ਸ਼ਿਕਾਗੋ, 8 ਮਈ (ਕੇਵਲ ਗੁਰਾਇਆ)-ਇੱਥੇ ਪੈਲਾਟਾਇਨ ਗੁਰਦੁਆਰਾ ਸਾਹਿਬ ਵਿਖੇ ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਭਿੰਡਰਾਂਵਾਲਿਆਂ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਤਿੰਨ ਦਿਨ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਹੋਈਆਂ | ਗਿਆਨੀ ਰਾਮ ਸਿੰਘ ਹੋਰਾਂ ਨੇ ਗੁਰਬਾਣੀ ਸ਼ਬਦਾਂ ਦੀ ਵਿਆਖਿਆ ਬੜੇ ਸਰਲ ਸ਼ਬਦਾਂ ਵਿਚ ਕੀਤੀ | ਸ੍ਰੀ ਗੁਰੂ ਅਮਰ ਦਾਸ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਹਾਨ ਜਰਨੈਲ ਹਰੀ ਸਿੰਘ ਨਲਵਾ ਦੇ ਜੀਵਨ ਨਾਲ ਸਬੰਧਿਤ ਘਟਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਅੰਮਿ੍ਤ ਛਕਣ ਲਈ ਪ੍ਰੇਰਿਤ ਕੀਤਾ | ਇਲਾਵਾ ਦਮਦਮੀ ਟਕਸਾਲ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ | ਸਮਾਗਮ ਦੇ ਅਖੀਰਲੇ ਦਿਨ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਨੂੰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਲਖਵਿੰਦਰ ਸਿੰਘ ਲਖਨਊ ਵਾਲਿਆਂ ਨੇ ਸਿਰਪਾਉ ਦੇ ਕੇ ਸਨਮਾਨਿਤ ਕੀਤਾ | ਗੁਰਦੁਆਰਾ ਸਾਹਿਬ ਦੇ ਧਾਰਮਿਕ ਸਕੱਤਰ ਸਤਿੰਦਰ ਸਿੰਘ ਸੁਸਾਣਾ ਨੇ ਵੀ ਸਿੰਘ ਸਾਹਿਬ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ |