ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ’ ਤੇ ਜੈਪਾਲ ਤੇ ਮੁਲਿਨ ਆਹਮੋ - ਸਾਹਮਣੇ
ਨਿਊਯਾਰਕ, 21 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ’ਚ ਇਮੀਗ੍ਰੇਸ਼ਨ ਕਾਰਵਾਈ ਨੂੰ ਲੈ ਕੇ ਹੋਮਲੈਂਡ ਸਿਕਿਉਰਿਟੀ ਵਿਭਾਗ ਦੇ ਮੁਖੀ ਮਾਰਕਵੇਨ ਮੁਲਿਨ ਤੇ ਡੈਮੋਕ੍ਰੇਟਿਕ ਸੰਸਦ ਮੈਂਬਰ ਪ੍ਰਮੀਲਾ ਜੈਪਾਲ ਵਿਚਾਲੇ ਵਿਵਾਦ ਤੇਜ਼ ਹੋ ਗਿਆ ਹੈ। ਜੈਪਾਲ ਨੇ ਦਾਅਵਾ ਕੀਤਾ ਹੈ ਕਿ ਹਾਲੀਆ ਕਾਰਵਾਈਆਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਬਹੁਤੇ ਪ੍ਰਵਾਸੀ ਜਨਤਕ ਸੁਰੱਖਿਆ ਲਈ ਖ਼ਤਰਾ ਨਹੀਂ ਸਨ, ਜਦਕਿ ਮੁਲਿਨ ਨੇ ਇਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।
ਪ
ਪ੍ਰਮੀਲਾ ਜੈਪਾਲ
ਮਾਰਕਵੇਨ ਮੁਲਿਨ
22-09-2026
ਨਿਊਯਾਰਕ, 21 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ’ਚ ਇਮੀਗ੍ਰੇਸ਼ਨ ਕਾਰਵਾਈ ਨੂੰ ਲੈ ਕੇ ਹੋਮਲੈਂਡ ਸਿਕਿਉਰਿਟੀ ਵਿਭਾਗ ਦੇ ਮੁਖੀ ਮਾਰਕਵੇਨ ਮੁਲਿਨ ਤੇ ਡੈਮੋਕ੍ਰੇਟਿਕ ਸੰਸਦ ਮੈਂਬਰ ਪ੍ਰਮੀਲਾ ਜੈਪਾਲ ਵਿਚਾਲੇ ਵਿਵਾਦ ਤੇਜ਼ ਹੋ ਗਿਆ ਹੈ। ਜੈਪਾਲ ਨੇ ਦਾਅਵਾ ਕੀਤਾ ਹੈ ਕਿ ਹਾਲੀਆ ਕਾਰਵਾਈਆਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਬਹੁਤੇ ਪ੍ਰਵਾਸੀ ਜਨਤਕ ਸੁਰੱਖਿਆ ਲਈ ਖ਼ਤਰਾ ਨਹੀਂ ਸਨ, ਜਦਕਿ ਮੁਲਿਨ ਨੇ ਇਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ। ਜੈਪਾਲ ਨੇ ਇਕ ਸੁਣਵਾਈ ਦੌਰਾਨ ਕਿਹਾ ਕਿ ਇਸ ਗਰਮੀ ਦੌਰਾਨ ਪਹਿਲੀ ਵਾਰ ਹੋਮਲੈਂਡ ਸਿਕਿਉਰਿਟੀ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ ਲੋਕਾਂ ’ਚ ਬਹੁਗਿਣਤੀ ਅਜਿਹੇ ਲੋਕਾਂ ਦੀ ਸੀ, ਜਿਨ੍ਹਾਂ ਤੋਂ ਉਨ੍ਹਾਂ ਮੁਤਾਬਕ ਜਨਤਕ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਪਰਾਧਿਕ ਸਜ਼ਾਵਾਂ ਵਾਲੇ ਲੋਕਾਂ ਦੀਆਂ ਆਈਸ ਵੱਲੋਂ ਕੀਤੀਆਂ ਗ੍ਰਿਫ਼ਤਾਰੀਆਂ ਦੀ ਗਿਣਤੀ ਘਟੀ ਹੈ। ਜੈਪਾਲ ਦਾ ਕਹਿਣਾ ਹੈ ਕਿ ਗੰਭੀਰ ਅਪਰਾਧਾਂ ਤੇ ਮਨੁੱਖੀ ਤਸਕਰੀ ਦੀ ਜਾਂਚ ਲਈ ਤਾਇਨਾਤ ਅਧਿਕਾਰੀਆਂ ਨੂੰ ਆਮ ਇਮੀਗ੍ਰੇਸ਼ਨ ਕਾਰਵਾਈਆਂ ’ਚ ਲਗਾਉਣ ਨਾਲ ਸੁਰੱਖਿਆ ਪ੍ਰਬੰਧ ਪ੍ਰਭਾਵਿਤ ਹੋ ਸਕਦੇ ਹਨ। ਦੂਜੇ ਪਾਸੇ ਮੁਲਿਨ ਨੇ ਜੈਪਾਲ ਦੇ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਕੌਮੀ ਸੁਰੱਖਿਆ ਲਈ ਸਰਕਾਰ ਨੂੰ ਇਹ ਪਤਾ ਹੋਣਾ ਜ਼ਰੂਰੀ ਹੈ ਕਿ ਦੇਸ਼ ’ਚ ਕੌਣ ਦਾਖ਼ਲ ਹੋਇਆ ਹੈ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖ਼ਲ ਹੋਏ ਲੋਕਾਂ ਖ਼ਿਲਾਫ਼ ਇਮੀਗ੍ਰੇਸ਼ਨ ਕਾਨੂੰਨਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਲਈ ਹੁਣ ਆਪਣੇ ਦੇਸ਼ ਵਾਪਸ ਜਾਣ ਦਾ ਸਮਾਂ ਹੈ। ਹੋਮਲੈਂਡ ਸਿਕਿਉਰਿਟੀ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਗਸਤ ਦੌਰਾਨ ਆਈਸ ਨੇ ਦੇਸ਼ ਭਰ ਵਿਚ ਕਰੀਬ 51 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨੂੰ ਵਿਭਾਗ ਨੇ ਇਕ ਮਹੀਨੇ ’ਚ ਹੋਈਆਂ ਸਭ ਤੋਂ ਵੱਧ ਗ੍ਰਿਫ਼ਤਾਰੀਆਂ ਦੱਸਿਆ ਹੈ। ਹਾਲਾਂਕਿ ਗ੍ਰਿਫ਼ਤਾਰ ਲੋਕਾਂ ਵਿੱਚੋਂ ਕਿੰਨੇ ਅਪਰਾਧਿਕ ਸਜ਼ਾਵਾਂ ਵਾਲੇ ਸਨ ਜਾਂ ਜਨਤਕ ਸੁਰੱਖਿਆ ਲਈ ਖ਼ਤਰਾ ਮੰਨੇ ਗਏ, ਇਸ ਬਾਰੇ ਜੈਪਾਲ ਤੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ।