ਗਲਾਸਗੋ, 28 ਜੂਨ (ਹਰਜੀਤ ਸਿੰਘ ਦੁਸਾਂਝ ਪੁਆਦੜਾ)-ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਵਿਚ ਕਥਿਤ ਮੁਸਲਿਮ ਵਿਰੋਧੀ ਹਮਲਿਆਂ ਤੋਂ ਇੱਕ ਹਫ਼ਤੇ ਬਾਅਦ 5000 ਹਜ਼ਾਰ ਤੋਂ ਵੱਧ ਲੋਕ ਨਸਲਵਾਦ ਅਤੇ ਧਾਰਮਿਕ ਨਫ਼ਰਤ ਦੇ ਖ਼ਿਲਾਫ਼ ਸੜਕਾਂ ’ਤੇ ਉਤਰ ਆਏ। ਪ੍ਰਦਰਸ਼ਨਕਾਰੀਆਂ ਨੇ ਏਕਤਾ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਜਾਂ ਹਿੰਸਾ ਲਈ ਸਮਾਜ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ। ਇਹ ਪ੍ਰਦਰਸ਼ਨ ਉਸ ਵੇਲੇ ਹੋਇਆ ਜਦੋਂ ਪਿਛਲੇ ਹਫ਼ਤੇ ਸ਼ਹਿਰ ਵਿੱਚ ਹੋਏ ਕਈ ਚਾਕੂ ਹਮਲਿਆਂ ਤੋਂ ਬਾਅਦ ਇੱਕ ਵਿਅਕਤੀ ’ਤੇ ਅੱਤਵਾਦ ਨਾਲ ਸੰਬੰਧਿਤ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਗਏ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਮਲਿਆਂ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਕਾਰਨ ਮਾਮਲੇ ਨੂੰ ਦਹਿਸ਼ਤਗਰਦੀ ਵਿਰੋਧੀ ਜਾਂਚ ਦੇ ਤਹਿਤ ਦੇਖਿਆ ਜਾ ਰਿਹਾ ਹੈ। ਇਸ ਹਮਲੇ ਵਿੱਚ ਦੋ ਭਾਰਤੀ ਵਿਦਿਆਰਥੀ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋਏ। ਰੈਲੀ ਵਿੱਚ ਸ਼ਾਮਲ ਲੋਕਾਂ ਨੇ “ਨਸਲਵਾਦ ਲਈ ਕੋਈ ਥਾਂ ਨਹੀਂ” ਅਤੇ “ਅਸੀਂ ਇਕੱਠੇ ਹਾਂ” ਵਰਗੇ ਨਾਅਰੇ ਲਗਾਏ। ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ ਅਤੇ ਲੋਕਾਂ ਨੂੰ ਨਫ਼ਰਤ ਫੈਲਾਉਣ ਵਾਲੀਆਂ ਘਟਨਾਵਾਂ ਦਾ ਡਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮਕਸਦ ਮੁਸਲਿਮ ਭਾਈਚਾਰੇ ਅਤੇ ਹੋਰ ਘੱਟਗਿਣਤੀ ਸਮੂਹਾਂ ਨਾਲ ਇੱਕਜੁੱਟਤਾ ਪ੍ਰਗਟ ਕਰਨਾ ਅਤੇ ਇਹ ਸੰਦੇਸ਼ ਦੇਣਾ ਸੀ ਕਿ ਐਡਿਨਬਰਾ ਇੱਕ ਅਜਿਹਾ ਸ਼ਹਿਰ ਹੈ ਜਿੱਥੇ ਹਰ ਧਰਮ, ਨਸਲ ਅਤੇ ਪਿਛੋਕੜ ਦੇ ਲੋਕਾਂ ਦਾ ਸਵਾਗਤ ਹੈ। ਪੁਲਿਸ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਜਾਂਚ ਪੂਰੀ ਹੋਣ ਤੱਕ ਧੀਰਜ ਰੱਖਣ ਦੀ ਅਪੀਲ ਕੀਤੀ ਹੈ। ਨਾਲ ਹੀ ਭਰੋਸਾ ਦਿਵਾਇਆ ਗਿਆ ਹੈ ਕਿ ਸ਼ਹਿਰ ਵਿੱਚ ਸੁਰੱਖਿਆ ਦੇ ਇੰਤਜ਼ਾਮ ਹੋਰ ਮਜ਼ਬੂਤ ਕੀਤੇ ਗਏ ਹਨ ਅਤੇ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਐਡਿਨਬਰਾ ਵਿਚ ਮੁਸਲਿਮ ਵਿਰੋਧੀ ਹਮਲਿਆਂ ਤੋਂ ਇਕ ਹਫ਼ਤੇ ਬਾਅਦ ਹਜ਼ਾਰਾਂ ਲੋਕਾਂ ਨੇ ਨਸਲਵਾਦ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ
ਅਜੀਤ ਡੈਸਕ
29-06-2026