ਯਮੁਨਾਨਗਰ, 5 ਮਈ (ਗੁਰਦਿਆਲ ਸਿੰਘ ਨਿਮਰ)-ਕ੍ਰਾਈਮ ਬ੍ਰਾਂਚ-1 ਦੀ ਟੀਮ ਵਲੋਂ ਇਕ ਮੁਲਜ਼ਮ ਨੂੰ ਇਕ ਨਾਜਾਇਜ਼ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ-1 ਇੰਚਾਰਜ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੇ ਨਾਗਲ ਨਹਿਰ ਦੇ ਪੁਲ ਕੋਲ ਇਕ ਨੌਜਵਾਨ ਨਾਜਾਇਜ਼ ਹਥਿਆਰ ਲੈ ਕੇ ਘੁੰਮ ਰਿਹਾ ਹੈ | ਇਸ ਸੂਚਨਾ ਦੇ ਆਧਾਰ 'ਤੇ ਇਕ ਪੁਲਿਸ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ | ਕਾਬੂ ਮੁਲਜ਼ਮ ਦੀ ਪਛਾਣ ਸਾਵੇਜ ਪੁੱਤਰ ਮੁਮਤਾਜ਼ ਵਾਸੀ ਖੱਡਾ ਕਾਲੋਨੀ ਪੁਰਾਣਾ ਹਮੀਦਾ ਦੇ ਨਿਵਾਸੀ ਵਜੋਂ ਹੋਈ | ਮੁਲਜ਼ਮ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਉਸਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ |