ਐਸ.ਏ.ਐਸ.ਨਗਰ, 2 ਫਰਵਰੀ (ਪ੍ਰੋ. ਅਵਤਾਰ ਸਿੰਘ)-7 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ 'ਆਈ.ਸੀ.ਸੀ. ਟੀ-20 ਵਿਸ਼ਵ ਕੱਪ' ਨੂੰ ਲੈ ਕੇ ਦੇਸ਼ ਭਰ ਦੇ ਕਿ੍ਕਟ ਪ੍ਰੇਮੀਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸੇ ਲੜੀ ਤਹਿਤ ਟੀ-20 ਵਿਸ਼ਵ ਕੱਪ ਦੀ ਟਰਾਫ਼ੀ ਅੱਜ ਚੰਡੀਗੜ੍ਹ ਯੂਨੀਵਰਸਿਟੀ ਦੇ ਘੜੂੰਆਂ ਕੈਂਪਸ ਵਿਖੇ ਪਹੁੰਚੀ, ਜਿਸ ਦੇ ਚਲਦਿਆਂ ਯੂਨੀਵਰਸਿਟੀ ਕੈਂਪਸ ਵਿਖੇ ਕਿ੍ਕਟ ਪ੍ਰੇਮੀਆਂ ਤੇ ਵਿਦਿਆਰਥੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ | ਦੱਸ ਦਈਏ ਕਿ ਜਿੰਨੇ੍ਹ ਖਿਡਾਰੀ ਟੀਮ ਇੰਡੀਆ 'ਚ ਸ਼ਾਮਿਲ ਹਨ, ਉਨ੍ਹਾਂ ਸਾਰਿਆਂ ਦੇ ਸਕੂਲਾਂ/ਕਾਲਜਾਂ 'ਚ ਆਈ. ਸੀ. ਸੀ. ਵਲੋਂ ਟਰਾਫ਼ੀ ਟੂਰ ਤੈਅ ਕੀਤਾ ਗਿਆ ਹੈ | ਟੀਮ ਇੰਡੀਆ ਦਾ ਖੱਬੇ ਹੱਥ ਦਾ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਚੰਡੀਗੜ੍ਹ ਯੂਨੀਵਰਸਿਟੀ ਤੋਂ ਪੜ੍ਹਾਈ ਕਰ ਰਿਹਾ ਹੈ ਤੇ ਇਸੇ ਕਾਰਨ ਇਹ ਟਰਾਫ਼ੀ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਵਿਖੇ ਪੁੱਜੀ | ਇਸ ਮੌਕੇ ਵਿਸ਼ਵ ਕੱਪ ਟਰਾਫ਼ੀ ਦਾ ਸੈਰੇਮੋਨੀਅਲ ਗਾਰਡ ਆਫ਼ ਆਨਰ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ, ਜਿਸ ਤੋਂ ਬਾਅਦ ਕੈਂਪਸ 'ਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲਾ ਪਲ ਹੈ ਕਿ ਸਾਨੂੰ 'ਆਈ. ਸੀ. ਸੀ. ਟੀ-20 ਵਿਸ਼ਵ ਕੱਪ' ਟਰਾਫ਼ੀ ਦਾ ਸਵਾਗਤ ਕਰਨ ਦਾ ਮੌਕਾ ਮਿਲਿਆ | ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਤੋਂ ਇਲਾਵਾ ਭਾਰਤ ਦੇ ਪ੍ਰਮੁੱਖ ਖੱਬੇ ਹੱਥ ਦੇ ਸਪਿਨ ਗੇਂਦਬਾਜ਼ ਕੁਲਦੀਪ ਯਾਦਵ ਵੀ ਚੰਡੀਗੜ੍ਹ ਯੂਨੀਵਰਸਿਟੀ ਦੇ ਲਖਨਊ ਕੈਂਪਸ ਵਿਖੇ ਪੜ੍ਹ ਰਹੇ ਹਨ |
ਖੇਡ ਸੰਸਾਰ
Free
ਚੰਡੀਗੜ੍ਹ ਯੂਨੀਵਰਸਿਟੀ ਪਹੁੰਚੀ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਟਰਾਫ਼ੀ
ਅਜੀਤ ਡੈਸਕ
03-02-2026