ਅੰਮਿ੍ਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਚੀਨ ਦੇ ਦੌਰੇ 'ਤੇ ਹਨ | ਪਾਕਿ ਅਤੇ ਚੀਨ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕੀਤਾ | ਜਿਸ 'ਚ ਪਾਕਿ ਨੇ ਕਿਹਾ ਕਿ ਉਹ ਆਪਣੇ ਖੇਤਰ 'ਚ ਚੀਨੀ ਲੋਕਾਂ, ਪ੍ਰੋਜੈਕਟਾਂ ਅਤੇ ਸੰਸਥਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਾਅ ਕਰੇਗਾ | ਜਦਕਿ ਚੀਨ ਨੇ ਅੱਤਵਾਦ ਵਿਰੁੱਧ ਪਾਕਿਸਤਾਨ ਦੀ ਲੜਾਈ ਲਈ ਆਪਣਾ ਸਮਰਥਨ ਪ੍ਰਗਟ ਕੀਤਾ | ਪਾਕਿ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਚੀਨ ਨੂੰ ਜੰਮੂ-ਕਸ਼ਮੀਰ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ, ਜਿਸ 'ਤੇ ਚੀਨ ਨੇ ਪਾਕਿਸਤਾਨ ਦੇ ਸੁਰ 'ਚ ਸੁਰ ਮਿਲਾਉਂਦਿਆਂ ਕਿਹਾ ਕਿ ਇਹ ਵਿਵਾਦ ਪੁਰਾਣਾ ਹੈ ਅਤੇ ਇਸ ਨੂੰ ਸੰਯੁਕਤ ਰਾਸ਼ਟਰ ਚਾਰਟਰ, ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਅਤੇ ਦੁਵੱਲੇ ਸਮਝੌਤਿਆਂ ਅਨੁਸਾਰ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ | ਇਸ 'ਚ ਅੱਗੇ ਕਿਹਾ ਗਿਆ ਹੈ ਕਿ ਦੋਵੇਂ ਦੇਸ਼ਾਂ ਨੇ ਸਰਹੱਦੀ ਜਲ ਸਰੋਤਾਂ 'ਤੇ ਸਹਿਯੋਗ ਕਰਨ ਦੀ ਆਪਣੀ ਇੱਛਾ ਪ੍ਰਗਟ ਕੀਤੀ | ਚੀਨ ਨੇ ਸ਼ੰਘਾਈ ਸਹਿਯੋਗ ਸੰਗਠਨ ਦਾ ਅਗਲਾ ਚੇਅਰਮੈਨ ਬਣਨ ਲਈ ਪਾਕਿਸਤਾਨ ਦੀ ਕੋਸ਼ਿਸ਼ ਦਾ ਵੀ ਸਮਰਥਨ ਕੀਤਾ | ਦੋਵੇਂ ਦੇਸ਼ ਮੱਧ ਪੂਰਬ 'ਚ ਸ਼ਾਂਤੀ ਯਤਨਾਂ 'ਤੇ ਵੀ ਸਹਿਮਤ ਹੋਏ | ਪਾਕਿ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੁਝਾਵਾਂ ਦਾ ਸਮਰਥਨ ਕੀਤਾ ਅਤੇ ਚੀਨ ਨੇ ਅਮਰੀਕਾ ਅਤੇ ਈਰਾਨ ਵਿਚਕਾਰ ਅਸਥਾਈ ਜੰਗਬੰਦੀ ਲਈ ਪਾਕਿ ਦੇ ਯਤਨਾਂ ਦੀ ਸ਼ਲਾਘਾ ਕੀਤੀ |