ਨਰਾਇਣਗੜ੍ਹ, 7 ਅਪ੍ਰੈਲ (ਪੀ. ਸਿੰਘ)-ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਖਤਿਆਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਦੌਰਾਨ ਭਾਈ ਰਘੁਬੀਰ ਸਿੰਘ ਢਾਡੀ ਜਥਾ ਫਤਹਿਗੜ੍ਹ, ਭਾਈ ਨਵਜੋਤ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਮੱਖਣ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਸਮੇਤ ਹੋਰ ਰਾਗੀ ਜਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ 12 ਅਪ੍ਰੈਲ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ 14 ਅਪ੍ਰੈਲ ਨੂੰ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ 10 ਵਜੇ ਤੋਂ ਦੁਪਹਿਰ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ, ਜਿਸ ਦੌਰਾਨ ਸੰਗਤ ਨੂੰ ਸਿੱਖ ਇਤਿਹਾਸ ਅਤੇ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਇਲਾਕੇ ਦੀ ਸਮੂਹ ਸੰਗਤ ਨੂੰ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ, ਗੁਰੂ ਦਾ ਅਟੁੱਟ ਲੰਗਰ ਵਰਤਾਇਆ ਜਾਵੇਗਾ | ਇਸ ਮੌਕੇ ਖੁਸ਼ਵਿੰਦਰ ਸਿੰਘ, ਸੁਖਪਾਲ ਸਿੰਘ, ਕੁਲਦੀਪ ਸਿੰਘ ਜੰਗੂ ਮਾਜਰਾ, ਸੁਦਰਸ਼ਨ ਬਰਖੇੜੀ ਆਦਿ ਹਾਜ਼ਰ ਸਨ |