ਗੂਹਲਾ ਚੀਕਾ, 9 ਅਪ੍ਰੈਲ (ਓ.ਪੀ. ਸੈਣੀ)-ਪੈਰਾ-ਰਾਈਫਲ ਨਿਸ਼ਾਨੇਬਾਜ਼ ਰੀਨਾ ਰਾਣੀ ਨੇ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਜਿੱਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਸਾਂਝੇ ਕੀਤੇ | ਰੀਨਾ ਰਾਣੀ ਨੇ ਸੰਸਦ ਮੈਂਬਰ ਨਵੀਨ ਜਿੰਦਲ ਨਾਲ ਆਪਣੀਆਂ ਪ੍ਰਾਪਤੀਆਂ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਰਾਈਫ਼ਲ ਸ਼ੂਟਿੰਗ ਵਿਚ ਦੇਸ਼ ਦਾ ਨਾਮ ਰੌਸ਼ਨ ਕਰਨ ਦੇ ਆਪਣੇ ਟੀਚੇ ਨੂੰ ਸਾਂਝਾ ਕੀਤਾ | ਰੀਨਾ ਨੇ ਆਪਣੀ ਖੇਡ ਜਾਰੀ ਰੱਖਣ ਅਤੇ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਸੰਸਦ ਮੈਂਬਰ ਨਵੀਨ ਜਿੰਦਲ ਨੂੰ ਵਿੱਤੀ ਸਹਾਇਤਾ ਦੀ ਬੇਨਤੀ ਕੀਤੀ | ਸੰਸਦ ਮੈਂਬਰ ਨਵੀਨ ਜਿੰਦਲ ਨੇ ਰੀਨਾ ਰਾਣੀ ਦੇ ਜਨੂਨ, ਸਮਰਪਣ ਅਤੇ ਸਖ਼ਤ ਮਿਹਨਤ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਪ੍ਰਤਿਭਾਸ਼ਾਲੀ ਖਿਡਾਰੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ | ਸੀਮਤ ਸਰੋਤਾਂ ਅਤੇ ਸਰੀਰਕ ਮੁਸ਼ਕਲਾਂ ਦੇ ਬਾਵਜੂਦ, ਰੀਨਾ ਦੀਆਂ ਪ੍ਰਾਪਤੀਆਂ ਸ਼ਲਾਘਾਯੋਗ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹਨ | ਇਸ ਮੌਕੇ, ਸੰਸਦ ਮੈਂਬਰ ਨੇ ਇਹ ਵੀ ਨੋਟ ਕੀਤਾ ਕਿ ਰੀਨਾ ਰਾਣੀ ਆਪਣੀ ਖੇਡ ਨੂੰ ਅੱਗੇ ਵਧਾਉਣ ਵਿਚ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੀ ਹੈ | ਉਨ੍ਹਾਂ ਨੇ ਤੁਰੰਤ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਸਰੋਤਾਂ ਦੀ ਘਾਟ ਕਾਰਨ ਪ੍ਰਤਿਭਾ ਨੂੰ ਰੁਕਾਵਟ ਨਹੀਂ ਬਣਨ ਦੇਣਾ ਚਾਹੀਦਾ | ਸੰਸਦ ਮੈਂਬਰ ਨਵੀਨ ਜਿੰਦਲ ਦੀ ਟੀਮ ਜਲਦੀ ਹੀ ਰੀਨਾ ਦੀਆਂ ਜ਼ਰੂਰਤਾਂ ਦਾ ਵਿਸਤਿ੍ਤ ਅਧਿਐਨ ਕਰੇਗੀ ਅਤੇ ਉਸ ਨੂੰ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰ ਸਕੇ ਅਤੇ ਦੇਸ ਦਾ ਨਾਮ ਰੌਸ਼ਨ ਕਰ ਸਕੇ | ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਨਵੀਨ ਜਿੰਦਲ ਖ਼ੁਦ ਇਕ ਐਥਲੀਟ ਹਨ | ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕਰਨ ਵਿਚ ਹਮੇਸ਼ਾ ਮੋਹਰੀ ਰਹਿੰਦੇ ਹਨ | ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਵਿਚ ਹਿੱਸਾ ਲੈਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ |