ਟੋਹਾਣਾ/ਜਾਖਲ, 24 ਅਪ੍ਰੈਲ (ਮਨਜੀਤ ਸਿੰਘ) - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਫਤਿਹਾਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਸ਼ਾਮ ਨੂੰ ਮਾਮੂਪੁਰ ਪਿੰਡ ਵਿਚ ਰਾਤ ਠਹਿਰਾਓ ਦਾ ਪ੍ਰੋਗਰਾਮ ਆਯੋਜਿਤ ਕੀਤਾ | ਇਸ ਮੌਕੇ ਡੀ.ਸੀ. ਡਾ. ਵਿਵੇਕ ਭਾਰਤੀ ਅਤੇ ਐਸ.ਪੀ. ਨਿਕਿਤਾ ਖੱਟਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕੀਤਾ | ਪ੍ਰੋਗਰਾਮ ਵਿਚ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਸਰਪੰਚ ਗੁਰਪ੍ਰੀਤ ਸਿੰਘ ਨੇ ਡੀ.ਸੀ. ਅਤੇ ਐਸ.ਪੀ. ਸਮੇਤ ਸਾਰੇ ਅਧਿਕਾਰੀਆਂ ਦਾ ਸਵਾਗਤ ਕੀਤਾ | ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਡੀ.ਸੀ. ਡਾ. ਵਿਵੇਕ ਭਾਰਤੀ ਹੁਣਾਂ ਕਿਹਾ ਕਿ ਰਾਤ ਠਹਿਰਾਅ ਪ੍ਰੋਗਰਾਮ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਵਿਸ਼ਵਾਸ ਨੂੰ ਮਜ਼ਬੂਤ ਕਰਨ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨ ਹਰ ਸੋਮਵਾਰ ਅਤੇ ਵੀਰਵਾਰ ਨੂੰ ਹੈੱਡਕੁਆਰਟਰ ਅਤੇ ਸਬ-ਡਿਵੀਜ਼ਨ ਪੱਧਰ 'ਤੇ ਹੱਲ ਕੈਂਪ ਲਗਾ ਰਿਹਾ ਹੈ, ਜਿੱਥੇ ਕਿਸੇ ਵੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਸੈਨੀਟੇਸ਼ਨ, ਪੀਣ ਵਾਲਾ ਪਾਣੀ, ਬਿਜਲੀ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਕਰਨਾ ਪ੍ਰਸ਼ਾਸਨ ਦੀ ਤਰਜੀਹ ਹੈ | ਇਸ ਲਈ ਸਾਰੇ ਵਿਭਾਗ ਤਾਲਮੇਲ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਉਠਾਉਣ ਅਤੇ ਆਪਣੇ ਪਿੰਡਾਂ ਨੂੰ ਸਾਫ਼, ਸਿੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ | ਰਾਤ ਠਹਿਰਾਓ ਪ੍ਰੋਗਰਾਮ ਦੌਰਾਨ ਐਸ.ਪੀ. ਨਿਕਿਤਾ ਖੱਟਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਅਤੇ ਖੇਡ ਗਤੀਵਿਧੀਆਂ ਕਰਨ ਲਈ ਉਤਸ਼ਾਹਿਤ ਕਰਨ | ਜੇਕਰ ਉਨ੍ਹਾਂ ਨੂੰ ਕਿਸੇ ਵੀ ਨਸ਼ੇ ਨਾਲ ਸਬੰਧਤ ਗਤੀਵਿਧੀ ਬਾਰੇ ਪਤਾ ਲੱਗਦਾ ਹੈ, ਤਾਂ ਉਨ੍ਹਾਂ ਨੂੰ ਤੁਰੰਤ ਪੁਲਿਸ ਜਾਂ ਪ੍ਰਸ਼ਾਸਨ ਨੂੰ ਇਸ ਦੀ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਸਖ਼ਤ ਕਾਰਵਾਈ ਕੀਤੀ ਜਾ ਸਕੇ | ਰਾਤ ਠਹਿਰਾਅ ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਭਾਗਾਂ ਦੁਆਰਾ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੀ ਇੱਕ ਮੁੱਖ ਆਕਰਸ਼ਣ ਸਨ | ਡੀ.ਸੀ. ਡਾ. ਵਿਵੇਕ ਭਾਰਤੀ ਅਤੇ ਐਸਪੀ ਨਿਕਿਤਾ ਖੱਟਰ ਨੇ ਸਟਾਲਾਂ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨੂੰ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ 'ਤੇ ਏ.ਡੀ.ਸੀ. ਅਨੁਰਾਗ ਢਾਲੀਆ, ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ, ਸੀ.ਈ.ਓ. ਡੀ.ਆਰ ਡੀ.ਏ. ਸੁਰੇਸ਼ ਕੁਮਾਰ ਅਤੇ ਸਾਰੇ ਵਿਭਾਗਾਂ ਦੇ ਮੁਖੀ ਮੌਜੂਦ ਸਨ |