ਸਿਰਸਾ, 6 ਮਾਰਚ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਸ਼ੁੱਕਰਵਾਰ ਨੂੰ ਪੰਚਾਇਤ ਭਵਨ 'ਚ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਲਾਗੂ ਕੀਤੀਆਂ ਗਈਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਕੁੱਲ 27 ਏਜੰਡੇ ਵਿਚਾਰਾਂ ਕੀਤੀਆਂ ਗਈਆਂ, ਜਿਨ੍ਹਾਂ 'ਤੇ ਸੰਸਦ ਮੈਂਬਰ ਨੇ ਸਬੰਧਤ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਕਰਨ ਚੌਟਾਲਾ ਅਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੇਨੀਵਾਲ ਵੀ ਮੀਟਿੰਗ 'ਚ ਮੌਜੂਦ ਸਨ | ਮੀਟਿੰਗ ਵਿੱਚ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਗਰਮੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧੇਗਾ | ਉਨ੍ਹਾਂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ, ਖਾਸ ਕਰਕੇ ਪੇਂਡੂ ਖੇਤਰਾਂ ਅਤੇ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਏ ਜਾਣ 'ਤੇ ਜੋਰ ਦਿੰਦਿਆਂ ਕਿਹਾ ਕਿ ਵਿਭਾਗ ਨੂੰ ਹੁਣ ਤੋਂ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਜਨਤਾ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ 'ਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਲਈ ਇੱਕ ਸ਼ਾਨਦਾਰ ਪ੍ਰਵੇਸ਼ ਦੁਆਰ ਬਣਾਇਆ ਜਾਣਾ ਚਾਹੀਦਾ ਹੈ, ਜੋ ਇਸਦੀ ਪਛਾਣ ਅਤੇ ਸੁੰਦਰਤਾ ਦਾ ਪ੍ਰਤੀਕ ਹੋਵੇ | ਮੀਟਿੰਗ ਵਿੱਚ 27 ਏਜੰਡਿਆਂ 'ਤੇ ਚਰਚਾ ਕੀਤੀ ਗਈ, ਜਿਨ੍ਹਾਂ ਵਿੱਚ ਪੇਂਡੂ ਰੁਜਗਾਰ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਿਹਤ, ਸਿੱਖਿਆ, ਬਿਜਲੀ, ਮਹਿਲਾ ਅਤੇ ਬਾਲ ਵਿਕਾਸ, ਜਨ ਸਿਹਤ, ਸਿੰਚਾਈ, ਭੋਜਨ ਅਤੇ ਸਪਲਾਈ ਅਤੇ ਖੇਤੀਬਾੜੀ ਸ਼ਾਮਲ ਸਨ | ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵੀਰੇਂਦਰ ਸਹਿਰਾਵਤ, ਪੁਲੀਸ ਸੁਪਰਡੈਂਟ ਦੀਪਕ ਸਹਾਰਨ, ਐਸਡੀਐਮ ਸਿਰਸਾ ਰਾਜੇਂਦਰ ਕੁਮਾਰ, ਐਸਡੀਐਮ ਕਾਲਾਂਵਾਲੀ ਮੋਹਿਤ ਕੁਮਾਰ, ਸੀਈਓ ਜ਼ਿਲ੍ਹਾ ਪ੍ਰੀਸ਼ਦ ਸੁਭਾਸ਼ ਚੰਦਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਸ ਮੌਕੇ ਮੌਜੂਦ ਸਨ |