ਬਰੇਸ਼ੀਆ ਵਿਖੇ ਗੁਰਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ
ਬਰੇਸ਼ੀਆ(ਇਟਲੀ), 17 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ) : ਇਟਲੀ ਦੇ ਬਰੇਸ਼ੀਆ ਜ਼ਿਲ੍ਹੇ ਦੇ ਕਸਤੇਨੇਦਲੋ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਉੱਤਰੀ ਇਟਲੀ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ।
ਬਰੇਸ਼ੀਆ(ਇਟਲੀ), 17 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ) : ਇਟਲੀ ਦੇ ਬਰੇਸ਼ੀਆ ਜ਼ਿਲ੍ਹੇ ਦੇ ਕਸਤੇਨੇਦਲੋ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਉੱਤਰੀ ਇਟਲੀ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਹੋਈ । ਇਸ ਦੌਰਾਨ ਹੈੱਡ ਗ੍ਰੰਥੀ ਭਾਈ ਦਿਲਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਭਾਈ ਵੀਰ ਸਿੰਘ ਸਮੇਤ ਵੱਖ-ਵੱਖ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਨੇ ਗੱਤਕੇ ਦੇ ਸ਼ਾਨਦਾਰ ਜੌਹਰ ਦਿਖਾ ਕੇ ਸੰਗਤਾਂ ਦੀ ਵਾਹ-ਵਾਹ ਖੱਟੀ । ਨਗਰ ਕੀਰਤਨ ਦੌਰਾਨ ਸੇਵਾਦਾਰਾਂ ਵਲੋਂ ਵੱਖ-ਵੱਖ ਲੰਗਰਾਂ ਦੇ ਸਟਾਲ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ । ਇਲਾਕੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੇ ਵੀ ਸ਼ਮੂਲੀਅਤ ਕੀਤੀ । ਸਮਾਗਮ ਦੇ ਅੰਤ ਵਿਚ ਪ੍ਰਬੰਧਕ ਕਮੇਟੀ ਵਲੋਂ ਨਗਰ ਕੌਂਸਲ ਕਸਤੇਨੇਦਲੋ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਸਹਿਯੋਗ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਇਸ ਤੋਂ ਇਲਾਵਾ ਸਹਿਯੋਗੀ ਗੁਰਦੁਆਰਾ ਕਮੇਟੀਆਂ ਤੇ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕੀਤੇ । ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਸਮਾਗਮ ਦੀ ਸਫਲਤਾ ਲਈ ਸਭ ਦੇ ਯੋਗਦਾਨ ਦੀ ਸ਼ਲਾਘਾ ਕੀਤੀ।