ਸਿਰਸਾ, 5 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਸਿਰਸਾ ਜ਼ਿਲ੍ਹੇ ਵਿਚ ਘੱਗਰ ਨਦੀ ਦੇ ਨਾਲ ਲੱਗਦੇ 50 ਤੋਂ ਵੱਧ ਪਿੰਡਾਂ ਵਿਚ ਕੈਂਸਰ, ਗੁਰਦੇ ਤੇ ਚਮੜੀ ਦੀਆਂ ਬਿਮਾਰੀਆਂ ਸਮੇਤ ਕਈ ਹੋਰ ਗੰਭੀਰ ਬਿਮਾਰੀਆਂ ਦੇ ਕੇਸ ਲਗਾਤਾਰ ਵੱਧ ਰਹੇ ਹਨ | ਇਹ ਡੂੰਘੀ ਚਿੰਤਾ ਦੀ ਗੱਲ ਹੈ | ਸਰਕਾਰ ਇਸ ਮਾਮਲੇ ਨੂੰ ਅਣਗੌਲਿਆਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 2022 ਦੇ ਸਰਵੇਖਣ ਦੌਰਾਨ ਸੈਂਕੜੇ ਮਰੀਜ਼ਾਂ ਦੀ ਪਛਾਣ ਕੀਤੀ ਗਈ ਸੀ, ਪਰ ਨਾ ਤਾਂ ਨਿਯਮਤ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਤੇ ਨਾ ਹੀ ਸਥਾਈ ਇਲਾਜ ਦੇ ਪ੍ਰਬੰਧ ਕੀਤੇ ਗਏ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿਚ ਇਸ ਗੰਭੀਰ ਜਨਤਕ ਸਿਹਤ ਸੰਕਟ ਨੂੰ ਉਠਾਇਆ ਹੈ ਅਤੇ ਕੇਂਦਰ ਸਰਕਾਰ ਨੂੰ ਕਈ ਪੱਤਰ ਵੀ ਲਿਖੇ ਹਨ | ਪ੍ਰਭਾਵਿਤ ਪਿੰਡਾਂ ਵਿਚ ਸਿਹਤ, ਪੀਣ ਵਾਲੇ ਪਾਣੀ ਤੇ ਵਾਤਾਵਰਣ ਦੇ ਖਤਰਿਆਂ ਦਾ ਮੁੱਦਾ ਚੁੱਕਿਆ ਹੈ ਪਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਆਮ ਨਾਗਰਿਕਾਂ ਦੀ ਸਿਹਤ ਦੀ ਕੋਈ ਪ੍ਰਵਾਹ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਖੇਤਰਾਂ ਵਿਚ ਬਿਨਾਂ ਦੇਰੀ ਦੇ ਸਾਫ਼ ਪੀਣ ਵਾਲੇ ਪਾਣੀ, ਨਿਯਮਤ ਡਾਕਟਰੀ ਜਾਂਚ ਤੇ ਇਲਾਜ ਲਈ ਸਥਾਈ ਪ੍ਰਬੰਧ ਕੀਤੇ ਜਾਣ, ਕਿਉਂਕਿ ਇਹ ਮੁੱਦਾ ਲੱਖਾਂ ਲੋਕਾਂ ਦੇ ਜੀਵਨ ਨੂੰ ਸਿੱਧਾ ਪ੍ਰਭਾਵਿਤ ਕਰਦਾ ਹੈ |