ਨਵੀਂ ਦਿੱਲੀ,9 ਅਪ੍ਰੈਲ(ਜਗਤਾਰ ਸਿੰਘ)-ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀਆਂ ਕਾਨਫ਼ਰੰਸਾਂ ਨੂੰ ਪੂਰੇ ਪੰਜਾਬ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਸਾਫ਼ ਹੋ ਜਾਂਦਾ ਹੈ ਕਿ 2027 ਵਿਚ ਚੋਣਾਂ ਤੋਂ ਬਾਅਦ ਪੰਜਾਬ ਦੀ ਕਮਾਨ ਸੁਖਬੀਰ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਲ ਹੋਏਗੀ ¢ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪੰਜਾਬ,ਪੰਜਾਬੀਅਤ ਤੇ ਸਿੱਖਾਂ ਦੇ ਸੁਰੱਖਿਅਤ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ, ਇਸੇ ਕਰਕੇ ਸਾਰਿਆਂ ਨੂੰ ਇਕੱਠੇ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਜਿੱਤ ਦਾ ਰਾਹ ਪੱਧਰਾ ਕਰਨ ਵਾਸਤੇ ਇੱਕਜੁੱਟ ਹੋਣਾ ਚਾਹੀਦਾ ਹੈ ¢ ਸਰਨਾ ਨੇ ਕਿਹਾ ਕਿ ਜਥੇ. ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਬਰਾੜ (ਮੱਖਣ ਬਰਾੜ) ਜੋ ਕਿ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹੋ ਗਏ ਹਨ,ਉਨ੍ਹਾਂ ਨੇ ਆਪਣੇ ਬਿਆਨ ਵਿਚ ਸਪਸ਼ਟ ਕਰ ਦਿੱਤਾ ਹੈ ਕਿ, ਕਿਸੇ ਦੇ ਇਸ਼ਾਰੇ 'ਤੇ ਬਣਿਆ 'ਦੂਜਾ ਦਲ' ਸੁਤੰਤਰ ਨਹੀਂ ,ਬਲਕਿ ਉਹ ਤਾਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਕਮਜ਼ੋਰ ਕਰਨ ਲਈ ਬਣਾਇਆ ਗਿਆ ਹੈ ¢ ਸਰਨਾ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਆਖਿਆ ਸੀ ਕਿ ਗਿਆਨੀ ਹਰਪ੍ਰੀਤ ਸਿੰਘ, ਅਜਿਹੀ ਏਜੰਸੀਆਂ ਦੇ ਹੱਥਾਂ ਵਿਚ ਖੇਡ ਰਹੇ ਹਨ,ਜਿਹੜੀਆਂ ਸ਼੍ਰੋਮਣੀ ਅਕਾਲੀ ਦਲ ਤੇ ਸਿੱਖਾਂ ਦੀ ਸਾਂਝੀ ਤਾਕਤ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ ¢ ਇਸ ਲਈ ਪੰਥਕ ਹਿੱਤਾਂ ਦੇ ਮੱਦੇਨਜ਼ਰ ਗਿਆਨੀ ਹਰਪ੍ਰੀਤ ਸਿੰਘ ਨੂੰ ਦੂਜਾ ਦਲ ਭੰਗ ਕਰਕੇ ਤੁਰੰਤ ਸ਼੍ਰੋਮਣੀ ਅਕਾਲੀ ਦਲ ਵਿਚ ਆਸਥਾ ਪ੍ਰਗਟ ਕਰਨੀ ਚਾਹੀਦੀ ਹੈ ¢ ਉਨ੍ਹਾਂ ਇਹ ਵੀ ਕਿਹਾ ਕਿ ਬੇਅਦਬੀਆਂ ਰੋਕਣ ਵਾਸਤੇ ਵੀ ਸ਼੍ਰੋਮਣੀ ਅਕਾਲੀ ਦਲ ਦਾ ਇੱਕਜੁੱਟ ਹੋਣਾ ਬਹੁਤ ਜ਼ਰੂਰੀ ਹੈ ¢