ਰਤੀਆ, 9 ਮਈ (ਬੇਅੰਤ ਕੌਰ ਮੰਡੇਰ)- ਰਤੀਆ ਸਬ ਡਵੀਜ਼ਨ ਦੇ ਪਿੰਡ ਤਾਮਸਪੁਰਾ ਵਿਚ 10 ਮਈ ਨੂੰ ਹੋਣ ਵਾਲੀ ਸਰਪੰਚ ਚੋਣ ਲਈ ਪ੍ਰਸ਼ਾਸਨ ਨੇ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ | ਪੋਲਿੰਗ ਪਾਰਟੀਆਂ ਨੂੰ ਨਾਗਪੁਰ ਬੀ.ਡੀ.ਪੀ.ਓ. ਦਫ਼ਤਰ ਤੋਂ ਚੋਣ ਸਮਗਰੀ ਵੰਡੀ ਗਈ ਅਤੇ ਉਨ੍ਹਾਂ ਦੇ ਸਬੰਧਿਤ ਪੋਲਿੰਗ ਸਟੇਸ਼ਨਾਂ 'ਤੇ ਭੇਜ ਦਿੱਤਾ ਗਿਆ | ਇਸ ਦੌਰਾਨ ਅਧਿਕਾਰੀਆਂ ਨੇ ਨਿਰਪੱਖ, ਸ਼ਾਂਤੀਪੂਰਨ ਅਤੇ ਸੁਚਾਰੂ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਨਾਇਬ ਤਹਿਸੀਲਦਾਰ ਵਿਚਿੱਤਰਾ ਨੰਦ ਨੇ ਪੋਲਿੰਗ ਸਟੇਸ਼ਨ ਦਾ ਨਿਰੀਖਣ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਪੋਲਿੰਗ ਪਾਰਟੀਆਂ ਨੂੰ ਹਦਾਇਤ ਕੀਤੀ ਕਿ ਵੋਟਿੰਗ ਪ੍ਰਕਿਰਿਆ ਦੌਰਾਨ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ | ਨਾਇਬ ਤਹਿਸੀਲਦਾਰ ਵਿਚਿੱਤਰ ਨੰਦ ਅਤੇ ਬੀ.ਡੀ.ਪੀ.ਓ. ਹਨੀਸ਼ ਕੁਮਾਰ ਨੇ ਕਿਹਾ ਕਿ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ | ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ, ਬਿਜਲੀ, ਬੈਠਣ ਅਤੇ ਸੁਰੱਖਿਆ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ | ਅਧਿਕਾਰੀਆਂ ਨੇ ਪੋਲਿੰਗ ਕਰਮਚਾਰੀਆਂ ਨੂੰ ਸਮੇਂ ਸਿਰ ਪੋਲਿੰਗ ਸਟੇਸ਼ਨਾਂ 'ਤੇ ਪਹੁੰਚਣ ਅਤੇ ਡਿਊਟੀ ਨੂੰ ਗੰਭੀਰਤਾ ਨਾਲ ਨਿਭਾਉਣ ਦੀ ਹਦਾਇਤ ਕੀਤੀ | ਪ੍ਰਸ਼ਾਸਨ ਨੇ ਵੋਟਿੰਗ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤੀਪੂਰਨ ਮਾਹੌਲ ਵਿਚ ਕਰਵਾਉਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਵੀ ਕੀਤੇ ਹਨ | ਸਰਪੰਚ ਦੇ ਅਹੁਦੇ ਲਈ ਵੋਟਿੰਗ 10 ਮਈ ਨੂੰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਹੋਵੇਗੀ | ਪ੍ਰਸ਼ਾਸਨ ਨੇ ਸਾਰੇ ਯੋਗ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ |