ਨਿਊਯਾਰਕ, 3 ਜੁਲਾਈ (ਰਾਜੂ ਸਹਿਬਾਜ਼ਪੁਰਾ)-ਕਨੈਕਟੀਕਟ ਦੇ ਵਰਨਨ ਸ਼ਹਿਰ ਵਿੱਚ ਸਥਿਤ ਇਸਲਾਮਿਕ ਸੈਂਟਰ ਨੂੰ ਨਫ਼ਰਤ ਭਰੀਆਂ ਅਤੇ ਧਮਕੀ ਵਾਲੀਆਂ ਫੋਨ ਕਾਲਾਂ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮੈਨਚੈਸਟਰ ਦੇ 41 ਸਾਲਾ ਜੇਸਨ ਬਿਗਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਨਫ਼ਰਤੀ ਅਪਰਾਧ, ਹੈਰਾਸਮੈਂਟ ਅਤੇ ਸ਼ਾਂਤੀ ਭੰਗ ਕਰਨ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਸਜਿਦ ਦੇ ਮੈਂਬਰਾਂ ਨੇ ਦੱਸਿਆ ਕਿ ਅਜਿਹੀਆਂ ਘਟਨਾਵਾਂ ਦੁੱਖਦਾਇਕ ਹਨ, ਪਰ ਇਸ ਨਾਲ ਉਨ੍ਹਾਂ ਦਾ ਹੌਸਲਾ ਨਹੀਂ ਟੁੱਟੇਗਾ। ਘਟਨਾ ਤੋਂ ਬਾਅਦ ਮਸਜਿਦ ਨੇ ਆਪਣੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਕੌਂਸਲ ਆਨ ਅਮਰੀਕਨ-ਇਸਲਾਮਿਕ ਰਿਲੇਸ਼ਨਜ਼ ਨੇ ਕਿਹਾ ਕਿ ਦੇਸ਼ ਵਿੱਚ ਮੁਸਲਮਾਨਾਂ ਵਿਰੁੱਧ ਨਫ਼ਰਤੀ ਘਟਨਾਵਾਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ ਹੈ। ਸੰਸਥਾ ਨੇ ਸਾਰੀਆਂ ਮਸਜਿਦਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਧਮਕੀ ਭਰੀ ਕਾਲ ਜਾਂ ਹੋਰ ਸ਼ੱਕੀ ਗਤੀਵਿਧੀ ਸਾਹਮਣੇ ਆਵੇ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਮਸਜਿਦ ਪ੍ਰਬੰਧਕਾਂ ਨੇ ਕਿਹਾ ਕਿ ਉਹ ਦੋਸ਼ੀ ਨੂੰ ਸਜ਼ਾ ਮਿਲਣ ਦੀ ਉਮੀਦ ਕਰਦੇ ਹਨ, ਪਰ ਨਾਲ ਹੀ ਇਹ ਵੀ ਚਾਹੁੰਦੇ ਹਨ ਕਿ ਲੋਕ ਨਫ਼ਰਤ ਫੈਲਾਉਣ ਦੀ ਬਜਾਏ ਇਸਲਾਮ ਅਤੇ ਮੁਸਲਿਮ ਭਾਈਚਾਰੇ ਨੂੰ ਨੇੜੇ ਤੋਂ ਸਮਝਣ ਦੀ ਕੋਸ਼ਿਸ਼ ਕਰਨ।