ਯਮੁਨਾਨਗਰ, 16 ਮਈ (ਗੁਰਦਿਆਲ ਸਿੰਘ ਨਿਮਰ)-ਪਿੰਡ ਪੰਸਾਰਾ ਦੇ ਸਰਕਾਰੀ ਸਕੂਲ ਨੂੰ 10ਵੀਂ ਤੋਂ 12ਵੀਂ ਜਮਾਤ ਤੱਕ ਅੱਪਗ੍ਰੇਡ ਕਰਵਾਉਣ ਬਦਲੇ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵਲੋਂ ਮੇਅਰ ਸੁਮਨ ਬਾਹਮਣੀ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕਰਨ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰ. ਪ੍ਰਦੀਪ ਕੁਮਾਰ, ਵਾਰਡ ਕੌਂਸਲਰ ਤਿਲਕ ਰਾਜ, ਵਿਸ਼ਾਲ ਪੰਸਾਰਾ ਤੇ ਸਾਬਕਾ ਸਰਪੰਚ ਬਰਖਾ ਰਾਮ ਸਮੇਤ ਵੱਡੀ ਗਿਣਤੀ 'ਚ ਹਾਜ਼ਰ ਪਿੰਡ ਵਾਸੀਆਂ ਨੇ ਸਕੂਲ ਦੇ ਅੱਪਗ੍ਰੇਡ ਹੋਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਮੇਅਰ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਸਮਾਗਮ 'ਚ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਯੋਗੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਆਪਣੇ ਵਿਭਾਗ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਫੰਡਾਂ ਦੀ ਵਰਤੋਂ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਇਕ ਡਿਜੀਟਲ ਲਾਇਬ੍ਰੇਰੀ ਬਣਾਉਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਨੂੰ ਅੱਪਗ੍ਰੇਡ ਹੋਣ ਕਰਕੇ ਬੁਨਿਆਦੀ ਢਾਂਚੇ, ਕਮਰੇ ਅਤੇ ਹੋਰ ਉਪਕਰਣਾਂ ਦੀ ਲੋੜ ਹੋਵੇਗੀ, ਲਿਹਾਜ਼ਾ ਉਹ ਇਹ ਯਕੀਨੀ ਬਣਾਉਣਗੇ ਕਿ ਇਹ ਸਹੂਲਤਾਂ ਸਕੂਲ ਨੂੰ ਪ੍ਰਦਾਨ ਕੀਤੀਆਂ ਜਾਣ | ਪ੍ਰੋਗਰਾਮ ਦੌਰਾਨ ਪਿ੍ੰ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੇਅਰ ਸੁਮਨ ਬਾਹਮਣੀ ਨੇ ਸਕੂਲ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕਰਨ 'ਚ ਮੁੱਖ ਭੂਮਿਕਾ ਨਿਭਾਈ ਹੈ | ਉਨ੍ਹਾਂ ਦੱਸਿਆ ਕਿ ਮੇਅਰ ਨੇ ਸਿੱਖਿਆ ਮੰਤਰੀ, ਮੁੱਖ ਮੰਤਰੀ ਅਤੇ ਸੰਬੰਧਿਤ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਕਰਕੇ ਇਸ ਮੰਗ ਦਾ ਸਮਰਥਨ ਕੀਤਾ ਸੀ | ਉਨ੍ਹਾਂ ਕਿਹਾ ਕਿ ਹੁਣ ਪਿੰਡ ਪੰਸਾਰਾ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦੀ ਸਿੱਖਿਆ ਲਈ ਦੂਰ ਨਹੀਂ ਜਾਣਾ ਪਵੇਗਾ | ਇਸ ਮੌਕੇ ਆਈ. ਏ. ਐਸ. ਯੋਗੇਸ਼ ਕੁਮਾਰ ਨੇ ਕਿਹਾ ਕਿ ਸਕੂਲ ਦਾ ਅੱਪਗ੍ਰੇਡ ਹੋਣਾ ਖਾਸ ਤੌਰ 'ਤੇ ਕੁੜੀਆਂ ਲਈ ਲਾਭਦਾਇਕ ਸਿੱਧ ਹੋਵੇਗਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹੁਣ ਉੱਚ ਸਿੱਖਿਆ ਲਈ ਦੂਜੇ ਪਿੰਡਾਂ ਜਾਂ ਸ਼ਹਿਰਾਂ 'ਚ ਨਹੀਂ ਜਾਣਾ ਪਵੇਗਾ | ਇਸ ਨਾਲ ਸਿੱਖਿਆ ਦਾ ਪੱਧਰ ਵੀ ਮਜ਼ਬੂਤ ਹੋਵੇਗਾ ਅਤੇ ਹੋਰਨਾਂ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਉਤਸਾਹ ਮਿਲੇਗਾ | ਇਸੇ ਦੌਰਾਨ ਮੇਅਰ ਸੁਮਨ ਬਾਹਮਣੀ ਨੇ ਪ੍ਰੋਗਰਾਮ 'ਚ ਹਾਜ਼ਰ ਪਿੰਡ ਵਾਸੀਆਂ ਅਤੇ ਸਕੂਲ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਰਿਆਂ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ | ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਪਿ੍ੰਸੀਪਲ, ਸਟਾਫ਼ ਅਤੇ ਪਿੰਡ ਵਾਸੀਆਂ ਦੇ ਨਿਰੰਤਰ ਯਤਨਾਂ ਨੂੰ ਦਿੱਤਾ | ਮੇਅਰ ਨੇ ਕਿਹਾ ਕਿ ਸਿੱਖਿਆ ਦੇ ਖੇਤਰ 'ਚ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਲਾਕੇ 'ਚ ਵਿਕਾਸ ਕਾਰਜਾਂ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਵੀ ਬਿਹਤਰ ਮੌਕੇ ਮਿਲ ਸਕਣ |