱਡੀਆਂ ਸੁੰਡੀਆਂ ਦਾ ਰੰਗ ਗੂੜ੍ਹਾ ਹਰਾ ਹੁੰਦਾ ਹੈ, ਜਿਨ੍ਹਾਂ 'ਤੇ ਕਾਲੇ ਰੰਗ ਦੇ ਤਿਕੌਣੇ ਧੱਬੇ ਹੁੰਦੇ ਹਨ। ਇਸ ਦੇ ਪਤੰਗੇ ਪੱਤਿਆਂ ਦੇ ਹੇਠਲੇ ਪਾਸੇ ਝੁੰਡਾਂ ਵਿਚ ਆਂਡੇ ਦਿੰਦੇ ਹਨ ਜਿਹੜੇ ਕਿ ਭੂਰੇ ਵਾਲਾਂ ਨਾਲ ਢਕੇ ਹੁੰਦੇ ਹਨ। ਅੰਡਿਆਂ ਵਿਚੋਂ ਨਿਕਲਣ ਤੋਂ ਬਾਅਦ ਛੋਟੀਆਂ ਸੁੰਡੀਆਂ ਝੁੰਡਾਂ ਵਿਚ ਪੱਤਿਆਂ ਦਾ ਹਰਾ ਮਾਦਾ ਖਾਂਦੀਆਂ ਹਨ ਅਤੇ ਪੱਤਿਆਂ ਨੂੰ ਛਾਨਣੀ ਕਰ ਦਿੰਦੀਆਂ ਹਨ। ਬਾਅਦ ਵਿਚ ਵੱਡੀਆਂ ਸੁੰਡੀਆਂ ਸਾਰੇ ਖੇਤ ਵਿਚ ਖਿੱਲਰ ਕੇ ਨੁਕਸਾਨ ਕਰਦੀਆਂ ਹਨ। ਪੱਤਿਆਂ ਦੇ ਨਾਲ ਇਹ ਡੋਡੀਆਂ, ਫੁੱਲ ਅਤੇ ਫਲੀਆਂ ਦਾ ਨੁਕਸਾਨ ਵੀ ਕਰਦੀਆਂ ਹਨ। ਇਸ ਕੀੜੇ ਦੀ ਰੋਕਥਾਮ ਹੇਠ ਲਿਖੇ ਢੰਗਾਂ ਨਾਲ ਕੀਤੀ ਜਾ ਸਕਦੀ ਹੈ।
ਕਾਸ਼ਤਕਾਰੀ ਢੰਗਾਂ ਦੁਆਰਾ ਰੋਕਥਾਮ-ਫ਼ਸਲ ਦੀ ਬਿਜਾਈ ਸਮੇਂ ਸਿਰ ਕਰੋ। ਨਦੀਨ, ਖ਼ਾਸ ਤੌਰ 'ਤੇ ਇਟਸਿਟ/ਚਪੱਤੀ ਦੀ ਰੋਕਥਾਮ ਕਰੋ ਕਿਉਂਕਿ ਇਹ ਨਦੀਨ ਤੰਬਾਕੂ ਸੁੰਡੀ ਲਈ ਬਦਲਵੇਂ ਮੇਜ਼ਬਾਨ ਦੇ ਤੌਰ 'ਤੇ ਕੰਮ ਕਰਦਾ ਹੈ।
ਆਮ ਢੰਗ-ਤੰਬਾਕੂ ਸੁੰਡੀ ਦੇ ਆਂਡੇ ਅਤੇ ਛੋਟੀਆਂ ਸੁੰਡੀਆਂ ਜੋ ਕਿ ਪੱਤਿਆਂ ਨੂੰ ਝੁੰਡਾਂ ਵਿਚ ਖਾਂਦੀਆਂ ਹਨ, ਪੱਤਿਆਂ ਸਮੇਤ ਨਸ਼ਟ ਕਰ ਦਿਓ।
ਬਿਮਾਰੀਆਂ ਦੀ ਰੋਕਥਾਮ
ਚਿਤਕਬਰਾ ਰੋਗ ਚਿੱਟੀ ਮੱਖੀ ਰਾਹੀਂ ਫੈਲਦਾ ਹੈ। ਰੋਗੀ ਬੂਟਿਆਂ ਦੇ ਪੱਤਿਆਂ 'ਤੇ ਪੀਲੇ ਅਤੇ ਹਰੇ ਰੰਗ ਦੇ ਚਿਤਕਬਰੇ ਚਟਾਖ ਪੈ ਜਾਂਦੇ ਹਨ ਅਤੇ ਉਨ੍ਹਾਂ ਨੂੰ ਫਲੀਆਂ ਨਹੀਂ ਲਗਦੀਆਂ ਜਾਂ ਬਹੁਤ ਹੀ ਘੱਟ ਪੀਲੀਆਂ ਫਲੀਆਂ ਲਗਦੀਆਂ ਹਨ। ਸਮੇਂ ਸਿਰ ਬਿਜਾਈ ਵਾਲੀ ਫਸਲ 'ਤੇ ਇਸ ਰੋਗ ਦਾ ਹਮਲਾ ਘੱਟ ਹੁੰਦਾ ਹੈ। ਇਸ ਦੀ ਰੋਕਥਾਮ ਲਈ ਫ਼ਸਲ ਦੇ ਆਰੰਭ ਵਿਚ ਹੀ ਰੋਗੀ ਬੂਟੇ ਕੱਢ ਦਿਓ। ਇਸ ਰੋਗ ਦਾ ਟਾਕਰਾ ਕਰਨ ਵਾਲੀਆਂ ਕਿਸਮਾਂ ਬੀਜੋ। ਜੜ੍ਹਾਂ ਦਾ ਗਲਣਾ ਰੋਗ ਦੇ ਹਮਲੇ ਕਾਰਨ ਪੌਦੇ ਦੇ ਪੱਤਿਆਂ, ਟਾਹਣੀਆਂ, ਤਣੇ ਅਤੇ ਜੜ੍ਹਾਂ 'ਤੇ ਕਾਲੇ ਘੇਰੇ ਬਣ ਜਾਂਦੇ ਹਨ। ਰੋਗੀ ਥਾਵਾਂ ਕਮਜ਼ੋਰ ਪੈ ਜਾਂਦੀਆਂ ਹਨ। ਰੋਗੀ ਥਾਂ ਤੇ ਉੱਲੀ ਜੰਮੀ ਨਜ਼ਰ ਆਉਂਦੀ ਹੈ। ਇਸ ਬਿਮਾਰੀ 'ਤੇ ਕਾਬੂ ਪਾਉਣ ਲਈ ਰੋਗ ਰਹਿਤ ਬੀਜ ਦੀ ਵਰਤੋਂ ਕਰੋ। ਝੁਲਸ ਰੋਗ ਪੱਤਿਆਂ ਦੀ ਉੱਪਰਲੀ ਛਿੱਲ, ਡੰਡੀਆਂ ਅਤੇ ਨਵੀਆਂ ਸ਼ਾਖਾਵਾਂ ਤੋਂ ਸ਼ੁਰੂ ਹੁੰਦਾ ਹੈ ਅਤੇ ਹੌਲੀ-ਹੌਲੀ ਬੂਟੇ ਉੱਪਰੋਂ ਝੁਲਸ ਜਾਂਦੇ ਹਨ। ਅਜਿਹੇ ਝੁਲਸੇ ਹੋਏ ਬੂਟਿਆਂ ਦੀਆਂ ਦੌਗੀਆਂ/ਧੌੜੀਆਂ ਖੇਤ ਵਿਚ ਦੂਰੋਂ ਪ੍ਰਤੱਖ ਨਜ਼ਰ ਆਉਂਦੀਆਂ ਹਨ। ਸਿੱਲ੍ਹੇ ਮੌਸਮ ਵਿਚ ਪੱਤਿਆਂ 'ਤੇ ਉੱਲੀ ਦੇ ਚਿੱਟੇ ਜਾਲੇ ਜਿਹੇ ਬਣ ਜਾਂਦੇ ਹਨ ਅਤੇ ਭੂਰੇ ਰੰਗ ਦੀ ਉੱਲੀ ਵੀ ਜੰਮ ਜਾਂਦੀ ਹੈ। ਫ਼ਸਲ 'ਤੇ ਇਹ ਬਿਮਾਰੀ ਖੇਤ ਵਿਚਲੇ ਨਦੀਨਾਂ ਤੋਂ ਆਉਂਦੀ ਹੈ। ਖੇਤ ਨੂੰ ਨਦੀਨ ਰਹਿਤ ਰੱਖ ਕੇ ਇਸ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ।

-ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ, ਸੰਗਰੂਰ।
ਮੋਬਾਈਲ : 78892-94391

Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐਮ. ਸਕੂਲ ਦੇ ਵਿਦਿਆਰਥੀਆਂ ਦਾ ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਮਲੋਟ ਵਿਖੇ ਯੂਥ ਕਾਂਗਰਸ ਦੀ ਮੀਟਿੰਗ <br/>
Ad Position 24