ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਝੋਨੇ ਦੀ ਫ਼ਸਲ ਵਿਚ ਖਾਦਾਂ ਦੀ ਸੁਚੱਜੀ ਵਰਤੋਂ

Ad Position 21
No active advertisement
ਅਜੀਤ ਡੈਸਕ 23-06-2026

 ਝੋਨਾ ਪੰਜਾਬ ਦੀਆਂ ਮੁੱਖ ਫ਼ਸਲਾਂ 'ਚੋਂ ਇਕ ਹੈ ਜੋ ਰਾਜ ਦੀ ਖੇਤੀਬਾੜੀ ਅਰਥਵਿਵਸਥਾ 'ਚ ਅਹਿਮ ਯੋਗਦਾਨ ਪਾਉਂਦਾ ਹੈ। ਉੱਚ ਤੇ ਟਿਕਾਊ ਉਤਪਾਦਨ ਪ੍ਰਾਪਤ ਕਰਨ ਲਈ ਫ਼ਸਲ ਨੂੰ ਲੋੜੀਂਦੇ ਪੌਸ਼ਟਿਕ ਤੱਤਾਂ ਦੀ ਸਮੇਂ ਸਿਰ ਤੇ ਸੰਤੁਲਿਤ ਸਪਲਾਈ ਬਹੁਤ ਜ਼ਰੂਰੀ ਹੈ। ਖਾਦਾਂ ਦੀ ਬੇਲੋੜੀ ਵਰਤੋਂ ਨਾਲ ਉਤਪਾਦਨ ਲਾਗਤ ਵਧਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਮਿੱਟੀ ਪਰਖ ਦੇ ਆਧਾਰ 'ਤੇ ਖਾਦਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਵਲੋਂ ਝੋਨੇ ਦੀ ਫ਼ਸਲ 'ਚ ਖਾਦਾਂ ਦੀ ਸੁਚੱਜੀ ਵਰਤੋਂ ਲਈ ਵਿਗਿਆਨਕ ਸਿਫ਼ਾਰਸ਼ਾਂ ਜਾਰੀ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਅਪਣਾ ਕੇ ਕਿਸਾਨ ਵੱਧ ਝਾੜ, ਘੱਟ ਲਾਗਤ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਲੰਬੇ ਸਮੇਂ ਤੱਕ ਯਕੀਨੀ ਬਣਾ ਸਕਦੇ ਹਨ।

ਖਾਦਾਂ ਪਾਉਣ ਸੰਬੰਧੀ ਨੁਕਤੇ
ਚੰਗੇ ਝਾੜ ਲਈ ਤੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਜੈਵਿਕ, ਜੀਵਾਣੂ ਤੇ ਰਸਾਇਣਕ ਖਾਦਾਂ ਦੀ ਰਲਵੀਂ ਵਰਤੋਂ ਕਰੋ। ਜੈਵਿਕ ਖਾਦਾਂ/ਪਰਾਲੀਚਾਰ-ਝੋਨੇ ਦੀ ਲੁਆਈ ਤੋਂ ਪਹਿਲਾਂ ਰੂੜੀ ਜਾਂ ਪ੍ਰੈੱਸਮੱਡ ਜਾਂ ਮੁਰਗੀਆਂ ਦੀ ਖਾਦ ਜਾਂ ਸੁੱਕੀ ਹੋਈ ਗੋਬਰ ਗੈਸ ਸਲੱਰੀ ਜਾਂ ਪਰਾਲੀਚਾਰ ਜਾਂ ਹਰੀ ਖਾਦ ਦੀ ਵਰਤੋਂ ਕਰ ਕੇ ਹੇਠ ਲਿਖੇ ਅਨੁਸਾਰ ਯੂਰੀਆ ਖਾਦ ਦੀ ਮਾਤਰਾ ਘਟਾਈ ਜਾ ਸਕਦੀ ਹੈ:
*ਰੇਤਲੀ ਤੋਂ ਰੇਤਲੀ ਮੈਰਾ ਜ਼ਮੀਨਾਂ 'ਚ ਝੋਨੇ ਦਾ ਵਧੇਰੇ ਝਾੜ ਲੈਣ ਲਈ ਅਤੇ ਲਘੂ ਤੱਤਾਂ ਦੀ ਘਾਟ ਦੀ ਪੂਰਤੀ ਲਈ ਜੈਵਿਕ ਖਾਦ ਜਾਂ ਹਰੀ ਖਾਦ ਜਾਂ ਗਰਮ ਰੁੱਤ ਦੀ ਮੂੰਗੀ ਦੀ ਰਹਿੰਦ-ਖੂੰਹਦ ਨੂੰ ਖੇਤ 'ਚ ਮਿਲਾਉਣ ਮਗਰੋਂ ਨਾਈਟ੍ਰੋਜਨ ਖਾਦ ਦੀ ਸਿਫ਼ਾਰਸ਼ ਕੀਤੀ ਪੂਰੀ ਮਾਤਰਾ ਪਾਓ।
ਜੀਵਾਣੂ ਖਾਦ-ਪਨੀਰੀ ਦੀਆਂ ਜੜ੍ਹਾਂ ਨਾਲੋਂ ਮਿੱਟੀ ਲਾਹੁਣ ਲਈ ਜੜ੍ਹਾਂ ਨੂੰ ਪਾਣੀ 'ਚ ਧੋ ਦਿਓ। ਇਕ ਪੈਕਟ (500 ਗ੍ਰਾਮ) ਐਜ਼ੋਸਪਾਇਰੀਲਮ ਜੀਵਾਣੂ ਖਾਦ ਨੂੰ 100 ਲਿਟਰ ਪਾਣੀ 'ਚ ਘੋਲ ਲਓ ਤੇ ਇਕ ਏਕੜ ਝੋਨੇ ਦੀ ਪਨੀਰੀ ਦੀਆਂ ਜੜ੍ਹਾਂ ਨੂੰ 45 ਮਿੰਟ ਲਈ ਡੁਬਾਉਣ ਤੋਂ ਬਾਅਦ ਪਨੀਰੀ ਨੂੰ ਛੇਤੀ ਹੀ ਖੇਤ 'ਚ ਲਗਾ ਦਿਓ। ਐਜ਼ੋਸਪਾਇਰੀਲਮ ਜੀਵਾਣੂ ਖਾਦ ਦਾ ਟੀਕਾ ਪੀ.ਏ.ਯੂ. ਦੀ ਬੀਜਾਂ ਦੀ ਦੁਕਾਨ ਗੇਟ ਨੰ. 1 ਅਤੇ ਵੱਖੋ-ਵੱਖਰੇ ਜ਼ਿਲ੍ਹਿਆਂ 'ਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰਾਂ 'ਤੇ ਮਿਲਦਾ ਹੈ।
ਰਸਾਇਣਕ ਖਾਦਾਂ-ਰਸਾਇਣਕ ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ। ਜੇ ਮਿੱਟੀ ਪਰਖ਼ ਨਹੀਂ ਕਰਵਾਈ ਤਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੱਸੇ ਅਨੁਸਾਰ ਖਾਦਾਂ ਪਾਓ:
*ਫਾਸਫੋਰਸ ਅਤੇ ਪੋਟਾਸ਼ ਤੱਤਾਂ ਦੀ ਵਰਤੋਂ ਤਾਂ ਕਰੋ ਜੇ ਮਿੱਟੀ ਪਰਖ ਦੇ ਆਧਾਰ 'ਤੇ ਇਸ ਦੀ ਘਾਟ ਹੋਵੇ।
ਖਾਦਾਂ ਪਾਉਣ ਦਾ ਸਮਾਂ ਤੇ ਢੰਗ
÷ ਝੋਨੇ ਦੀਆਂ ਸਾਰੀਆਂ ਕਿਸਮਾਂ ਨੂੰ ਨਾਈਟ੍ਰੋਜਨ ਖਾਦ ਤਿੰਨ ਬਰਾਬਰ ਕਿਸ਼ਤਾਂ 'ਚ ਪਾਓ। ਪਹਿਲੀ ਕਿਸ਼ਤ ਲੁਆਈ ਤੋਂ 7 ਦਿਨਾਂ ਤੱਕ ਅਤੇ ਦੂਜੀ ਕਿਸ਼ਤ ਲੁਆਈ ਤੋਂ 21 ਦਿਨਾਂ 'ਤੇ ਪਾਓ। ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀਆਰ-126) ਨੂੰ ਤੀਜੀ ਕਿਸ਼ਤ ਲੁਆਈ ਤੋਂ 35 ਦਿਨਾਂ 'ਤੇ, ਜਦਕਿ ਬਾਕੀ ਕਿਸਮਾਂ ਨੂੰ ਲੁਆਈ ਤੋਂ 42 ਦਿਨਾਂ 'ਤੇ ਪਾਓ। ਝੋਨਾ ਨਿਸਰਨ ਵੇਲੇ ਨਾਈਟ੍ਰੋਜਨ ਵਾਲੀਆਂ ਖਾਦਾਂ ਦੀ ਵਰਤੋਂ ਨਾਲ ਦਾਣੇ ਥੋਥੇ ਰਹਿ ਜਾਂਦੇ ਹਨ ਜਿਸ ਨਾਲ ਝਾੜ ਘੱਟ ਜਾਂਦਾ ਹੈ। ÷ ਨਾਈਟ੍ਰੋਜਨ ਖਾਦ ਦੀ ਦੂਸਰੀ ਅਤੇ ਤੀਜੀ ਕਿਸ਼ਤ ਉਸ ਵੇਲੇ ਪਾਓ ਜਦੋਂ ਖੇਤ 'ਚ ਪਾਣੀ ਨਾ ਖੜ੍ਹਾ ਹੋਵੇ। ਪਾਣੀ, ਖਾਦ ਪਾਉਣ ਤੋਂ ਤੀਜੇ ਦਿਨ ਲਾਓ। ÷ ਝੋਨੇ 'ਚ ਨਾਈਟ੍ਰੋਜਨ ਖਾਦ ਦੀ ਲੋੜ ਅਨੁਸਾਰ ਵਰਤੋਂ ਲਈ ਪੀ.ਏ.ਯੂ.-ਪੱਤਾ ਰੰਗ ਚਾਰਟ ਵਿਧੀ ਅਪਣਾਈ ਜਾ ਸਕਦੀ ਹੈ। ਇਸ ਵਿਧੀ ਅਨੁਸਾਰ ਲੁਆਈ ਸਮੇਂ 25 ਕਿਲੋ ਯੂਰੀਆ ਪ੍ਰਤੀ ਏਕੜ ਪਾਉਣ ਉਪਰੰਤ ਪਨੀਰੀ ਲਾਉਣ ਤੋਂ 14 ਦਿਨ ਬਾਅਦ 7 ਦਿਨ ਦੇ ਅੰਤਰ 'ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਨਾਲ ਮਿਲਾਇਆ ਜਾਂਦਾ ਹੈ। ÷ ਜਿੱਥੇ ਕਣਕ ਨੂੰ ਸਿਫ਼ਾਰਸ਼ ਕੀਤੀ ਮਾਤਰਾ 'ਚ ਫ਼ਾਸਫ਼ੋਰਸ ਦੀ ਖਾਦ ਪਾਈ ਹੋਵੇ, ਉਪਰੰਤ ਝੋਨੇ ਨੂੰ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ। ÷ ਸਾਰੀ ਫਾਸਫੋਰਸ ਅਤੇ ਸਾਰੀ ਪੋਟਾਸ਼ ਖਾਦ ਆਖਰੀ ਕੱਦੂ ਕਰਨ ਤੋਂ ਪਹਿਲਾਂ ਪਾ ਦਿਓ। ਫਾਸਫੋਰਸ ਵਾਲੀ ਖਾਦ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤਿਆਂ ਤੱਕ ਵੀ ਪਾਈ ਜਾ ਸਕਦੀ ਹੈ। ÷ ਫਾਸਫੋਰਸ ਦੀ ਘਾਟ ਵਾਲੀ ਜ਼ਮੀਨ 'ਚ ਜਿੱਥੇ 27 ਕਿਲੋ ਡੀ.ਏ.ਪੀ. ਵਰਤੀ ਹੋਵੇ ਤਾਂ 10 ਕਿਲੋ ਯੂਰੀਆ ਘੱਟ ਪਾਓ। ÷ ਪੀਆਰ 132 ਕਿਸਮ ਤੋਂ ਜ਼ਿਆਦਾ ਝਾੜ ਲੈਣ ਲਈ ਯੂਰੀਆ ਖਾਦ ਦੀ ਵਰਤੋਂ ਦੂਸਰੀਆਂ ਕਿਸਮਾਂ ਨਾਲੋਂ 25% ਘੱਟ ਕਰੋ। ਯੂਰੀਆ ਖਾਦ ਦੀ ਜ਼ਿਆਦਾ ਵਰਤੋਂ ਨਾਲ ਇਹ ਕਿਸਮ ਡਿੱਗ ਸਕਦੀ ਹੈ। ÷ ਜੇਕਰ ਖੇਤ 'ਚ ਝੋਨੇ ਦੀ ਪਨੀਰੀ 6 ਟਨ ਪ੍ਰਤੀ ਏਕੜ ਮੱਛੀ ਦੇ ਤਲਾਅ ਦੀ ਗਾਰ ਨੂੰ ਪਾਉਣ ਤੋਂ ਬਾਅਦ ਲਾਈ ਗਈ ਹੋਵੇ ਤਾਂ ਸਿਫ਼ਾਰਸ਼ ਕੀਤੀ ਗਈ ਖਾਦ ਨਾਲੋਂ 25% ਘੱਟ ਖਾਦ ਪਾਓ।
ਛੋਟੇ ਤੱਤਾਂ ਦੀ ਘਾਟ ਤੇ ਹੱਲ
ਜ਼ਿੰਕ ਦੀ ਘਾਟ-ਇਸ ਘਾਟ 'ਚ ਬੂਟੇ ਮਧਰੇ ਰਹਿ ਜਾਂਦੇ ਹਨ ਅਤੇ ਬੂਟਾ ਜਾੜ ਬਹੁਤ ਘੱਟ ਮਾਰਦਾ ਹੈ। ਅਜਿਹੇ ਬੂਟਿਆਂ ਦੇ ਪੱਤੇ ਜੰਗਾਲੇ ਜਿਹੇ ਅਤੇ ਭੂਰੇ ਹੋ ਜਾਂਦੇ ਹਨ। ਪੱਤੇ ਦੀ ਵਿਚਕਾਰਲੀ ਨਾੜ ਦਾ ਰੰਗ ਬਦਲ ਜਾਂਦਾ ਹੈ ਅਤੇ ਬਾਅਦ 'ਚ ਪੱਤੇ ਸੁੱਕ ਜਾਂਦੇ ਹਨ। ਜਿਨ੍ਹਾਂ ਖੇਤਾਂ 'ਚ ਪਿਛਲੇ ਸਾਲ ਵੀ ਇਹ ਘਾਟ ਸੀ, ਉਨ੍ਹਾਂ ਖੇਤਾਂ 'ਚ ਜ਼ਿੰਕ ਦੀ ਘਾਟ ਪੂਰੀ ਕਰਨ ਲਈ ਕੱਦੂ ਕਰਨ ਸਮੇਂ 25 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ (21%) ਜਾਂ 16 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33%) ਪ੍ਰਤੀ ਏਕੜ ਦੇ ਹਿਸਾਬ ਨਾਲ ਖਿਲਾਰ ਦੇਣਾ ਚਾਹੀਦਾ ਹੈ। ਜੇ ਬੀਜੀ ਫ਼ਸਲ 'ਚ ਇਹ ਨਿਸ਼ਾਨੀਆਂ ਨਜ਼ਰ ਆਉਣ ਤਾਂ ਉਸ ਵੇਲੇ ਹੀ ਜ਼ਿੰਕ ਸਲਫੇਟ ਖੇਤ 'ਚ ਛੱਟੇ ਨਾਲ ਪਾ ਦਿਓ। ਬਹੁਤ ਮਾੜੀਆਂ ਜ਼ਮੀਨਾਂ 'ਚ ਜ਼ਿੰਕ ਸਲਫੇਟ ਦੀ ਵਰਤੋਂ ਦੇ ਬਾਵਜੂਦ ਵੀ ਜ਼ਿੰਕ ਦੀ ਘਾਟ ਧੌੜੀਆਂ 'ਚ ਨਜ਼ਰ ਆਉਂਦੀ ਹੈ। ਅਜਿਹੀ ਹਾਲਤ 'ਚ 10 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ (21%) ਜਾਂ 6.5 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33%) ਨੂੰ ਏਨੀ ਹੀ ਸੁੱਕੀ ਮਿੱਟੀ 'ਚ ਰਲਾ ਕੇ ਘਾਟ ਵਾਲੇ ਥਾਵਾਂ 'ਚ ਖਿਲਾਰ ਦੇਣਾ ਚਾਹੀਦਾ ਹੈ।
ਲੋਹੇ ਦੀ ਘਾਟ-ਜ਼ਿਆਦਾ ਰੇਤਲੀਆਂ ਜ਼ਮੀਨਾਂ 'ਚ ਜਿੱਥੇ ਪਾਣੀ ਦੀ ਘਾਟ ਹੋਵੇ, ਪਨੀਰੀ ਲਾਉਣ ਤੋਂ ਕੁੱਝ ਦਿਨਾਂ ਬਾਅਦ ਬੂਟੇ ਦੇ ਨਵੇਂ ਨਿਕਲ ਰਹੇ ਪੱਤੇ ਪੀਲੇ ਪੈ ਜਾਂਦੇ ਹਨ। ਇਸ ਨਾਲ ਬੂਟੇ ਮਰ ਜਾਂਦੇ ਹਨ ਅਤੇ ਕਈ ਵਾਰੀ ਸਾਰੀ ਦੀ ਸਾਰੀ ਫ਼ਸਲ ਹੀ ਤਬਾਹ ਹੋ ਜਾਂਦੀ ਹੈ। ਜਦੋਂ ਅਜਿਹੇ ਪੀਲੇਪਣ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਛੇਤੀ-ਛੇਤੀ ਭਰਵੇਂ ਪਾਣੀ ਫ਼ਸਲ ਨੂੰ ਦਿਓ। ਇਕ ਹਫ਼ਤੇ ਦੀ ਵਿੱਥ ਰੱਖ ਕੇ ਇਕ ਫ਼ੀਸਦੀ ਲੋਹੇ (ਇਕ ਕਿਲੋ ਫੈਰਸ ਸਲਫੇਟ ਨੂੰ 100 ਲਿਟਰ ਪਾਣੀ 'ਚ ਮਿਲਾ ਕੇ ਪ੍ਰਤੀ ਏਕੜ) ਦਾ ਛਿੜਕਾਅ ਪੱਤਿਆਂ 'ਤੇ ਕਰੋ। ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ। ਇੱਥੇ ਧਿਆਨ ਰੱਖਣ ਯੋਗ ਗੱਲ ਇਹ ਹੈ ਕਿ ਲੋਹੇ ਦੀ ਜ਼ਮੀਨ ਰਾਹੀਂ ਪੂਰਤੀ ਅਸਰਦਾਰ ਨਹੀਂ ਹੈ।

-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁੁਧਿਆਣਾ।

Ad Position 22
No active advertisement
ਪਿਛਲੀ ਖ਼ਬਰ ਮੈਂ ਗੁਲਾਮ ਨਹੀਂ ਹੋਵਾਂਗਾ ਤੇ ਨਾ ਹੀ ਮਾਲਕ ਹੋਵਾਂਗਾ, ਜਮਹੂਰੀਅਤ ਦੀ ਇਹੀ ਵਿਆਖਿਆ ਹੈ। -ਅਬਰਾਹਮ ਲਿੰਕਨ ਅਗਲੀ ਖ਼ਬਰ ਪਾਣੀ ਬਚਾਉਣ ਤੇ ਖੇਤੀ ਭਿੰਨਤਾ ਲਈ ਲਾਹੇਵੰਦ ਹੈ ਬਹਾਰ ਰੁੱਤ ਦੀ ਮੂੰਗਫਲੀ
Ad Position 24
No active advertisement