07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵੈਨਕੂਵਰ 'ਚ ਖ਼ਾਲਿਸਤਾਨ ਪੱਖੀ ਰੈਲੀ

Ad Position 21
No active advertisement
ਅਜੀਤ ਡੈਸਕ 08-06-2026
ਵੈਨਕੂਵਰ, 7 ਜੂਨ (ਮਲਕੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਜੂਨ 1984 ਦੌਰਾਨ ਹੋਏ ਫੌਜੀ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਕੈਨੇਡਾ ਦੇ ਮਹਾਨਗਰ ਵੈਨਕੂਵਰ 'ਚ ਖ਼ਾਲਿਸਤਾਨ ਰੈਫਰੈਂਡਮ ਨਾਲ ਜੁੜੇ ਕਾਰਕੁੰਨਾਂ ਵੱਲੋਂ ਭਾਰਤੀ ਕੌਂਸਲੇਟ ਦੇ ਬਾਹਰ ਵੱਡੇ ਪੱਧਰ 'ਤੇ ਰੋਸ ਰੈਲੀ ਕੀਤੀ ਗਈ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਖ਼ਾਲਿਸਤਾਨ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਤੇ ਭਾਰਤੀ ਤਿਰੰਗੇ ਨੂੰ ਪਾੜ ਕੇ ਉਸ ਦਾ ਵਿਰੋਧ ਦਰਜ ਕਰਵਾਇਆ | ਰੈਲੀ 'ਚ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਲੋਕ ਸ਼ਾਮਲ ਹੋਏ, ਜਿਨ੍ਹਾਂ ਨੇ ਜੂਨ 1984 ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਭਾਰਤ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ | ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿਚ ਖ਼ਾਲਿਸਤਾਨੀ ਝੰਡੇ, ਬੈਨਰ ਤੇ ਵੱਖ-ਵੱਖ ਤਖ਼ਤੀਆਂ ਸਨ, ਜਿਨ੍ਹਾਂ 'ਤੇ 1984 ਦੀਆਂ ਘਟਨਾਵਾਂ ਤੇ ਸਿੱਖ ਕੌਮ ਨਾਲ ਹੋਏ ਕਥਿਤ ਅਨਿਆਇ ਸਬੰਧੀ ਨਾਅਰੇ ਲਿਖੇ ਹੋਏ ਸਨ | ਰੈਲੀ ਦੇ ਆਯੋਜਕਾਂ ਨੇ ਦਾਅਵਾ ਕੀਤਾ ਕਿ ਜੂਨ 1984 ਦੌਰਾਨ ਦਰਬਾਰ ਸਾਹਿਬ 'ਤੇ ਕੀਤੀ ਗਈ ਫੌਜੀ ਕਾਰਵਾਈ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਦੀਆਂ ਜਾਨਾਂ ਗਈਆਂ ਸਨ | ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੈਨਕੂਵਰ ਵਿਚ ਇਕੱਠ ਕਰਕੇ ਉਹ ਦੁਨੀਆ ਦਾ ਧਿਆਨ 1984 ਦੀਆਂ ਘਟਨਾਵਾਂ ਵੱਲ ਖਿੱਚਣਾ ਚਾਹੁੰਦੇ ਹਨ ਤੇ ਸਿੱਖਾਂ ਲਈ ਇਨਸਾਫ਼ ਦੀ ਮੰਗ ਨੂੰ ਉਭਾਰ ਰਹੇ ਹਨ | ਰੈਲੀ ਦੌਰਾਨ ਖ਼ਾਲਿਸਤਾਨ ਰੈਫਰੈਂਡਮ ਮੁਹਿੰਮ ਨਾਲ ਸਬੰਧਤ ਕਾਰਕੁੰਨਾਂ ਨੇ ਭਾਰਤੀ ਕੌਂਸਲੇਟ ਦੇ ਬਾਹਰ ਭਾਰਤ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਭਾਰਤੀ ਤਿਰੰਗੇ ਨੂੰ ਪਾੜੇ ਜਾਣ ਦੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਵਰਗਾਂ ਵੱਲੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ | ਆਯੋਜਕਾਂ ਦਾ ਕਹਿਣਾ ਸੀ ਕਿ ਇਹ ਰੈਲੀ ਭਾਰਤੀ ਪ੍ਰਭੂਸੱਤਾ ਨੂੰ ਚੁਣੌਤੀ ਦੇਣ ਲਈ ਨਹੀਂ, ਸਗੋਂ ਸਿੱਖ ਕੌਮ ਨਾਲ ਸਬੰਧਤ ਇਤਿਹਾਸਕ ਮੁੱਦਿਆਂ ਤੇ ਖ਼ੁਦ-ਨਿਰਣੇ ਦੇ ਅਧਿਕਾਰ ਦੀ ਮੰਗ ਨੂੰ ਉਜਾਗਰ ਕਰਨ ਲਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ 1984 ਦੀਆਂ ਘਟਨਾਵਾਂ ਨੂੰ ਨਹੀਂ ਭੁੱਲ ਸਕਦਾ ਅਤੇ ਇਨਸਾਫ਼ ਦੀ ਮੰਗ ਜਾਰੀ ਰਹੇਗੀ | ਦੂਜੇ ਪਾਸੇ ਭਾਰਤੀ ਭਾਈਚਾਰੇ ਅਤੇ ਭਾਰਤ ਪੱਖੀ ਜਥੇਬੰਦੀਆਂ ਨੇ ਤਿਰੰਗੇ ਦੀ ਬੇਅਦਬੀ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੇ ਰਾਸ਼ਟਰੀ ਝੰਡੇ ਦਾ ਅਪਮਾਨ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿਚ ਵੰਡ ਤੇ ਤਣਾਅ ਪੈਦਾ ਹੁੰਦਾ ਹੈ | ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਖ਼ਾਲਿਸਤਾਨ ਪੱਖੀ ਸਰਗਰਮੀਆਂ, ਹਰਦੀਪ ਸਿੰਘ ਨਿੱਝਰ ਮਾਮਲੇ ਤੇ ਹੋਰ ਵਿਵਾਦਾਂ ਕਾਰਨ ਭਾਰਤ ਤੇ ਕੈਨੇਡਾ ਦੇ ਸਬੰਧ ਕਈ ਵਾਰ ਤਣਾਅਪੂਰਨ ਰਹੇ ਹਨ | ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੇ ਪ੍ਰਦਰਸ਼ਨ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਿਕ ਸਬੰਧਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ, ਭਾਵੇਂ ਦੋਵੇਂ ਦੇਸ਼ ਵਪਾਰਕ ਤੇ ਕੂਟਨੀਤਿਕ ਪੱਧਰ 'ਤੇ ਰਿਸ਼ਤਿਆਂ ਨੂੰ ਸੁਧਾਰਨ ਲਈ ਕੋਸ਼ਿਸ਼ਾਂ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਵੈਨਕੂਵਰ ਆਰਟ ਗੈਲਰੀ 'ਚ ਜੂਨ '84 ਦੀ ਯਾਦ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਤੀਜੇ ਘੱਲੂਘਾਰੇ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ਼ਹੀਦੀ ਸਮਾਗਮ
Ad Position 24
No active advertisement