ਫ਼ਤਿਹਾਬਾਦ, 28 ਮਾਰਚ (ਹਰਬੰਸ ਸਿੰਘ ਮੰਡੇਰ)- ਭਾਜਪਾ ਸਰਕਾਰ ਵਲੋਂ ਮੰਡੀ ਵਿਚ ਫ਼ਸਲਾਂ ਦੀ ਖ਼ਰੀਦ ਸਬੰਧੀ ਕਿਸਾਨਾਂ 'ਤੇ ਲਗਾਈਆਂ ਜਾ ਰਹੀਆਂ ਨਵੀਆਂ ਸ਼ਰਤਾਂ ਪੂਰੀ ਤਰ੍ਹਾਂ ਗਲਤ ਹਨ | ਇਸ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋਵੇਗੀ ਅਤੇ ਉਹ ਆਪਣੀਆਂ ਫ਼ਸਲਾਂ ਵੇਚਣ ਤੋਂ ਵੀ ਵਾਂਝੇ ਰਹਿ ਸਕਦੇ ਹਨ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦ ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਨਵੇਂ ਨਿਯਮ ਸਥਾਪਤ ਕੀਤੇ ਹਨ, ਜਿਨ੍ਹਾਂ ਤਹਿਤ ਕਿਸਾਨਾਂ ਨੂੰ ਬਾਇਓਮੈਟਿ੍ਕ ਤਸਦੀਕ ਪ੍ਰਕਿਰਿਆ ਵਿਚੋਂ ਗੁਜ਼ਰਨਾ ਪਵੇਗਾ ਅਤੇ ਮੰਡੀ ਵਿਚ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਆਪਣਾ ਟਰੈਕਟਰ ਨੰਬਰ ਰਜਿਸਟਰ ਕਰਨਾ ਪਵੇਗਾ | ਇਨ੍ਹਾਂ ਨਵੀਆਂ ਸ਼ਰਤਾਂ ਨੇ ਕਿਸਾਨਾਂ ਵਿਚ ਵਿਆਪਕ ਗ਼ੁੱਸਾ ਪੈਦਾ ਕਰ ਦਿੱਤਾ ਹੈ ਕਿਉਂਕਿ ਜੇਕਰ ਕਿਸਾਨ ਸੀਜ਼ਨ ਦੌਰਾਨ ਇਨ੍ਹਾਂ ਰਸਮਾਂ ਵਿਚ ਫਸੇ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਆਪਣੀ ਫ਼ਸਲ ਦੀ ਕਟਾਈ ਅਤੇ ਮੰਡੀ ਵਿਚ ਲਿਆਉਣ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ | ਸਰਕਾਰ ਨੂੰ ਇਨ੍ਹਾਂ ਸ਼ਰਤਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ ਅਤੇ ਪਿਛਲੀ ਫ਼ਸਲ ਖ਼ਰੀਦ ਨੀਤੀ ਨੂੰ ਲਾਗੂ ਕਰਨਾ ਚਾਹੀਦਾ ਹੈ |