ਮੱਖੂ,22 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ)-ਪੰਜਾਬ ਚ ਇਸ ਸਮੇਂ ਕਣਕ ਦੀ ਵਾਢੀ ਦਾ ਸੀਜ਼ਨ ਪੂਰੇ ਜ਼ੋਰਾਂ 'ਤੇ ਹੈ ਪਰ ਇਸ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ ਵਿਚੋਂ ਅੱਗ ਲੱਗਣ ਦੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਇਨ੍ਹਾਂ ਘਟਨਾਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ, ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਗੈਰੀ ਬੰਡਾਲਾ ਸੂਬਾ ਮੀਡੀਆ ਇੰਚਾਰਜ ਨੇ ਸਰਕਾਰ ਤੋਂ ਅਹਿਮ ਮੰਗ ਕਰਦਿਆਂ ਕਿਹਾ ਕਿ ਜਦੋਂ ਕਿਸੇ ਖੇਤ ਨੂੰ ਅਚਾਨਕ ਅੱਗ ਲੱਗਦੀ ਹੈ, ਤਾਂ ਅੱਗ ਨੂੰ ਅੱਗੇ ਵਧਣ ਤੋਂ ਰੋਕਣ ਲਈ ਕਿਸਾਨਾਂ ਨੂੰ ਮਜਬੂਰਨ ਆਪਣੀ ਖੜ੍ਹੀ ਹਰੀ ਜਾਂ ਪੱਕੀ ਕਣਕ ਨੂੰ ਵਾਹੁਣਾ ਪੈਂਦਾ ਹੈ | ਇਹ ਕਦਮ ਸਿਰਫ਼ ਆਪਣੀ ਫ਼ਸਲ ਬਚਾਉਣ ਲਈ ਹੀ ਨਹੀਂ, ਸਗੋਂ ਪੂਰੇ ਪਿੰਡ ਅਤੇ ਆਲੇ-ਦੁਆਲੇ ਦੇ ਸੈਂਕੜੇ ਏਕੜ ਰਕਬੇ ਨੂੰ ਅੱਗ ਦੀ ਲਪੇਟ ਵਿਚ ਆਉਣ ਤੋਂ ਬਚਾਉਣ ਲਈ ਚੁੱਕਿਆ ਜਾਂਦਾ ਹੈ | ਕਿਸਾਨ ਆਗੂਆਂ ਨੇ ਸਰਕਾਰ ਦਾ ਧਿਆਨ ਇਸ ਗੱਲ ਵੱਲ ਦਿਵਾਇਆ ਕਿ ਸਰਕਾਰ ਅੱਗ ਨਾਲ ਸੜੀ ਹੋਈ ਕਣਕ ਦਾ ਮੁਆਵਜ਼ਾ ਤਾਂ ਦਿੰਦੀ ਹੈ, ਪਰ ਜੋ ਕਣਕ ਅੱਗ 'ਤੇ ਕਾਬੂ ਪਾਉਣ ਦੇ ਮਕਸਦ ਨਾਲ ਟਰੈਕਟਰਾਂ ਨਾਲ ਵਾਹ ਦਿੱਤੀ ਜਾਂਦੀ ਹੈ, ਉਸ ਨੂੰ ਅਜੇ ਤੱਕ ਮੁਆਵਜ਼ੇ ਦੀ ਸ਼੍ਰੇਣੀ ਵਿਚ ਨਹੀਂ ਰੱਖਿਆ ਗਿਆ | ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਥੀਂ ਪਾਲੀ ਫ਼ਸਲ 'ਤੇ ਸਿਰਫ਼ ਇਸ ਲਈ ਹਲ ਚਲਾਉਂਦਾ ਹੈ ਤਾਂ ਜੋ ਵੱਡੇ ਨੁਕਸਾਨ ਨੂੰ ਰੋਕਿਆ ਜਾ ਸਕੇ | ਅਜਿਹੇ ਵਿਚ ਉਸ ਨੂੰ ਇਸ ਕੁਰਬਾਨੀ ਦਾ ਹਰਜਾਨਾ ਮਿਲਣਾ ਚਾਹੀਦਾ ਹੈ |ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅੱਗ ਬੁਝਾਉਣ ਲਈ ਵਾਹੀ ਗਈ ਕਣਕ ਦੀ ਵੀ ਤੁਰੰਤ ਵਿਸ਼ੇਸ਼ ਗਰਦਾਵਰੀ ਕਰਵਾਈ ਜਾਵੇ,ਵਾਹੀ ਗਈ ਫ਼ਸਲ ਨੂੰ ਵੀ 'ਅੱਗ ਨਾਲ ਹੋਏ ਨੁਕਸਾਨ' ਦੇ ਬਰਾਬਰ ਮੰਨਦਿਆਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਗੰਭੀਰ ਮਸਲੇ ਵੱਲ ਧਿਆਨ ਨਾ ਦਿੱਤਾ, ਤਾਂ ਕਿਸਾਨਾਂ ਵਿਚ ਭਾਰੀ ਰੋਸ ਪੈਦਾ ਹੋਵੇਗਾ ਕਿਉਂਕਿ ਕਿਸਾਨ ਪਹਿਲਾਂ ਹੀ ਕੁਦਰਤੀ ਮਾਰਾਂ ਅਤੇ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ |