ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿਚ ਕੈਂਡਲ ‘ਲਾਈਟ ਵਿਜਿਲ’ ਅਤੇ ਅਰਦਾਸ
ਨਿਊਯਾਰਕ, 18 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਖ਼ਾਲਸਾ ਝੋਟ ਦੀ ਯਾਦ ਵਿਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਖੇ ਕੈਂਡਲ ਲਾਈਟ ਵਿਜਿਲ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਿਊਯਾਰਕ, ਨਿਊਜਰਸੀ ਅਤੇ ਕਨੈਕਟੀਕਟ ਸਮੇਤ ਟਰਾਈ-ਸਟੇਟ ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸਿੱਖ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਭਾਈ ਪਰਵਿੰਦਰ ਸਿੰਘ ਖ਼ਾਲਸਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਨਿਊਯਾਰਕ, 18 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਖ਼ਾਲਸਾ ਝੋਟ ਦੀ ਯਾਦ ਵਿਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਖੇ ਕੈਂਡਲ ਲਾਈਟ ਵਿਜਿਲ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਿਊਯਾਰਕ, ਨਿਊਜਰਸੀ ਅਤੇ ਕਨੈਕਟੀਕਟ ਸਮੇਤ ਟਰਾਈ-ਸਟੇਟ ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸਿੱਖ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਭਾਈ ਪਰਵਿੰਦਰ ਸਿੰਘ ਖ਼ਾਲਸਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਫੈਲਾਅ ਅਤੇ ਇਸ ਨੂੰ ਰੋਕਣ ਵਿੱਚ ਸਰਕਾਰਾਂ ਦੀ ਨਾਕਾਮੀ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ, ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਸਿੱਖ ਕੌਂਸਲ ਆਫ਼ ਨਿਊਯਾਰਕ ਦੇ ਸੱਦੇ ’ਤੇ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਬੋਪਰਾਏ ਨੇ ਸੰਗਤ ਨੂੰ ਸੰਬੋਧਨ ਕੀਤਾ। ਸਮਾਗਮ ਵਿੱਚ ਨੌਜਵਾਨਾਂ, ਬਜ਼ੁਰਗਾਂ, ਬੱਚਿਆਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸੰਗਤ ਵਲੋਂ ਮੋਮਬੱਤੀਆਂ ਜਗਾ ਕੇ ਭਾਈ ਪਰਵਿੰਦਰ ਸਿੰਘ ਖ਼ਾਲਸਾ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਆਤਮਿਕ ਸ਼ਾਂਤੀ, ਪਰਿਵਾਰ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਨੌਜਵਾਨੀ ਦੀ ਭਲਾਈ ਲਈ ਅਰਦਾਸ ਵੀ ਕੀਤੀ ਗਈ।ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿਚ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦੇ ਹੋ ਰਹੇ ਨੁਕਸਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਧ ਰਿਹਾ ਕਾਰੋਬਾਰ ਪੰਜਾਬ ਦੇ ਭਵਿੱਖ ਲਈ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਹੁਣ ਤੱਕ ਕੀਤੇ ਗਏ ਉਪਰਾਲੇ ਨਾਕਾਫ਼ੀ ਸਾਬਤ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਅਤੇ ਇਸ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਰਕਾਰਾਂ ਆਪਣੀ ਜ਼ਿੰਮੇਵਾਰੀ ਨਿਭਾਉਣ।ਬੁਲਾਰਿਆਂ ਨੇ ਭਾਈ ਪਰਵਿੰਦਰ ਸਿੰਘ ਖ਼ਾਲਸਾ ‘ਝੋਟਾ’ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਯਤਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੋਚ ਅਤੇ ਸੰਘਰਸ਼ ਨੂੰ ਅੱਗੇ ਲਿਜਾਣ ਦੀ ਲੋੜ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਪੰਜਾਬ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਵੀ ਇਸ ਮੁੱਦੇ ’ਤੇ ਇਕਜੁੱਟ ਹੋ ਕੇ ਆਵਾਜ਼ ਉਠਾਉਣ। ਬੁਲਾਰਿਆਂ ਅਨੁਸਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੁੱਚੇ ਪੰਜਾਬੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਸਿੱਖ ਸੁਸਾਇਟੀ, ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ, ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਹਰਿਆਣਾ, ਗੁਰਦੁਆਰਾ ਸਿੱਖ ਸੈਂਟਰ ਆਫ਼ ਨਿਊਯਾਰਕ ਕਵੀਨਜ਼ ਵਿਲੇਜ, ਫਲਸ਼ਿੰਗ, ਸੰਤ ਪ੍ਰੇਮ ਸਿੰਘ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਅਤੇ ਸਿੱਖ ਯੂਥ ਆਫ਼ ਅਮਰੀਕਾ ਸਮੇਤ ਕਈ ਹੋਰ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਸਬੰਧਤ ਸਿੰਘਾਂ, ਅਖੰਡ ਕੀਰਤਨੀ ਜਥੇ ਦੇ ਸਿੰਘਾਂ ਅਤੇ ਵਰਲਡ ਸਿੱਖ ਪਾਰਲੀਮੈਂਟ ਦੀ ਹਿਊਮਨ ਰਾਈਟਸ ਕੌਂਸਲ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤ ਨੇ ਭਾਈ ਪਰਵਿੰਦਰ ਸਿੰਘ ਖ਼ਾਲਸਾ ‘ਝੋਟਾ’ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਵਲੋਂ ਉਠਾਈ ਗਈ ਆਵਾਜ਼ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ।