ਕਾਂਗਰਸ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਮਿੰਨੀ ਸਕੱਤਰੇਤ ਦੇ ਬਾਹਰ ਰੋਸ ਪ੍ਰਦਰਸ਼ਨ ਭਾਜਪਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ <br/>
ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਨਾਅਰੇਬਾਜੀ ਕਰਦੇ ਕਾਂਗਰਸੀ ਆਗੂ ਤੇ ਵਰਕਰ | ਤਸਵੀਰ : ਪੰਨੀਵਾਲੀਆ
<br/>
21-05-2026
ਕਾਂਗਰਸ ਵਰਕਰ ਸਵੇਰੇ ਜ਼ਿਲ੍ਹਾ ਮਿੰਨੀ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ, ਮਹਿੰਗਾਈ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ 'ਤੇ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੁੱਖ ਗੇਟ ਦੇ ਬਾਹਰ ਧਰਨਾ ਦਿੱਤਾ | ਵਿਰੋਧ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਮ ਜਨਤਾ 'ਤੇ ਵੱਧ ਰਹੇ ਆਰਥਿਕ ਬੋਝ ਦਾ ਮੁੱਦਾ ਉਠਾਇਆ | ਪ੍ਰਰਦਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੇਨੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਜਨਤਾ ਨੂੰ ਲਗਾਤਾਰ ਗੁੰਮਰਾਹ ਕਰ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਾਜਪਾ ਨੇ ਮਹਿੰਗਾਈ ਘਟਾਉਣ ਅਤੇ ਜਨਤਾ ਨੂੰ ਰਾਹਤ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਰੋਜ਼ਾਨਾ ਲੋੜਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ | ਸੰਤੋਸ਼ ਬੇਨੀਵਾਲ ਨੇ ਕਿਹਾ ਕਿ ਸੂਬੇ ਅਤੇ ਦੇਸ਼ ਭਰ ਵਿੱਚ ਮਹਿੰਗਾਈ ਆਪਣੇ ਸਿਖਰ 'ਤੇ ਪਹੁੰਚ ਗਈ ਹੈ | ਆਮ ਆਦਮੀ ਲਈ ਆਪਣਾ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ | ਸਰਕਾਰ ਜਨਤਾ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਬਜਾਏ ਸਿਰਫ਼ ਪ੍ਰਚਾਰ ਵਿੱਚ ਰੁੱਝੀ ਹੋਈ ਹੈ | ਉਨ੍ਹਾਂ ਕਿਹਾ ਕਿ ਹਰ ਖੇਤਰ ਦੇ ਲੋਕ ਮਹਿੰਗਾਈ ਤੋਂ ਪੀੜਤ ਹਨ | ਪ੍ਰਦਰਸ਼ਨ ਦੌਰਾਨ, ਕਾਂਗਰਸ ਪਾਰਟੀ ਅੰਦਰ ਅੰਦਰੂਨੀ ਧੜੇਬੰਦੀ ਵੀ ਸਾਹਮਣੇ ਆਈ | ਸਿਰਸਾ ਜ਼ਿਲ੍ਹੇ ਦੇ ਕਈ ਸੀਨੀਅਰ ਆਗੂਆਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ ਜਿਸ ਨਾਲ ਰਾਜਨੀਤਿਕ ਬਹਿਸ ਵੀ ਛਿੜ ਗਈ ਹੈ |