ਫ਼ਤਿਹਾਬਾਦ, 3 ਜਨਵਰੀ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀਪਕ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਗਾਇਤਰੀ ਦੀ ਪ੍ਰਧਾਨਗੀ ਹੇਠ ਨਸ਼ਾ ਮੁਕਤ ਹਰਿਆਣਾ ਮੁਹਿੰਮ ਤਹਿਤ ਸਥਾਨਕ ਏ.ਡੀ.ਆਰ. ਸੈਂਟਰ ਵਿਖੇ ਨਸ਼ਿਆਂ ਵਿਰੁੱਧ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਸੀ.ਜੇ.ਐਮ. ਗਾਇਤਰੀ ਨੇ ਕਿਹਾ ਕਿ ਨਸ਼ਾ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਗਿਆ ਹੈ ਖ਼ਾਸ ਕਰ ਕੇ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀਆਂ ਨੂੰ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦਾ ਹੈ | ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਜੇਕਰ ਉਹ ਨਸ਼ੇ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਦੇਸ਼ ਦੀ ਤਰੱਕੀ ਵਿਚ ਰੁਕਾਵਟ ਆਉਂਦੀ ਹੈ, ਇਸ ਲਈ ਨੌਜਵਾਨਾਂ ਲਈ ਹਰ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਖ਼ੁਦ ਨਸ਼ੇ ਤੋਂ ਦੂਰ ਰਹਿਣਾ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਡਾਂ, ਯੋਗਾ, ਪੜ੍ਹਾਈ ਅਤੇ ਰਚਨਾਤਮਿਕ ਗਤੀਵਿਧੀਆਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਸ਼ਕਤੀਸ਼ਾਲੀ ਸਾਧਨ ਹਨ | ਉਨ੍ਹਾਂ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਿਟੀ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਜਾਰੀ ਰੱਖੇਗੀ ਤਾਂ ਜੋ ਇਹ ਸੁਨੇਹਾ ਸਮਾਜ ਦੇ ਹਰ ਵਿਅਕਤੀ ਤੱਕ ਪਹੁੰਚੇ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਰਮਚਾਰੀਆਂ ਅਤੇ ਪੈਨਲ ਵਕੀਲਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ |