ਅੰਤਰਰਾਸ਼ਟਰੀ ਯੂਥ ਹਾਕੀ ਕੱਪ ਸਮੇਂ ਦੀ ਮੰਗ, ਹਰ ਸਾਲ ਕਰਵਾਇਆ ਜਾਵੇਗਾ: ਨਵਤੇਜ ਸਿੰਘ ਬਸਰਾ
ਅਜੀਤ ਡੈਸਕ
28-07-2026
ਮੀਟਿੰਗ ਨੂੰ ਸੰਬੋਧਨ ਕਰਦਿਆਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਨਵਤੇਜ ਸਿੰਘ ਬਸਰਾ ਨੇ ਕਿਹਾ ਕਿ ਪਹਿਲੇ ਅੰਤਰਰਾਸ਼ਟਰੀ ਯੂਥ ਹਾਕੀ ਕੱਪ ਨੂੰ ਮਿਲੀ ਭਰਵੀਂ ਸਫ਼ਲਤਾ ਨਾਲ ਜ਼ਿੰਮੇਵਾਰੀਆਂ ਹੋਰ ਵੀ ਵਧ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸਿਰਫ਼ ਇੱਕ ਮੁਕਾਬਲਾ ਨਹੀਂ, ਸਗੋਂ ਨੌਜਵਾਨ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਮੰਚ ਪ੍ਰਦਾਨ ਕਰਨ ਦੀ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਐਲਾਨ ਕੀਤਾ ਕਿ ਇਹ ਅੰਤਰਰਾਸ਼ਟਰੀ ਯੂਥ ਹਾਕੀ ਕੱਪ ਹੁਣ ਹਰ ਸਾਲ ਕਰਵਾਇਆ ਜਾਵੇਗਾ ਅਤੇ ਇਸ ਵਿੱਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਟੀਮਾਂ ਅਤੇ ਖਿਡਾਰੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਟੂਰਨਾਮੈਂਟ ਵਿੱਚ ਭਾਰਤ ਤੋਂ 200 ਤੋਂ ਵੱਧ ਖਿਡਾਰੀ ਆਸਟ੍ਰੇਲੀਆ ਪਹੁੰਚੇ, ਜਦਕਿ ਸਿੰਗਾਪੁਰ, ਮਲੇਸ਼ੀਆ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਨੇ ਵੀ ਭਾਗ ਲਿਆ। ਟੂਰਨਾਮੈਂਟ ਵਿੱਚ ਲੜਕਿਆਂ ਅਤੇ ਲੜਕੀਆਂ ਦੋਵਾਂ ਵਰਗਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਅਗਲਾ ਅੰਤਰਰਾਸ਼ਟਰੀ ਯੂਥ ਹਾਕੀ ਕੱਪ ਮਾਰਚ 2027 ਵਿੱਚ ਕਰਵਾਇਆ ਜਾਵੇਗਾ, ਜਿਸ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। ਆਯੋਜਕਾਂ ਨੇ ਵਿਸ਼ਵ ਦੇ ਹੋਰ ਦੇਸ਼ਾਂ ਦੀਆਂ ਟੀਮਾਂ ਨੂੰ ਵੀ ਸ਼ਾਮਲ ਕਰਕੇ ਇਸ ਟੂਰਨਾਮੈਂਟ ਨੂੰ ਹੋਰ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਬਣਾਉਣ ਦਾ ਸੰਕਲਪ ਪ੍ਰਗਟਾਇਆ। ਮੀਟਿੰਗ ਵਿੱਚ ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਖੇਡ ਸਮਾਗਮ ਨਾ ਸਿਰਫ਼ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ, ਸਗੋਂ ਵੱਖ-ਵੱਖ ਦੇਸ਼ਾਂ ਵਿਚਕਾਰ ਖੇਡ ਭਾਵਨਾ, ਭਾਈਚਾਰਕ ਸਾਂਝ ਅਤੇ ਸੱਭਿਆਚਾਰਕ ਸਬੰਧਾਂ ਨੂੰ ਵੀ ਮਜ਼ਬੂਤ ਕਰਦੇ ਹਨ।