ਕਰਨਾਲ, 14 ਅਪ੍ਰੈਲ (ਗੁਰਮੀਤ ਸਿੰਘ ਸੱਗੂ )-ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸਿੱਖ ਮਿਸ਼ਨ ਹਰਿਆਣਾ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਅਤੇ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਬੜਖਾਲਸਾ ਰਾਈ ਸੋਨੀਪਤ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ਉਕਤ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਤੋਂ ਪੰਜ ਪਿਆਰੇ ਸਾਹਿਬਾਨ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰਕੇ ਅੰਮਿ੍ਤ ਅਭਿਲਾਖੀਆਂ ਨੂੰ ਛਕਾਇਆ, ਜਿਸ ਦੌਰਾਨ 90 ਪ੍ਰਾਣੀ ਗੁਰੂ ਵਾਲੇ ਬਣੇ | ਉਨ੍ਹਾਂ ਕਿਹਾ ਕਿ ਅੰਮਿ੍ਤ ਸੰਚਾਰ ਮੌਕੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਅੰਮਿ੍ਤ ਛਕਣ ਵਾਲੇ ਅੰਮਿ੍ਤ ਅਭਿਲਾਖੀਆਂ ਨੂੰ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ ਗਏ | ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗੁਰੂ ਵਾਲੇ ਬਣਨ 'ਤੇ ਵਧਾਈ ਦਿੱਤੀ |