ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਸੰਖੇਪ ਯਾਤਰਾ ਨੂੰ ਕਈ ਪੱਖਾਂ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸ੍ਰੀ ਮੋਦੀ ਕੁਝ ਘੰਟਿਆਂ ਲਈ ਇੱਥੇ ਜਲੰਧਰ ਨੇੜੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਉਤਸਵ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਨਤਮਸਤਕ ਹੋਏ ਅਤੇ ਡੇਰਾ ਪ੍ਰਮੁੱਖ ਸੰਤ ਨਿਰੰਜਣ ਦਾਸ ਨੂੰ ਵੀ ਮਿਲੇ। ਉਨ੍ਹਾਂ ਨੇ ਆਪਣੇ 20 ਮਿੰਟ ਦੇ ਭਾਸ਼ਨ ਵਿਚ ਜਿਥੇ ਗੁਰੂ ਰਵਿਦਾਸ ਜੀ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ, ਉਥੇ ਉਨ੍ਹਾਂ ਦੇ ਆਦਰਸ਼ਾਂ ਅਤੇ ਉਪਦੇਸ਼ਾਂ ਦੇ ਵੀ ਅਨੁਸਾਰੀ ਬਣਨ ਲਈ ਕਿਹਾ। ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਕਾਸ਼ੀ ਦਾ ਜ਼ਿਕਰ ਵੀ ਕੀਤਾ, ਜਿੱਥੇ ਉਨ੍ਹਾਂ ਨੂੰ ਸੇਵਾ ਕਰਨ ਦਾ ਸੁਭਾਗ ਮਿਲਿਆ। ਇਸੇ ਹੀ ਸਮੇਂ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਵੀ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ। ਇੱਥੋਂ ਹੀ ਉਨ੍ਹਾਂ ਨੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕੀਤਾ। ਜਿੱਥੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮਨੋਹਰ ਨਾਇਡੂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਸਨ।
ਨਾਇਡੂ ਨੇ ਕਿਹਾ ਕਿ ਹਲਵਾਰਾ ਏਅਰਪੋਰਟ 'ਤੇ ਵੀ 25 ਤੋਂ 30 ਹਜ਼ਾਰ ਨਵੇਂ ਰੁਜ਼ਗਾਰ ਪੈਦਾ ਹੋਣਗੇ। ਕਿਉਂਕਿ ਹਲਵਾਰਾ ਦੇ ਨੇੜੇ ਸਥਿਤ ਲੁਧਿਆਣਾ ਪੰਜਾਬ ਦਾ ਉਦਯੋਗਿਕ ਕੇਂਦਰ ਹੈ, ਇਸ ਲਈ ਇੱਥੋਂ ਮਾਲ ਦੀ ਢੋਆ-ਢੁਆਈ ਲਈ ਵੀ ਉਡਾਣਾਂ ਦੀ ਸ਼ੁਰੂਆਤ ਹੋਵੇਗੀ, ਜਿਸ ਦਾ ਉਦਯੋਗ ਜਗਤ ਨੂੰ ਬਹੁਤ ਲਾਭ ਮਿਲੇਗਾ। ਇਸ ਦੇ ਨਾਲ ਹੀ ਭਵਿੱਖ ਵਿਚ ਅੰਤਰਰਾਸ਼ਟਰੀ ਹਵਾਈ ਉਡਾਣਾਂ ਵੀ ਇਥੋਂ ਸ਼ੁਰੂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਵਨੀਤ ਸਿੰਘ ਬਿੱਟੂ ਨੇ ਇਸ ਹਵਾਈ ਅੱਡੇ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ 'ਤੇ ਰੱਖਣ ਦੀ ਵੀ ਮੰਗ ਕੀਤੀ। ਇਹ ਸ਼ਹੀਦ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਹੈ, ਜਿਸ ਨੇ ਸਿਰਫ਼ 19 ਸਾਲ ਦੀ ਉਮਰ ਵਿਚ ਸੁਤੰਤਰਤਾ ਸੰਗਰਾਮ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ।
ਪ੍ਰਧਾਨ ਮੰਤਰੀ ਦੀ ਇਸ ਸੰਖੇਪ ਯਾਤਰਾ ਨੂੰ ਸਿਆਸੀ ਪੱਖ ਤੋਂ ਵੀ ਦੇਖਿਆ ਜਾ ਰਿਹਾ ਹੈ, ਕਿਉਂਕਿ ਇਸ ਸਮੇਂ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਵਾਲੀਆਂ ਚੋਣਾਂ ਲਈ ਵਧੇਰੇ ਸਰਗਰਮ ਅਤੇ ਉਤਸ਼ਾਹ ਵਿਚ ਦਿਖਾਈ ਦੇ ਰਹੀ ਹੈ। ਵਿਸ਼ੇਸ਼ ਤੌਰ 'ਤੇ ਦੁਆਬਾ ਖੇਤਰ ਵਿਚ ਰਵਿਦਾਸੀਆ ਭਾਈਚਾਰਾ ਵੱਡੀ ਗਿਣਤੀ ਵਿਚ ਰਹਿੰਦਾ ਹੈ। ਇਸ ਖਿੱਤੇ ਵਿਚ ਉਨ੍ਹਾਂ ਦੀਆਂ ਵੋਟਾਂ ਦੇ ਪ੍ਰਭਾਵ ਨੂੰ ਵੀ ਮੰਨਿਆ ਜਾਂਦਾ ਰਿਹਾ ਹੈ। ਇਸੇ ਲਈ ਹੀ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀ ਇਸ ਵਰਗ ਨੂੰ ਆਪਣੇ ਨਾਲ ਜੋੜਨ ਦੀ ਸਰਗਰਮੀ ਵਧੇਰੇ ਬਣੀ ਰਹੀ ਹੈ। ਇਸ ਭਾਈਚਾਰੇ ਵਿਚ ਕਾਂਗਰਸ, ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਅਤੇ ਆਮ ਆਦਮੀ ਪਾਰਟੀ ਦਾ ਵੀ ਸਮੇਂ-ਸਮੇਂ ਆਪੋ-ਆਪਣਾ ਪ੍ਰਭਾਵ ਦੇਖਿਆ ਜਾਂਦਾ ਰਿਹਾ ਹੈ।
ਜਿਸ ਤਰ੍ਹਾਂ ਕਿ ਅਸੀਂ ਉੱਪਰ ਜ਼ਿਕਰ ਕੀਤਾ ਹੈ, ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿਚ ਵਿਧਾਨ ਸਭਾ ਦੀਆਂ ਚੋਣਾਂ ਲਈ ਹੁਣ ਭਾਜਪਾ ਵੀ ਪੂਰੀ ਤਰ੍ਹਾਂ ਸਰਗਰਮ ਹੋਈ ਦਿਖਾਈ ਦਿੰਦੀ ਹੈ। ਪਿਛਲੇ ਸਮੇਂ ਵਿਚ ਵੀ ਪ੍ਰਧਾਨ ਮੰਤਰੀ ਵੱਖ-ਵੱਖ ਧਾਰਮਿਕ ਪੁਰਬਾਂ ਦੇ ਸਮਾਗਮਾਂ ਵਿਚ ਆਉਂਦੇ ਰਹੇ ਹਨ। ਉਨ੍ਹਾਂ ਦੀ ਸੰਖੇਪ ਜਲੰਧਰ ਫੇਰੀ ਨੂੰ ਵੀ ਇਸ ਸੰਦਰਭ ਵਿਚ ਦੇਖਿਆ ਜਾ ਰਿਹਾ ਹੈ, ਜਿਸ ਦਾ ਆਉਂਦੀਆਂ ਚੋਣਾਂ 'ਤੇ ਪ੍ਰਭਾਵ ਪੈਣ ਦੀ ਸੰਭਾਵਨਾ ਵੀ ਦਿਖਾਈ ਦਿੰਦੀ ਹੈ।
-ਬਰਜਿੰਦਰ ਸਿੰਘ ਹਮਦਰਦ