ਨਿਊਯਾਰਕ, 4 ਜੁਲਾਈ (ਰਾਜੂ ਸਹਿਬਾਜ਼ਪੁਰਾ)-ਅਮਰੀਕਾ ਦੇ ਟੈਕਸਾਸ ਸੂਬੇ ਦੇ ਡੱਲਾਸ ਸ਼ਹਿਰ ਦੇ ਓਕ ਕਲਿਫ਼ ਇਲਾਕੇ ਵਿੱਚ ਮਈ ਮਹੀਨੇ ਹੋਏ ਭਿਆਨਕ ਗੈਸ ਧਮਾਕੇ ਦੀ ਸ਼ੁਰੂਆਤੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਡ੍ਰਿਲਿੰਗ ਤੋਂ ਪਹਿਲਾਂ ਜ਼ਮੀਨ ਹੇਠਾਂ ਲੰਘ ਰਹੀ ਕੁਦਰਤੀ ਗੈਸ ਪਾਈਪਲਾਈਨ ਦੀ ਸਹੀ ਨਿਸ਼ਾਨਦੇਹੀ ਨਹੀਂ ਕੀਤੀ ਗਈ ਸੀ। ਜਾਂਚ ਅਨੁਸਾਰ ਡ੍ਰਿਲਿੰਗ ਦੌਰਾਨ ਗੈਸ ਪਾਈਪਲਾਈਨ ਨੂੰ ਨੁਕਸਾਨ ਪਹੁੰਚਿਆ, ਜਿਸ ਕਾਰਨ ਗੈਸ ਲੀਕ ਹੋਈ ਅਤੇ ਕੁਝ ਸਮੇਂ ਬਾਅਦ ਜ਼ੋਰਦਾਰ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋਏ। ਧਮਾਕਾ ਇੰਨਾ ਭਿਆਨਕ ਸੀ ਕਿ ਅਪਾਰਟਮੈਂਟ ਦੀ ਇਮਾਰਤ ਪੂਰੀ ਤਰ੍ਹਾਂ ਢਹਿ ਗਈ। ਨੇੜਲੇ ਘਰਾਂ ਅਤੇ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ, ਜਿਸ ਕਾਰਨ ਆਲੇ-ਦੁਆਲੇ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਭੇਜਣਾ ਪਿਆ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਕਿਹਾ ਹੈ ਕਿ ਹਾਦਸੇ ਦੇ ਸਹੀ ਕਾਰਨਾਂ ਅਤੇ ਜ਼ਿੰਮੇਵਾਰ ਧਿਰਾਂ ਦੀ ਪੂਰੀ ਜਾਂਚ ਅਜੇ ਜਾਰੀ ਹੈ ਅਤੇ ਅੰਤਿਮ ਰਿਪੋਰਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।