13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜੂਨ ‘84 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ’ਤੇ ਵਰਲਡ ਸਿੱਖ ਪਾਰਲੀਮੈਂਟ ਵਲੋਂ ਸੰਯੁਕਤ ਰਾਸ਼ਟਰ ਜੇਨੇਵਾ ਵਿਖੇ ਲਗਾਈ ਪ੍ਰਦਰਸ਼ਨੀ

Ad Position 21
No active advertisement
ਅਜੀਤ ਡੈਸਕ 25-06-2026
**ਮਨੁੱਖੀ ਅਧਿਕਾਰ ਕਮਿਸ਼ਨਰ ਨੂੰ ਸੌਂਪਿਆਂ ਯਾਦ-ਪੱਤਰ
ਲੰਡਨ, 24 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਜੂਨ 1984 ਦੇ ਖ਼ੂਨੀ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜੇਨੇਵਾ ਵਿਖੇ ਸੰਯੁਕਤ ਰਾਸ਼ਟਰ ਦੇ ਸਾਹਮਣੇ ਇੱਕ ਵਿਸ਼ੇਸ਼ ਯਾਦਗਾਰੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਮਨੁੱਖੀ ਅਧਿਕਾਰਾਂ ਦੇ ਕਮਿਸ਼ਨਰ ਨੂੰ ਪਾਰਲੀਮੈਂਟ ਦੇ ਵਫਦ ਵੱਲੋਂ ਇੱਕ ਯਾਦ-ਪੱਤਰ ਵੀ ਸੌਂਪਿਆ ਗਿਆ। ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਕੈਨਿਜ਼ਮਾਂ, ਅੰਤਰਰਾਸ਼ਟਰੀ ਕੂਟਨੀਤਿਕ ਪ੍ਰਤੀਨਿਧੀਆਂ ਅਤੇ ਮੀਡੀਆ ਨਾਲ ਅਹਿਮ ਮੁਲਾਕਾਤਾਂ ਦੌਰਾਨ ਸੰਸਥਾ ਨੇ ਭਾਰਤੀ ਹਕੂਮਤ ਵੱਲੋਂ ਸਿੱਖਾਂ ਅਤੇ ਹੋਰ ਘੱਟ ਗਿਣਤੀ ਕੌਮਾਂ ਉੱਤੇ ਕੀਤੇ ਜਾ ਰਹੇ ਜ਼ੁਲਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ 1984 ਤੋਂ ਬਾਅਦ ਪੰਜਾਬ ਵਿਚ ਹੋਈਆਂ ਗੁੰਮਸ਼ੁਦਗੀਆਂ ਤੇ ਝੂਠੇ ਪੁਲਿਸ ਮੁਕਾਬਲਿਆਂ ਬਾਰੇ ਦਸਤਾਵੇਜ਼ ਪੇਸ਼ ਕੀਤੇ। ਸੰਯੁਕਤ ਰਾਸ਼ਟਰ ਦੇ ਪ੍ਰਵਾਸੀਆਂ ਦੇ ਮਨੁੱਖੀ ਅਧਿਕਾਰਾਂ ਬਾਰੇ ਵਿਸ਼ੇਸ਼ ਰੈਪੋਰਟਰ ਸ੍ਰੀ ਗੇਹਾਦ ਮਾਦੀ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕਰਦਿਆਂ ਵਰਲਡ ਸਿੱਖ ਪਾਰਲੀਮੈਂਟ ਦੇ ਪ੍ਰਤੀਨਿਧੀਆਂ ਨੇ 1984 ਦੀ ਸਿੱਖ ਨਸਲਕੁਸ਼ੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਦੇਣ ਦੀ ਜ਼ੋਰਦਾਰ ਮੰਗ ਕੀਤੀ। ਵਫ਼ਦ ਨੇ ਸਪੱਸ਼ਟ ਕੀਤਾ ਕਿ ਚਾਰ ਦਹਾਕਿਆਂ ਬਾਅਦ ਵੀ ਪੀੜਤ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਇਸਦੇ ਨਾਲ ਹੀ ਅੰਤਰਰਾਸ਼ਟਰੀ ਕਾਨੂੰਨ ਅਤੇ ਸੰਯੁਕਤ ਰਾਸ਼ਟਰ ਚਾਰਟਰ ਦੇ ਅਧੀਨ ਸਿੱਖ ਕੌਮ ਦੇ ਸਵੈ-ਨਿਰਣੇ ਅਤੇ ਖਾਲਿਸਤਾਨ ਦੀ ਅਜ਼ਾਦੀ ਲਈ ਚੱਲ ਰਹੇ ਸ਼ਾਂਤੀਪੂਰਨ ਸੰਘਰਸ਼ ਦੀ ਵਕਾਲਤ ਵੀ ਕੀਤੀ ਗਈ, ਜਿਸ ਨੂੰ ਗਲਤ ਬਿਆਨਬਾਜ਼ੀ ਰਾਹੀਂ ਅੱਤਵਾਦ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ ਗਈ। ਦੁਨੀਆ ਭਰ ਵਿਚ ਸਿੱਖਾਂ ਵਿਰੁੱਧ ਵੱਧ ਰਹੇ ਸਰਹੱਦੋਂ ਪਾਰ ਦਮਨ ਦਾ ਮੁੱਦਾ ਵੀ ਗੰਭੀਰਤਾ ਨਾਲ ਚੁੱਕਿਆ ਗਿਆ। ਸੰਸਥਾ ਨੇ ਕੈਨੇਡਾ ਵਿਚ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਅਤੇ ਯੂ ਕੇ ਵਿਚ ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ ਵਿਦੇਸ਼ਾਂ ਵਿਚ ਸ਼ਾਂਤੀਪੂਰਨ ਤਰੀਕੇ ਨਾਲ ਖਾਲਿਸਤਾਨ ਦੀ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਆਗੂਆਂ, ਕਾਰਕੁਨਾਂ, ਪੱਤਰਕਾਰਾਂ ਅਤੇ ਮਨੁੱਖੀ ਅਧਿਕਾਰ ਰੱਖਿਅਕਾਂ ਨੂੰ ਲਗਾਤਾਰ ਧਮਕੀਆਂ, ਨਿਗਰਾਨੀ ਅਤੇ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਵਿਚਾਰ-ਵਟਾਂਦਰੇ ਦਾ ਅਹਿਮ ਅਤੇ ਕੇਂਦਰੀ ਬਿੰਦੂ ਸਿੱਖ ਕਾਰਕੁਨ ਗੁਰਪ੍ਰੀਤ ਸਿੰਘ ਰੀਹਲ ਦਾ ਮਾਮਲਾ ਰਿਹਾ, ਜਿਸ ਨੂੰ ਸੰਸਥਾ ਨੇ ਕੌਮਾਂਤਰੀ ਪੱਧਰ ‘ਤੇ ਉਚੇਚੇ ਤੌਰ ‘ਤੇ ਉਜਾਗਰ ਕੀਤਾ। ਵਰਲਡ ਸਿੱਖ ਪਾਰਲੀਮੈਂਟ ਨੇ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਿ ਭਾਈ ਗੁਰਪ੍ਰੀਤ ਸਿੰਘ ਦਾ ਕੇਸ ਯੂਰਪੀ ਮਨੁੱਖੀ ਅਧਿਕਾਰ ਕਨਵੈਨਸ਼ਨ ਦੇ ਕਈ ਮੂਲ ਅਧਿਕਾਰਾਂ ਨਾਲ ਸਿੱਧਾ ਜੁੜਿਆ ਹੋਇਆ ਬਹੁਤ ਗੰਭੀਰ ਮਨੁੱਖੀ ਅਧਿਕਾਰਾਂ ਦਾ ਮਾਮਲਾ ਹੈ। ਵਫ਼ਦ ਨੇ ਸਾਫ਼ ਤੌਰ ‘ਤੇ ਕਿਹਾ ਕਿ ਇਸ ਮਾਮਲੇ ਨੇ ਕਾਨੂੰਨੀ ਪ੍ਰਕਿਰਿਆ, ਇਨਸਾਫ਼ ਮਿਲਣ ਦੇ ਤਰੀਕਿਆਂ, ਆਪਣੀ ਗੱਲ ਕਹਿਣ ਦੀ ਆਜ਼ਾਦੀ, ਜਥੇਬੰਦੀ ਬਣਾਉਣ ਦੇ ਹੱਕ ਅਤੇ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਲੋਕਾਂ ਦੀ ਸੁਰੱਖਿਆ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ, ਇਸ ਲਈ ਪੂਰੀ ਦੁਨੀਆ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਪਾਸੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਇਸਤੋਂ ਇਲਾਵਾ ਸੰਯੁਕਤ ਰਾਸ਼ਟਰ ਅੱਗੇ ਉਨ੍ਹਾਂ ਰਾਜਸੀ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ। ਜੇਨੇਵਾ ਪ੍ਰੈਸ ਕਲੱਬ ਵਿਖੇ ਅੰਤਰਰਾਸ਼ਟਰੀ ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਵਫ਼ਦ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਤਫ਼ਸੀਲੀ ਜਵਾਬ ਦਿੱਤੇ। ਇਸ ਮੌਕੇ ਭਾਈ ਹਿੰਮਤ ਸਿੰਘ ਅਮਰੀਕਾ, ਭਾਈ ਪ੍ਰਭ ਸਿੰਘ ਕੈਨੇਡਾ, ਭਾਈ ਜੋਗਾ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਅਮਰੀਕ ਸਿੰਘ ਸਹੋਤਾ ਇੰਗਲੈਂਡ, ਭਾਈ ਪ੍ਰਿਤਪਾਲ ਸਿੰਘ ਸਵਿਟਜ਼ਰਲੈਂਡ, ਭਾਈ ਸ਼ਿੰਗਾਰਾ ਸਿੰਘ, ਭਾਈ ਸਤਨਾਮ ਸਿੰਘ ਫਰਾਂਸ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਪਾਲ ਸਿੰਘ, ਦਲ ਖਾਲਸਾ ਦੇ ਪ੍ਰਧਾਨ ਭਾਈ ਹਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਬਹਾਦਰ ਸਿੰਘ ਜਰਮਨੀ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਸਾਹਿਤਕਾਰ ਗੁਰਦੇਵ ਸਿੰਘ ਮਾਨ ਦੀ ਯਾਦ ’ਚ ਸਾਹਿਤਕ ਸਮਾਗਮ ਅਗਲੀ ਖ਼ਬਰ ਸਰੀ ’ਚ 28 ਨੂੰ ਲੱਗਣਗੀਆਂ ਤੀਆਂ ਦੀਆਂ ਰੌਣਕਾਂ
Ad Position 24