ਯਮੁਨਾਨਗਰ, 5 ਮਈ (ਗੁਰਦਿਆਲ ਸਿੰਘ ਨਿਮਰ)-ਵਾਹਨ ਚੋਰੀ ਵਿਰੋਧੀ ਸੈੱਲ ਵਲੋਂ ਨਾਕਾਬੰਦੀ ਦੌਰਾਨ ਚੋਰੀ ਦੀਆਂ ਦੋ ਮੋਟਰਸਾਈਕਲਾਂ ਸਮੇਤ ਦੋ ਭਰਾਵਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈੱਲ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਦੋ ਨੌਜਵਾਨ ਚੋਰੀ ਹੋਏ ਮੋਟਰਸਾਈਕਲ ਨਾਲ ਕਰੇਡਾ ਹਾਈਵੇਅ ਰਾਹੀਂ ਯਾਤਰਾ ਕਰ ਰਹੇ ਹਨ | ਇਸ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਦੀ ਇਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਨਾਕਾਬੰਦੀ ਕੀਤੀ ਅਤੇ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ ਤਾਂ ਥੋੜ੍ਹੀ ਦੇਰ ਬਾਅਦ ਦੋ ਨੌਜਵਾਨ ਮੋਟਰਸਾਈਕਲ 'ਤੇ ਆਉਂਦੇ ਵੇਖੇ ਗਏ | ਇਸ ਦੌਰਾਨ ਟੀਮ ਨੇ ਜਦੋਂ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਗਿਆ | ਪੁੱਛਗਿੱਛ ਕਰਨ 'ਤੇ ਉਨ੍ਹਾਂ ਦੀ ਪਛਾਣ ਨਿਤਿਨ ਉਰਫ਼ ਨੀਤਾ ਅਤੇ ਯੋਗੇਸ਼ ਪੁੱਤਰ ਗੁਰਨਾਮ ਸਿੰਘ ਵਾਸੀ ਸੰਧਾਲਾ ਪਿੰਡ ਵਜੋਂ ਹੋਈ ਹੈ | ਸੈੱਲ ਇੰਚਾਰਜ ਨੇ ਦੱਸਿਆ ਕਿ ਮੁਲਜ਼ਮਾਂ ਨੇ 2 ਮਈ ਨੂੰ ਗੁਲਾਬ ਨਗਰ ਗੋਗਾ ਮਾੜੀ ਨੇੜੇ ਮੋਟਰਸਾਈਕਲ ਚੋਰੀ ਕੀਤਾ ਸੀ | ਇਸ ਤੋਂ ਇਲਾਵਾ ਮੁਲਜ਼ਮਾਂ ਤੋਂ ਇਕ ਹੋਰ ਚੋਰੀ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਜੋ ਕਿ ਉਨ੍ਹਾਂ ਨੇ 4 ਮਾਰਚ ਨੂੰ ਕਿ੍ਸ਼ਨਾ ਕਾਲੋਨੀ ਤੋਂ ਚੋਰੀ ਕੀਤਾ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਦੋ ਮਾਮਲੇ ਦਰਜ ਹਨ, ਜੋ ਅਦਾਲਤ ਵਿਚ ਵਿਚਾਰ ਅਧੀਨ ਹਨ |