ਨਿਊਯਾਰਕ, 3 ਜੁਲਾਈ (ਰਾਜੂ ਸਹਿਬਾਜ਼ਪੁਰਾ)-ਅਮਰੀਕਾ ਵਿੱਚ ਗੈਰਕਾਨੂੰਨੀ ਇਮੀਗ੍ਰੇਸ਼ਨ ਖ਼ਿਲਾਫ਼ ਟਰੰਪ ਪ੍ਰਸ਼ਾਸਨ ਨੇ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸ) ਨੇ ਜੂਨ ਦੇ ਆਖ਼ਰੀ ਪੰਜ ਦਿਨਾਂ ਦੌਰਾਨ ਕਰੀਬ 10 ਹਜ਼ਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ। ਇਸ ਦਾ ਮਤਲਬ ਹੈ ਕਿ ਏਜੰਸੀ ਹਰ ਰੋਜ਼ ਔਸਤਨ 2 ਹਜ਼ਾਰ ਗ੍ਰਿਫ਼ਤਾਰੀਆਂ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਪਹਿਲਾਂ ਵਾਂਗ ਕਿਸੇ ਇੱਕ ਵੱਡੇ ਸ਼ਹਿਰ ਵਿੱਚ ਵੱਡੀਆਂ ਛਾਪੇਮਾਰੀਆਂ ਕਰਨ ਦੀ ਬਜਾਏ ਦੇਸ਼ ਭਰ ਵਿੱਚ ਚੁੱਪਚਾਪ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਗੈਰਕਾਨੂੰਨੀ ਤੌਰ ’ਤੇ ਰਹਿ ਰਹੇ ਲੋਕਾਂ ਨੂੰ ਲੱਭ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਹੋਮਲੈਂਡ ਸਿਕਿਉਰਿਟੀ ਵਿਭਾਗ ਨੇ ਕਿਹਾ ਹੈ ਕਿ ਕਤਲ, ਜਬਰ-ਜ਼ਨਾਹ, ਗੈਂਗ ਗਤੀਵਿਧੀਆਂ ਜਾਂ ਹੋਰ ਗੰਭੀਰ ਅਪਰਾਧਾਂ ਨਾਲ ਜੁੜੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਗ੍ਰਿਫ਼ਤਾਰ ਕਰਕੇ ਦੇਸ਼ ਤੋਂ ਬਾਹਰ ਭੇਜਿਆ ਜਾ ਰਿਹਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਰਹਿ ਰਿਹਾ ਹੈ, ਉਸ ਵਿਰੁੱਧ ਕਾਰਵਾਈ ਜਾਰੀ ਰਹੇਗੀ। ਇਸ ਦੇ ਨਾਲ ਹੀ ਆਈਸ ਦੇ ਡਿਟੈਨਸ਼ਨ ਸੈਂਟਰਾਂ ਵਿੱਚ ਬੰਦ ਲੋਕਾਂ ਦੀ ਗਿਣਤੀ ਵੀ ਵਧ ਕੇ ਕਰੀਬ 39 ਹਜ਼ਾਰ ਹੋ ਗਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਟਰੰਪ ਪ੍ਰਸ਼ਾਸਨ ਆਪਣੀ ਵੱਡੀ ਡਿਪੋਰਟੇਸ਼ਨ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾ ਰਿਹਾ ਹੈ।