ਟੋਹਾਣਾ, 22 ਮਈ (ਮਨਜੀਤ ਸਿੰਘ) - ਟੋਹਾਣਾ ਹਲਕੇ ਦੇ ਆਪਣੇ ਦੌਰੇ ਦੇ ਚੌਥੇ ਦਿਨ ਸਿਰਸਾ ਦੇ ਸੰਸਦ ਮੈਂਬਰ, ਸਾਬਕਾ ਕੇਂਦਰੀ ਮੰਤਰੀ, ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਮੈਂਬਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨੇ ਟੋਹਾਣਾ ਵਿੱਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਦਾ ਸਵਾਗਤ ਕਾਂਗਰਸ ਜ਼ਿਲ੍ਹਾ ਪ੍ਰਧਾਨ (ਕਿਸਾਨ ਸੈੱਲ) ਅਤੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਬਲਜਿੰਦਰ ਸਿੰਘ ਠਰਵੀ ਨੇ ਕੀਤਾ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਲੋਕ ਵਿਰੋਧੀ ਫ਼ੈਸਲਿਆਂ ਕਾਰਨ ਅੱਜ ਸਮਾਜ ਦਾ ਹਰ ਵਰਗ ਪ੍ਰੇਸ਼ਾਨ ਹੈ | ਨੌਜਵਾਨਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ | ਕਿਸਾਨ ਅਤੇ ਕਾਰੋਬਾਰੀ ਗੰਭੀਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਆਮ ਆਦਮੀ ਮਹਿੰਗਾਈ ਅਤੇ ਹਫੜਾ-ਦਫੜੀ ਦੇ ਬੋਝ ਹੇਠ ਦੱਬਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਭਾਵ ਹੁਣ ਆਮ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਸਿੱਧੇ ਤੌਰ 'ਤੇ ਦਿਖਾਈ ਦੇ ਰਿਹਾ ਹੈ | ਸੰਸਦ ਮੈਂਬਰ ਨੇ ਕਿਹਾ ਕਿ ਪਹਿਲਾਂ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਕੀਮਤਾਂ ਵਿੱਚ ਵਾਧੇ ਕਾਰਨ ਜਨਤਾ ਬੋਝ ਹੇਠ ਦੱਬੀ ਹੋਈ ਸੀ | ਲੋਕਾਂ ਨੂੰ ਪੈਟਰੋਲ ਪੰਪਾਂ ਅਤੇ ਗੈੱਸ ਏਜੰਸੀਆਂ ਦੇ ਬਾਹਰ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈਂਦਾ ਸੀ ਅਤੇ ਹੁਣ ਸਥਿਤੀ ਅਜਿਹੀ ਹੈ ਕਿ ਲੋਕ ਬੈਂਕਾਂ ਦੇ ਬਾਹਰ ਵੀ ਕਤਾਰਾਂ ਵਿੱਚ ਖੜ੍ਹੇ ਹਨ | ਇਸ ਮੌਕੇ ਕਾਂਗਰਸ ਪਾਰਟੀ ਦੇ ਟੋਹਾਣਾ ਹਲਕੇ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ |