ਸਿਰਸਾ, 6 ਮਈ (ਭੁਪਿੰਦਰ ਪੰਨੀਵਾਲੀਆ)- ਸਫਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 1 ਮਈ ਤੋਂ ਹੜਤਾਲ 'ਤੇ ਹੋਣ ਕਾਰਨ ਸ਼ਹਿਰ ਭਰ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ | ਪਿਛਲੇ ਛੇ ਦਿਨਾਂ ਤੋਂ ਬੱਸ ਸਟੈਂਡ ਅਤੇ ਮੁੱਖ ਡਾਕਘਰ ਸਮੇਤ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ | ਅੱਜ ਸਵੇਰੇ ਜਦੋਂ ਸਫਾਈ ਕਰਮਚਾਰੀਆਂ ਨੂੰ ਪਤਾ ਲੱਗਾ ਕਿ ਪ੍ਰਸ਼ਾਸਨ ਬੱਸ ਸਟੈਂਡ ਦੇ ਨੇੜੇ ਕੂੜਾ ਹਟਾਏਗਾ ਤਾਂ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਉੱਥੇ ਇਕੱਠੇ ਹੋਏ ਅਤੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਸਰਕਾਰ ਨੋਟੀਫਿਕੇਸ਼ਨ ਜਾਰੀ ਨਹੀਂ ਕਰ ਰਹੀ, ਜਿਸ ਕਾਰਨ ਸਫਾਈ ਕਰਮਚਾਰੀ 1 ਮਈ ਤੋਂ ਹੜਤਾਲ 'ਤੇ ਹਨ | ਪੂਰੇ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੈ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ | ਮੰਗਾਂ ਦਾ ਜਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਏ | ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਜਾਏ |