ਸਿਰਸਾ, 4 ਫਰਵਰੀ (ਭੁਪਿੰਦਰ ਪੰਨੀਵਾਲੀਆ)- ਉਦੈ (ਯੂਨਾਈਟਿਡ ਡੈਮੋਕ੍ਰੇਟਿਕ ਐਂਡ ਅਕਾਦਮਿਕ) ਸੰਸਥਾ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀਆਂ ਸਮੱਸਿਆ ਦੇ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ | ਇਹ ਮੰਗ ਪੱਤਰ ਯੂਨੀਵਰਸਿਟੀ ਕੈਂਪਸ ਅਤੇ ਇਸ ਨਾਲ ਸਬੰਧਤ ਕਾਲਜਾਂ ਵਿੱਚ ਮੁਫ਼ਤ ਸੁਰੱਖਿਅਤ ਸੈਨੇਟਰੀ ਪੈਡਾਂ ਮੁਹੱਇਆ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ | ਮੰਗ ਪੱਤਰ ਵਿੱਚ ਉਦੈ ਸੰਸਥਾ ਨੇ ਸਪੱਸ਼ਟ ਕੀਤਾ ਕਿ ਮਾਹਵਾਰੀ ਕੋਈ ਨਿੱਜੀ ਜਾਂ ਸ਼ਰਮਨਾਕ ਮਾਮਲਾ ਨਹੀਂ ਹੈ ਸਗੋਂ ਸਿਹਤ, ਮਾਣ ਅਤੇ ਬਰਾਬਰ ਅਧਿਕਾਰਾਂ ਨਾਲ ਜੁੜਿਆ ਇੱਕ ਜਨਤਕ ਮੁੱਦਾ ਹੈ | ਮੰਗ ਪੱਤਰ 'ਚ ਕਿਹਾ ਗਿਆ ਹੈ ਕਿ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਅਸੁਵਿਧਾ, ਅਸੁਰੱਖਿਆ ਅਤੇ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸਦਾ ਸਿੱਧਾ ਪ੍ਰਭਾਵ ਉਨ੍ਹਾਂ ਦੀ ਸਿੱਖਿਆ ਅਤੇ ਸਿਹਤ 'ਤੇ ਪੈਂਦਾ ਹੈ | ਇਸ ਮੌਕੇ ਸੰਸਥਾ ਦੇ ਸੰਸਥਾਪਕ ਮੈਂਬਰ ਮੰਗੇਰਾਮ ਨੇ ਕਿਹਾ ਕਿ ਜੇਕਰ ਉੱਚ ਸਿੱਖਿਆ ਸੰਸਥਾਵਾਂ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵਰਗੀ ਮੁੱਢਲੀ ਲੋੜ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ ਤਾਂ ਇਹ ਪੂਰੀ ਪ੍ਰਣਾਲੀ 'ਤੇ ਸਵਾਲ ਖੜ੍ਹੇ ਕਰਦਾ ਹੈ | ਇਹ ਮੁੱਦਾ ਕਿਸੇ ਸਹੂਲਤ ਦਾ ਨਹੀਂ ਹੈ, ਸਗੋਂ ਵਿਦਿਆਰਥਣਾਂ ਦੇ ਮਾਣ, ਸਿਹਤ, ਸੁਰੱਖਿਆ ਅਤੇ ਸਮਾਨਤਾ ਦਾ ਹੈ | ਉਨ੍ਹਾਂ ਨੇ ਆਪਣੇ ਮੰਗ ਪੱਤਰ ਵਿੱਚ ਸੁਪਰੀਮ ਕੋਰਟ ਅਤੇ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੰਗ ਕੀਤੀ ਹੈ ਕਿ ਸਾਰੇ ਅÏਰਤਾਂ ਦੇ ਟਾਇਲਟ, ਹੋਸਟਲ ਅਤੇ ਪ੍ਰਮੁੱਖ ਸਥਾਨਾਂ 'ਤੇ ਮੁਫਤ ਸੈਨੇਟਰੀ ਪੈਡ ਵੰਡ ਵੈਂਡਿੰਗ ਮਸ਼ੀਨਾਂ ਅਤੇ ਸੁਰੱਖਿਅਤ ਨਿਪਟਾਰੇ ਪ੍ਰਣਾਲੀਆਂ ਨੂੰ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਜਲਦੀ ਹੀ ਠੋਸ ਕਦਮ ਨਹੀਂ ਚੁੱਕੇ ਜਾਂਦੇ ਹਨ ਤਾਂ ਸੰਗਠਨ ਲੋਕਤੰਤਰੀ ਅਤੇ ਸੰਵਿਧਾਨਕ ਤਰੀਕਿਆਂ ਨਾਲ ਵਿਦਿਆਰਥੀਆਂ ਦੇ ਹਿੱਤ ਵਿੱਚ ਅੰਦੋਲਨ ਕਰਨ ਲਈ ਮਜ਼ਬੂਰ ਹੋਵੇਗਾ |