ਨਵੀਂ ਦਿੱਲੀ, 21 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਸੰਗਤ ਭਵਨ ਦਿੱਲੀ ਵਿਖੇ ਸਰਬ ਸਾਂਝਾ ਸੱਭਿਆਚਾਰ ਮੰਚ ਦੇ ਪ੍ਰਧਾਨ ਹਰਭਜਨ ਸਿੰਘ ਦਿਓਲ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸੀ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਗੁਰਲਾਡ ਸਿੰਘ ਸਨ | ਉਨ੍ਹਾਂ ਨੇ ਕਿਹਾ ਕਿ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਸ੍ਰੀ ਗੁਰੂ ਗੋਬਿੰਦ ਜੀ ਨੇ ਜੋ ਸੰਦੇਸ਼ ਦਿੱਤਾ | ਉਸ ਨੂੰ ਸਾਨੂੰ ਅਪਣਾਉਣਾ ਚਾਹੀਦਾ ਹੈ | ਡਾ. ਸੁਆਮੀ ਰਮੇਸ਼ਵਰਾ ਨੰਦ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼, ਧਰਮ ਅਤੇ ਸਮਾਜ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਯਾਦ ਰਹੇਗਾ | ਇਸ ਮੌਕੇ 'ਤੇ ਸੰਸਦ ਪ੍ਰਵੀਨ ਖੰਡੇਲਵਾਲ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਅਪਣਾਉਣਾ ਚਾਹੀਦਾ ਹੈ | ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਰਾਸ਼ਟਰੀ ਸਵੈ- ਸੰਘ ਦੇ ਸੀਨੀਅਰ ਪ੍ਰਚਾਰਕ ਅਵਿਨਾਸ਼ ਜਾਇਸਵਾਲ ਨੇ ਕਿਹਾ ਕਿ ਗੁਰੂ ਸਾਹਿਬ ਦਾ ਦਿੱਤਾ ਸੰਦੇਸ਼ ਹਰ ਪਾਸੇ ਪੁੱਜਣਾ ਚਾਹੀਦਾ ਹੈ | ਇਸ ਤੋਂ ਇਲਾਵਾ ਡਾ. ਸੁਰਜੀਤ ਕੌਰ ਜੌਲੀ, ਬਿਹਾਰੀ ਲਾਲ, ਮਹਿੰਦਰ ਸਿੰਘ ਬਾਲੀ, ਸੁਰਿੰਦਰ ਸਿੰਘ ਨਾਮਧਾਰੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਪ੍ਰੋਗਰਾਮ ਵਿਚ ਦਿੱਲੀ ਤੋਂ ਸਿਵਾਏ ਹੋਰ ਥਾਵਾਂ 'ਤੇ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਉਚੇਚੇ ਤੌਰ 'ਤੇ ਪੁੱਜੀਆਂ |