15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 22-07-2026
ਲੰਡਨ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ, ਜਿਨ੍ਹਾਂ ਨੇ “ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਈ” ਦੇ ਮਹਾਨ ਸਿਧਾਂਤ ਨੂੰ ਆਪਣੇ ਜੀਵਨ ਅਤੇ ਸ਼ਹਾਦਤ ਰਾਹੀਂ ਅਮਰ ਕਰ ਦਿੱਤਾ, ਉਨ੍ਹਾਂ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰਮਤਿ ਦੀਵਾਨ ਸਜਾਏ ਗਏ। ਇਸ ਮੌਕੇ ਜਰਮਨੀ ਦੇ ਵੱਖ-ਵੱਖ ਸ਼ਹਿਰਾਂ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਪੁੱਜੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦੀਵਾਨਾਂ ਦੀ ਆਰੰਭਤਾ ਗੁਰਬਾਣੀ ਕੀਰਤਨ ਨਾਲ ਹੋਈ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥੇ ਅਤੇ ਗੁਰਮਤਿ ਕਲਾਸਾਂ ਦੇ ਬੱਚਿਆਂ ਨੇ ਅੰਮ੍ਰਿਤਮਈ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਟੇਜ ਦੀ ਸੇਵਾ ਨਿਭਾਉਂਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਦੇਸ਼ ਪੰਜਾਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਦੇ ਨਿਧੜਕ ਪੰਥਕ ਵਿਦਵਾਨ ਅਤੇ “ਇੱਕ ਪੰਥ, ਇੱਕ ਗ੍ਰੰਥ” ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਪ੍ਰਚਾਰਨ ਵਾਲੇ ਭਾਈ ਸਰਬਜੀਤ ਸਿੰਘ ਧੂੰਦਾ ਨੂੰ ਜੀ ਆਇਆਂ ਕਿਹਾ। ਇਸ ਮੌਕੇ ਭਾਈ ਸਰਬਜੀਤ ਸਿੰਘ ਧੂੰਦਾ ਨੇ ਗੁਰਮਤਿ ਵੀਚਾਰਾਂ ਦੀ ਸਾਂਝ ਪਾਉਂਦਿਆਂ ਹੋਇਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਹੀ ਸਿੱਖ ਜੀਵਨ ਦੀ ਸਦੀਵੀ ਰਹਿਨੁਮਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਕਰਮਕਾਂਡਾਂ, ਵਹਿਮਾਂ-ਭਰਮਾਂ ਅਤੇ ਅੰਧਵਿਸ਼ਵਾਸਾਂ ਤੋਂ ਦੂਰ ਰਹਿੰਦਿਆਂ ਗੁਰਬਾਣੀ ਦੀ ਰੌਸ਼ਨੀ ਵਿੱਚ ਜੀਵਨ ਜਿਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕਈ ਡੇਰੇਵਾਦੀ ਅਤੇ ਪਖੰਡੀ ਲੋਕ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲੋਂ ਤੋੜ ਕੇ ਵਿਅਕਤੀ-ਪੂਜਾ ਵੱਲ ਲਿਜਾਣ ਦਾ ਯਤਨ ਕਰ ਰਹੇ ਹਨ, ਜਦਕਿ ਸਿੱਖ ਦਾ ਇੱਕੋ-ਇੱਕ ਸਦੀਵੀ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਇਸ ਲਈ ਹਰ ਸਿੱਖ ਨੂੰ ਗੁਰਬਾਣੀ ਦੀ ਕਸਵੱਟੀ ’ਤੇ ਹਰ ਵਿਚਾਰ ਨੂੰ ਪਰਖਦਿਆਂ ਗੁਰੂ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨਾ ਚਾਹੀਦਾ ਹੈ। ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਭਾਈ ਧੂੰਦਾ ਨੇ ਕਿਹਾ ਕਿ ਭਾਈ ਤਾਰਾ ਸਿੰਨ੍ਹ ਸਾਹਿਬ ਨੇ ਜ਼ੁਲਮ ਅੱਗੇ ਸਿਰ ਨਹੀਂ ਝੁਕਾਇਆ, ਸਗੋਂ ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਉਂਦਿਆਂ ਹੋਇਆਂ ਅਦੁੱਤੀ ਸ਼ਹਾਦਤ ਦਿੱਤੀ। ਉਨ੍ਹਾਂ ਦਾ ਜੀਵਨ ਹਰ ਸਿੱਖ ਲਈ ਇਹ ਸੰਦੇਸ਼ ਦਿੰਦਾ ਹੈ ਕਿ ਗੁਰੂ ਦੇ ਸਿਧਾਂਤਾਂ ’ਤੇ ਦ੍ਰਿੜ੍ਹ ਰਹਿਣਾ ਹੀ ਸੱਚੀ ਸਿੱਖੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਸਿੱਖੀ ਨੂੰ ਕੇਸਾਂ ਅਤੇ ਸੁਆਸਾਂ ਸੰਗ ਨਿਭਾਉਣ ਦਾ ਦ੍ਰਿੜ੍ਹ ਸੰਕਲਪ ਕਰਨਾ ਚਾਹੀਦਾ ਹੈ। ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਗੁਰਬਾਣੀ ਆਧਾਰਿਤ ਨਿਰੋਲ ਗੁਰਮਤਿ ਵਿਚਾਰ ਨੂੰ ਸੁਣਨ, ਸਮਝਣ ਅਤੇ ਸੱਚ-ਝੂਠ ਦਾ ਨਿਖੇੜਾ ਕਰਨ ਲਈ ਸੰਗਤਾਂ ਵਿੱਚ ਅੱਜ ਵੀ ਡੂੰਘੀ ਲਗਨ ਅਤੇ ਉਤਸ਼ਾਹ ਮੌਜੂਦ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਨੂਪ ਸਿੰਘ ਨੇ ਭਾਈ ਸਰਬਜੀਤ ਸਿੰਘ ਧੂੰਦਾ ਜੀ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਵਿੱਚ ਗੁਰਬਾਣੀ ਅਧਾਰਿਤ ਪ੍ਰਚਾਰ ਹੀ ਸਿੱਖ ਕੌਮ ਨੂੰ ਚੜ੍ਹਦੀ ਕਲਾ ਵੱਲ ਲੈ ਜਾ ਸਕਦਾ ਹੈ। ਅੰਤ ਵਿੱਚ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਚਾਰਿਕ ਵਖਰੇਵਿਆਂ ਕਰਕੇ ਸਿੱਖ ਕੌਮ ਦੇ ਪ੍ਰਚਾਰਕਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤਣਾ ਗੁਰਮਤਿ ਨਹੀਂ ਹੈ। ਜਿਨ੍ਹਾਂ ਦੇ ਹਿਰਦੇ ਵਿੱਚ ਗੁਰੂ ਦਾ ਨਾਮ ਅਤੇ ਗੁਰਬਾਣੀ ਦੀ ਵਿਚਾਰ ਵੱਸਦੀ ਹੈ, ਉਹ ਆਪਣੇ ਵਿਰੋਧੀਆਂ ਨਾਲ ਵੀ ਮਿੱਠੇ ਬਚਨ ਬੋਲਦੇ ਹਨ ਅਤੇ ਪਿਆਰ ਨਾਲ ਗਲਵੱਕੜੀ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਰਾਜ ਉੱਚੇ-ਸੁੱਚੇ ਕਿਰਦਾਰ, ਆਪਸੀ ਪਿਆਰ ਅਤੇ ਕੌਮੀ ਏਕਤਾ ਦੇ ਬਲ ’ਤੇ ਕਾਇਮ ਹੋਇਆ ਸੀ। ਅੱਜ ਲੋੜ ਹੈ ਕਿ ਸਿੱਖ ਕੌਮ ਆਪਣੇ ਮਹਾਨ ਸ਼ਹੀਦਾਂ, ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਵਰਗੇ ਮਹਾਨ ਯੋਧਿਆਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਆਪਣੇ ਕਿਰਦਾਰ ਨੂੰ ਉੱਚਾ ਕਰਨ ਦੀ ਜਦੋਂ ਸਿੱਖ ਕੌਮ ਗੁਰਬਾਣੀ, ਗੁਰੂ ਅਤੇ ਉੱਚੇ ਆਚਰਨ ਨਾਲ ਜੁੜੇਗੀ ਤਾਂ ਸਿੱਖ ਕੌਮ ਦੀ ਚੜ੍ਹਦੀ ਕਲਾ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕੇਗੀ। ਦੀਵਾਨਾਂ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਿੱਖ ਸੈਂਟਰ ਟਫਰੈਂਕਫੋਰਟ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ-ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੂੰਦਾ ਜੀ ਦਾ ਗੁਰਮਤਿ ਪ੍ਰਚਾਰ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਲਈ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦਾ ਸਮਾਪਨ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਉਣ ਨਾਲ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਬੀਬੀ ਚਰਨਜੀਤ ਕੌਰ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸਨਮਾਨ ਅਗਲੀ ਖ਼ਬਰ ਕੈਨੇਡਾ ’ਚ ਪੰਜਾਬੀ ਦੀ ਨਿਕਲੀ 5 ਲੱਖ ਡਾਲਰ ਦੀ ਲਾਟਰੀ
Ad Position 24