ਵਿਸਾਖੀ ਦੇ ਸੰਬੰਧ ਵਿਚ 26 ਅਪ੍ਰੈਲ ਨੂੰ ਲੈਸਟਰ 'ਚ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਅਜੀਤ ਡੈਸਕ
08-04-2026
ਲੈਸਟਰ (ਇੰਗਲੈਂਡ), 7 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਮੌਕੇ ਨੂੰ ਸਮਰਪਿਤ 26 ਅਪ੍ਰੈਲ ਦਿਨ ਐਤਵਾਰ ਨੂੰ ਇੰਗਲੈਂਡ ਦੇ ਸਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਹੋਲੀ ਬੋਨ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਸ਼ਾਨੋ-ਸ਼ੌਕਤ ਨਾਲ ਆਰੰਭ ਹੋਵੇਗਾ | ਨਗਰ ਕੀਰਤਨ ਵੱਖ-ਵੱਖ ਸਟਰੀਟਾ, ਸੜਕਾਂ ਤੇ ਟਾਊਨ ਸੈਂਟਰ 'ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਵਿਖੇ ਪੁੱਜੇਗਾ, ਜਿੱਥੇ ਅਰਦਾਸ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ ਤੇ ਤੀਰ ਗਰੁੱਪ ਦੇ ਮੁੱਖ ਬੁਲਾਰੇ ਰਾਜਮਨਵਿੰਦਰ ਸਿੰਘ ਰਾਜਾ ਕੰਗ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਹ ਨਗਰ ਕੀਰਤਨ ਬੜੀ ਸ਼ਰਧਾ ਤੇ ਧੂਮਧਾਮ ਨਾਲ ਸਜਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੌਰਾਨ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਪਵਿੱਤਰ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਦੇ ਹੋਏ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰਨਗੀਆਂ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਕੀਰਤਨੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਣਗੇ ਤੇ ਖਾਲਸਾ ਪੰਥ ਦੀ ਮਹਾਨ ਪਰੰਪਰਾ ਤੇ ਵਿਸਾਖੀ ਦੇ ਇਤਿਹਾਸ ਬਾਰੇ ਸੰਦੇਸ਼ ਦਿੱਤੇ ਜਾਣਗੇ | ਇਸ ਮੌਕੇ 'ਤੇ ਨਿਹੰਗ ਸਿੰਘਾਂ ਵੱਲੋਂ ਗਤਕਾ ਦੇ ਦਿਲਚਸਪ ਪ੍ਰਦਰਸ਼ਨ ਵੀ ਕੀਤੇ ਜਾਣਗੇ, ਜੋ ਸਿੱਖ ਮਰਿਆਦਾ ਅਤੇ ਵੀਰਤਾ ਦੀ ਝਲਕ ਪੇਸ਼ ਕਰਨਗੇ | ਉਨ੍ਹਾਂ ਹੋਰ ਦੱਸਿਆ ਕਿ ਨਗਰ ਕੀਰਤਨ ਦੇ ਰਸਤੇ 'ਚ ਸਥਾਨਕ ਸੰਗਤਾਂ ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਥਾਂ-ਥਾਂ 'ਤੇ ਲੰਗਰਾਂ ਦੀ ਵਿਵਸਥਾ ਕੀਤੀ ਜਾਵੇਗੀ, ਜਿੱਥੇ ਸੰਗਤਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲੰਗਰ ਵਰਤਾਏ ਜਾਣਗੇ | ਇਸ ਤੋਂ ਇਲਾਵਾ ਨਗਰ ਕੀਰਤਨ ਦਾ ਰਸਤੇ ਵਿਚ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਸੰਗਤਾਂ ਵੱਲੋਂ ਸੇਵਾ ਭਾਵਨਾ ਨਾਲ ਪਾਣੀ, ਫਲ ਅਤੇ ਹੋਰ ਪ੍ਰਸਾਦ ਦੀ ਸੇਵਾ ਨਿਭਾਈ ਜਾਵੇਗੀ | ਉਨ੍ਹਾਂ ਕਿਹਾ ਕਿ ਵਿਸਾਖੀ ਦੇ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਸੰਗਤਾਂ ਵੱਡੀ ਗਿਣਤੀ ਵਿਚ ਇਸ ਧਾਰਮਿਕ ਸਮਾਗਮ 'ਚ ਸ਼ਾਮਿਲ ਹੋਣ ਲਈ ਉਤਸੁਕ ਹਨ | ਪ੍ਰਬੰਧਕ ਕਮੇਟੀ ਵੱਲੋਂ ਵੀ ਸਮੂਹ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਹ ਨਗਰ ਕੀਰਤਨ ਪੂਰੀ ਸ਼ਾਨੋ-ਸ਼ੌਕਤ, ਅਨੁਸ਼ਾਸਨ ਤੇ ਗੁਰੂ ਮਰਿਆਦਾ ਅਨੁਸਾਰ ਸਜਾਇਆ ਜਾ ਸਕੇ | ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਅਤੇ ਨਗਰ ਕੀਰਤਨ ਦੀ ਰੌਣਕ ਵਿੱਚ ਵਾਧਾ ਕਰਨ |