ਸ਼੍ਰੋਮਣੀ ਅਕਾਲੀ ਦਲ ਅਮਰੀਕਾ ਨੇ ਵਜਾਇਆ 2027 ਦੀਆਂ ਪੰਜਾਬ ਚੋਣਾਂ ਦਾ ਬਿਗਲ
ਅਜੀਤ ਡੈਸਕ
26-07-2026
ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਸਤਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ਵਿੱਚ ਅਕਾਲੀ ਦਲ ਦੀ ਮੈਟਰੋਪੋਲਿਟਨ ਇਕਾਈ ਦੇ ਆਗੂਆਂ ਦੇ ਨਾਲ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।
ਇਕੱਠ ਨੂੰ ਸੰਬੋਧਨ ਕਰਦਿਆਂ ਰੋਜ਼ੀ ਬਰਕੰਦੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਸੁਨੇਹਾ ਸਾਂਝਾ ਕੀਤਾ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਤੇ ਸਮਾਜਿਕ ਹਾਲਾਤ ਬਾਰੇ ਵਿਸਥਾਰ ਨਾਲ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਵਿਕਾਸ ਵਿੱਚ ਪਰਵਾਸੀ ਪੰਜਾਬੀਆਂ ਦਾ ਯੋਗਦਾਨ ਹਮੇਸ਼ਾ ਅਹਿਮ ਰਿਹਾ ਹੈ।
ਬਰਕੰਦੀ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੇਗਾ। ਸਮਾਗਮ ਦੌਰਾਨ ਪਾਰਟੀ ਆਗੂਆਂ ਨੇ ਉਨ੍ਹਾਂ ਨੂੰ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਵਰਜੀਨੀਆ ਸਟੇਟ ਇਕਾਈ ਦੇ ਪ੍ਰਧਾਨ ਕੁਲਦੀਪ ਸਿੰਘ ਮੱਲ੍ਹਾ, ਜਥੇਦਾਰ ਪ੍ਰਤਾਪ ਸਿੰਘ ਤਰਨਤਾਰਨ, ਵਾਸ਼ਿੰਗਟਨ ਇਕਾਈ ਦੇ ਪ੍ਰਧਾਨ ਲਖਵੀਰ ਸਿੰਘ ਤੱਖਰ, ਅਮਰਜੀਤ ਸਿੰਘ ਗਰੇਵਾਲ ਅਤੇ ਗੁਰਚਰਨ ਸਿੰਘ ਲਹਿਲ ਨੇ ਵੀ ਸੰਬੋਧਨ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ 2027 ਦੀਆਂ ਚੋਣਾਂ ਲਈ ਪਰਵਾਸੀ ਪੰਜਾਬੀਆਂ ਨੂੰ ਲਾਮਬੰਦ ਕਰਨ ਦਾ ਸੱਦਾ ਦਿੱਤਾ।
ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਭ ਰੰਗ ਮੀਡੀਆ ਦੇ ਸੰਚਾਲਕ ਅਤੇ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਹੁੰਦਲ ਬੱਬੇਹਾਲੀ ਨੇ ਨਿਭਾਈ। ਇਸ ਇਕੱਤਰਤਾ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਨੇ ਸਪੱਸ਼ਟ ਸੰਕੇਤ ਦਿੱਤਾ ਕਿ ਪੰਜਾਬ ਦੀਆਂ 2027 ਦੀਆਂ ਚੋਣਾਂ ਲਈ ਪਰਵਾਸੀ ਧਰਤੀ ਤੋਂ ਵੀ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ।