ਟੋਹਾਣਾ, 8 ਅਪ੍ਰੈਲ (ਮਨਜੀਤ ਸਿੰਘ) - ਟੋਹਾਣਾ ਅਨਾਜ ਮੰਡੀ ਵਿੱਚ ਅੱਜ ਕਿਸਾਨ ਆਗੂਆਂ ਵੱਲੋਂ ਹਰਿਆਣਾ ਸਰਕਾਰ ਦੇ ਨਵੇਂ ਮੰਡੀ ਕਾਨੂੰਨਾਂ ਦਾ ਤਿੱਖਾ ਵਿਰੋਧ ਕੀਤਾ ਗਿਆ | ਕਿਸਾਨਾਂ ਨੇ ਗੇਟ ਪਾਸ ਪ੍ਰਣਾਲੀ ਅਤੇ ਬਾਇਓ ਮੈਟਿ੍ਕ ਪ੍ਰਮਾਣਿਕਤਾ ਨੂੰ ਸਖ਼ਤੀ ਨਾਲ ਰੱਦ ਕਰਦਿਆਂ ਕਿਹਾ ਕਿ ਇਹ ਨਵੇਂ ਨਿਯਮ ਕਿਸਾਨਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਰਹੇ ਹਨ | ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ 'ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ' ਦੇ ਨਾਅਰੇ ਲਗਾਏ ਗਏ | ਮੌਕੇ 'ਤੇ ਮੌਜੂਦ ਕਿਸਾਨਾਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਇਹ ਨਵੇਂ ਨਿਯਮ ਮੰਨਣ ਲਈ ਤਿਆਰ ਨਹੀਂ ਹਨ | ਇਸ ਦੌਰਾਨ ਇੱਕ ਕਿਸਾਨ ਆਪਣੀ ਕਣਕ ਨਾਲ ਭਰੀ ਟਰਾਲੀ ਬਿਨਾਂ ਗੇਟ ਪਾਸ ਦੇ ਸਿੱਧੀ ਮੰਡੀ ਅੰਦਰ ਲੈ ਗਿਆ, ਜਿਸ ਨੇ ਮੰਡੀ ਦੇ ਕਾਨੂੰਨਾਂ ਨੂੰ ਮੰਨਣ ਤੋਂ ਕੋਰੀ ਨਾਂਹ ਕਰ ਦਿੱਤੀ | ਇਨ੍ਹਾਂ ਨਿਯਮਾਂ ਨੂੰ ਲੈ ਕੇ ਸਿਰਫ਼ ਟੋਹਾਣਾ ਹੀ ਨਹੀਂ, ਸਗੋਂ ਜ਼ਿਲ੍ਹਾ ਜੀਂਦ, ਕੈਥਲ, ਹਿਸਾਰ ਅਤੇ ਹਰਿਆਣਾ ਦੀਆਂ ਹੋਰ ਮੰਡੀਆਂ ਵਿੱਚ ਵੀ ਕਿਸਾਨ ਵਿਰੋਧ ਕਰ ਰਹੇ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਇਹ ਪ੍ਰਣਾਲੀ ਜ਼ਮੀਨੀ ਹਕੀਕਤਾਂ ਨਾਲ ਮੇਲ ਨਹੀਂ ਖਾਂਦੀ ਅਤੇ ਛੋਟੇ ਕਿਸਾਨਾਂ ਲਈ ਵੱਡੀ ਮੁਸ਼ਕਲ ਬਣ ਰਹੀ ਹੈ, ਖ਼ਾਸ ਕਰਕੇ ਜਦੋਂ ਬਹੁਤ ਸਾਰੇ ਕਿਸਾਨ ਟਰੈਕਟਰ ਕਿਰਾਏ 'ਤੇ ਲੈ ਕੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਉਂਦੇ ਹਨ | ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਇਹ ਨਿਯਮ ਵਾਪਸ ਨਾ ਲਏ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |