ਕਣਕ ਵੇਚਣ ਲਈ ਸਰਕਾਰ ਵਲੋਂ ਲਾਈਆਂ ਬੇਲੋੜੀਆਂ ਸ਼ਰਤਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਤੇ ਆੜ੍ਹਤੀਆਂ 'ਚ ਭਾਰੀ ਰੋਹ
ਅਜੀਤ ਡੈਸਕ
09-04-2026
ਇਸ ਸਬੰਧੀ ਮੀਟਿੰਗ ਉਪਰੰਤ ਪੱਤਰਕਾਰਾਂ ਗੱਲਬਾਤ ਕਰਦਿਆਂ ਐਸਕੇਐਮ ਦੇ ਮੈਂਬਰ ਅਤੇ ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਜੰਮੂ, ਰਾਸ਼ਟਰੀ ਕਿਸਾਨ ਮੰਚ ਦੇ ਸੂਬਾ ਉਪ ਪ੍ਰਧਾਨ ਹਰਜਿੰਦਰ ਸਿੰਘ ਨਨੂਆਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਜ਼ਿਲ੍ਹਾ ਪ੍ਰਧਾਨ ਰਘੁਬੀਰ ਸਿੰਘ ਨਕੌੜਾ, ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਭਰਤ ਸਿੰਘ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਰਾਜਿੰਦਰ ਕੁਮਾਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਸੱਦੇ 'ਤੇ ਸਰਕਾਰ ਵੱਲੋਂ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਦੇ ਖ਼ਿਲਾਫ਼ 11 ਅਪਰੈਲ ਨੂੰ ਸੂਬੇ ਭਰ 'ਚ ਚੱਕਾ ਜਾਮ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਵਾਢੀ ਜੋਰ ਫੜ ਰਹੀ ਹੈ ਪਰ ਕਿਸਾਨਾਂ ਨੂੰ ਕਣਕ ਵੇਚਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਮੰਗ ਪੱਤਰ ਵੀ ਭੇਜੇ ਗਏ ਹਨ ਪਰ ਸਰਕਾਰ ਆਪਣੇ ਬੇਤੁਕੇ ਹੁਕਮਾਂ 'ਤੇ ਅੜੀ ਹੋਈ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਨਿਯਮ ਨਾ ਸਿਰਘ ਕਿਸਾਨਾਂ ਲਈ ਬਲਕਿ ਆੜ੍ਹਤੀਆਂ ਲਈ ਵੀ ਖਜਲ ਖੁਆਰ ਕਰਨ ਵਾਲੇ ਹਨ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੀਆਂ ਗਈਆਂ ਸਾਰੀਆਂ ਖਰੀਦ ਸ਼ਰਤਾਂ ਅਵਿਵਹਾਰਕ ਹਨ | ਇਨ੍ਹਾਂ ਰਾਹੀਂ ਸਰਕਾਰ ਦਾ ਉਦੇਸ਼ ਬਾਜ਼ਾਰ ਪ੍ਰਣਾਲੀ ਨੂੰ ਖਤਮ ਕਰਨਾ ਹੈ ਜੋ ਕਿ ਲੋਕ ਵਿਰੋਧੀ ਹੈ | ਸੰਯੁਕਤ ਕਿਸਾਨ ਮੋਰਚਾ ਹਰਿਆਣਾ ਨੇ ਹਰਿਆਣਾ ਦੇ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਇਨ੍ਹਾਂ ਨਿਯਮਾਂ ਦੇ ਖ਼ਿਲਾਫ਼ ਇੱਕਜੁਟ ਹੋਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਦੇ ਨਾਲ ਨਾਲ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ 11 ਅਪਰੈਲ ਦੇ ਚੱਕਾ ਜਾਮ ਨੂੰ ਸਫਲ ਬਣਾਉਣ ਲਈ ਕਿਸਾਨਾਂ ਦਾ ਸਾਥ ਦੇਣ |